16 ਸਤੰਬਰ, 2024 – ਫਗਵਾੜਾ : ਸ਼ਹਿਰ ਵਿੱਚ ਦਵਾਈਆਂ ਦੀਆਂ ਦੁਕਾਨਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਤੋਂ ਖਫ਼ਾ ਮੈਡੀਕਲ ਸਟੋਰ ਮਾਲਕਾਂ ਵੱਲੋਂ ਕੱਲ੍ਹ ਸ਼ੁਰੂ ਕੀਤੀ ਹੜਤਾਲ ਦੇ ਅੱਜ ਦੂਸਰੇ ਦਿਨ ਵੀ ਆਪਣੀਆਂ ਦੁਕਾਨਾਂ ਬੰਦ ਕਰ ਕੇ ਧਰਨਾ ਦਿੱਤਾ ਗਿਆ। ਉਨ੍ਹਾਂ ਨਾਅਰੇਬਾਜ਼ੀ ਕਰਦਿਆਂ ਦੁਕਾਨਦਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਕੈਮਿਸਟ ਐਸੋਸੀਏਸ਼ਨ ਦੇ ਚੇਅਰਮੈਨ ਵੀਪੀ ਅਰੋੜਾ, ਮੈਂਬਰ ਕ੍ਰਿਸ਼ਨ ਵਿੱਜ, ਰਸ਼ਪਾਲ, ਮੁਕੇਸ਼ ਬਾਂਸਲ ਤੇ ਤਰੁਣ ਅਗਰਵਾਲ ਆਦਿ ਨੇ ਕਿਹਾ ਕਿ ਸ਼ਹਿਰ ’ਚ ਲੁਟੇਰਿਆਂ ਵੱਲੋਂ ਕੈਮਿਸਟਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਜਿਸ ਕਾਰਨ ਦੁਕਾਨਦਾਰ ਸਹਿਮ ਦੇ ਮਾਹੌਲ ’ਚ ਹਨ। ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾ ਲੁਟੇਰਿਆਂ ਨੇ ਬਾਂਸਲ ਮੈਡੀਕਲ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਬੀਤੇ ਕੱਲ੍ਹ ਸੇਠੀ ਮੈਡੀਕਲ ਸਟੋਰ ਨੂੰ ਨਿਸ਼ਾਨਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਦੁਕਾਨਦਾਰ ਪੂਰੀ ਤਰ੍ਹਾਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਤੇ ਉਹ ਇਹ ਹੜਤਾਲ ਲਗਾਤਾਰ ਜਾਰੀ ਰੱਖਣਗੇ। ਧਰਨੇ ਵਾਲੀ ਥਾਂ ’ਤੇ ਐੱਸਐੱਚਓ ਸਿਟੀ ਜਤਿੰਦਰ ਕੁਮਾਰ, ਐੱਸਐੱਚਓ ਟਰੈਫਿਕ ਅਮਨ ਕੁਮਾਰ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਇਸ ਮਾਮਲੇ ਨੂੰ ਹੱਲ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਮਗਰੋਂ ਕੈਮਿਸਟ ਐਸੋਸੀਏਸ਼ਨ ਨੇ ਬੁੱਧਵਾਰ ਤੱਕ ਇਹ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਕੀਤਾ। ਕੈਮਿਸਟਾਂ ਨਾਲ ਹਮਦਰਦੀ ਪ੍ਰਗਟਾਉਣ ਲਈ ਮੌਕੇ ’ਤੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ‘ਆਪ’ ਆਗੂ ਜੋਗਿੰਦਰ ਸਿੰਘ ਮਾਨ, ਸਾਬਕਾ ਮੇਅਰ ਅਰੁਣ ਖੋਸਲਾ ਪੁੱਜੇ ਅਤੇ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਵੀ ਮੌਕੇ ’ਤੇ ਗੱਲਬਾਤ ਕੀਤੀ। ਅਰੋੜਾ ਨੇ ਦੱਸਿਆ ਕਿ ਬੁੱਧਵਾਰ ਨੂੰ ਐੱਸਐੱਸਪੀ ਕਪੂਰਥਲਾ ਵੱਲੋਂ ਕੈਮਿਸਟਾਂ, ਇੰਡਸਟਰੀ ਤੇ ਹੋਰ ਵਰਗਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਡੀਐੱਸਪੀ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਦਿਨਾਂ ’ਚ ਪੰਜ ਵਾਰਦਾਤਾਂ ਅਜਿਹੀਆਂ ਹੋਈਆਂ ਸਨ ਜਿਨ੍ਹਾਂ ਨੂੰ ਪੁਲੀਸ ਨੇ ਦੋ ਦਿਨਾਂ ਦੇ ਅੰਦਰ ਸੁਲਝਾ ਕੇ 15 ਵਿਅਕਤੀ ਗ੍ਰਿਫ਼ਤਾਰ ਕੀਤੇ ਸਨ। ਉਨ੍ਹਾਂ ਫਗਵਾੜਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਵਾਸੀਆਂ ਦੀ ਸੁਰੱਖਿਆ ਲਈ ਪੁਲੀਸ ਪੂਰੀ ਤਰ੍ਹਾਂ ਹਾਜ਼ਰ ਹੈ ਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
Courtesy : Punjabi Tribune
test