01 ਅਕਤੂਬਰ, 2024 – ਸੰਗਰੂਰ : ਪੰਜਾਬ ਸਰਕਾਰ ਤੋਂ ਨਾਰਾਜ਼ ਕੰਪਿਊਟਰ ਅਧਿਆਪਕਾਂ ਨੇ ਹੁਣ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਦਿੱਤਾ ਹੈ। ਕੰਪਿਊਟਰ ਅਧਿਆਪਕ ਤਿੰਨ ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਖੇਤਰ ਧੂਰੀ ਵਿੱਚ ਰੋਸ ਮਾਰਚ ਕੱਢਣਗੇ। ਇਸ ਦੌਰਾਨ ਉਹ ਲੋਕਾਂ ਨੂੰ ਸਰਕਾਰ ਅਤੇ ‘ਆਪ’ ਦੁਆਰਾ ਕੀਤੇ ਵਾਅਦਿਆਂ ਦੀ ਹਕੀਕਤ ਤੋਂ ਜਾਣੂ ਕਰਵਾਉਣਗੇ। ਅੱਜ ਸਥਾਨਕ ਡੀਸੀ ਦਫ਼ਤਰ ਅੱਗੇ ਕੰਪਿਊਟਰ ਅਧਿਆਪਕਾਂ ਦੀ ਸੂਬਾ ਪੱਧਰੀ ਲੜੀਵਾਰ ਭੁੱਖ ਹੜਤਾਲ ਦਾ ਮਹੀਨਾ ਪੂਰਾ ਹੋ ਗਿਆ ਹੈ।
ਕੰਪਿਊਟਰ ਅਧਿਆਪਕ ਆਗੂ ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਜਵੰਤ ਕੌਰ, ਲਖਵਿੰਦਰ ਸਿੰਘ, ਗੁਰਬਖਸ਼ ਲਾਲ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ ‘ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਪੰਜਾਬ’ ਦੇ ਬੈਨਰ ਹੇਠ ਸੂਬੇ ਭਰ ਤੋਂ ਅਧਿਆਪਕ ਇਕੱਠੇ ਹੋ ਕੇ ਧੂਰੀ ਵਿੱਚ ਵਿਰੋਧ ਪ੍ਰਗਟਾਉਣਗੇ। ਇਹ ਮਾਰਚ ਮੁੱਖ ਮੰਤਰੀ ਦੇ ਖੇਤਰ ਦੇ ਲਗਪਗ ਤਿੰਨ ਦਰਜਨ ਪਿੰਡਾਂ ਵਿੱਚੋਂ ਹੁੰਦਾ ਹੋਇਆ ਸੰਗਰੂਰ ਵਿੱਚ ਚੱਲ ਰਹੀ ਭੁੱਖ ਹੜਤਾਲ ਦੇ ਸਥਾਨ ’ਤੇ ਸਮਾਪਤ ਹੋਵੇਗਾ। ਕੰਪਿਊਟਰ ਅਧਿਆਪਕਾਂ ਦਾ ਕਹਿਣਾ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਸੰਗਰੂਰ ਦੇ ਡੀਸੀ ਦਫ਼ਤਰ ਦੇ ਬਾਹਰ ਸ਼ਾਂਤੀਪੂਰਵਕ ਭੁੱਖ ਹੜਤਾਲ ਚੱਲ ਰਹੀ ਹੈ, ਪਰ ਹੁਣ ਤੱਕ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਸੁਣਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2011 ਵਿੱਚ ਤਤਕਾਲੀਨ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦੇ ਹੋਏ ਪੰਜਾਬ ਸਿਵਲ ਸਰਵਿਸਿਜ਼ ਅਧੀਨ ਸਾਰੇ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਹਾਲੇ ਤੱਕ ਬਣਦੇ ਲਾਭ ਨਹੀਂ ਦਿੱਤੇ ਗਏ।
Courtesy : Punjabi Tribune
test