10 ਸਤੰਬਰ, 2024 – ਚੰਡੀਗੜ੍ਹ : ਆਪਣੀਆਂ ਮੰਗਾਂ ਮਨਵਾਉਣ ਲਈ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਡਾਕਟਰਾਂ ਦੀ ਤਿੰਨ ਰੋਜ਼ਾ ਹੜਤਾਲ ਅੱਜ ਤੋਂ ਸ਼ੁਰੂ ਹੋ ਗਈ। ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ (ਪੀਸੀਐੱਮਐੱਸਏ) ਵੱਲੋਂ ਹੜਤਾਲ ਦੇ ਦਿੱਤੇ ਗਏ ਸੱਦੇ ’ਤੇ ਡਾਕਟਰਾਂ ਨੇ ਸਵੇਰੇ 8 ਤੋਂ 11 ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖੀਆਂ। ਡਾਕਟਰਾਂ ਵੱਲੋਂ 11 ਸਤੰਬਰ ਤੱਕ ਪ੍ਰਦਰਸ਼ਨ ਕੀਤੇ ਜਾਣਗੇ। ਹੜਤਾਲ ਬਾਰੇ ਜਾਣਕਾਰੀ ਨਾ ਹੋਣ ਕਾਰਨ ਹਸਪਤਾਲਾਂ ਵਿੱਚ ਮਰੀਜ਼ਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਅਤੇ ਮਰੀਜ਼ ਖੱਜਲ-ਖੁਆਰ ਹੁੰਦੇ ਰਹੇ। ਉਂਜ ਡਾਕਟਰ ਸਵੇਰੇ 11 ਤੋਂ ਬਾਅਦ ਦੁਪਹਿਰ 2 ਵਜੇ ਤੱਕ ਓਪੀਡੀਜ਼ ਵਿੱਚ ਮਰੀਜ਼ਾਂ ਨੂੰ ਦੇਖਣਗੇ। ਪੀਸੀਐੱਮਐੱਸ ਐਸੋਸੀਏਸ਼ਨ ਦੇ ਨੁਮਾਇੰਦਿਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਚਕਾਰ ਬੁੱਧਵਾਰ ਨੂੰ ਮੀਟਿੰਗ ਤੈਅ ਕੀਤੀ ਗਈ ਹੈ।
ਡਾਕਟਰ ਆਪਣੀ ਖਾਸ ਕਰਕੇ ਮਹਿਲਾ ਡਾਕਟਰਾਂ ਦੀ ਸੁਰੱਖਿਆ ਅਤੇ ਨਿਸ਼ਚਿਤ ਕਰੀਅਰ ਪ੍ਰਗਤੀ (ਏਸੀਪੀ) ਯੋਜਨਾ ਬਹਾਲ ਕਰਨ ’ਤੇ ਜ਼ੋਰ ਦੇ ਰਹੇ ਹਨ। ਮੈਡੀਕਲ ਅਫ਼ਸਰਾਂ ਨੇ ਪਰਚੇ ਵੰਡ ਕੇ, ਬੈਨਰਾਂ ਅਤੇ ਭਾਸ਼ਣਾਂ ਰਾਹੀਂ ਲੋਕਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਸੁਰੱਖਿਆ ਦੇ ਮੁੱਦੇ ’ਤੇ ਮਹਿਲਾ ਡਾਕਟਰਾਂ ਵਿੱਚ ਕਾਫ਼ੀ ਰੋਸ ਵੇਖਣ ਨੂੰ ਮਿਲਿਆ ਕਿਉਂਕਿ ਬੀਤੇ ਦਿਨ ਵੀ ਮੁਹਾਲੀ ਜ਼ਿਲ੍ਹੇ ਵਿੱਚ ਇੱਕ ਗਰਭਵਤੀ ਡਾਕਟਰ ’ਤੇ ਡਿਊਟੀ ਦੌਰਾਨ ਹਮਲਾ ਕੀਤਾ ਗਿਆ। ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਪਹਿਲਾਂ ਐਸੋਸੀਏਸ਼ਨ ਵੱਲੋਂ ਅਣਮਿੱਥੇ ਸਮੇਂ ਲਈ ਪੂਰਨ ਤੌਰ ’ਤੇ ਹੜਤਾਲ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਕੀਤੀ ਗਈ ਅਪੀਲ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਵਾਏ ਜਾਣ ਦੇ ਵਾਅਦੇ ਮਗਰੋਂ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਧਿਆਨ ’ਚ ਰਖਦਿਆਂ ਵਿਰੋਧੀ ਸੁਰ ਥੋੜੇ ਨਰਮ ਕਰ ਲਏ ਹਨ ਅਤੇ ਉਹ ਤਿੰਨ ਦਿਨਾਂ ਲਈ ਸਿਰਫ਼ ਤਿੰਨ ਘੰਟੇ ਲਈ ਓਪੀਡੀਜ਼ ਬੰਦ ਰਖਣਗੇ।
ਉਨ੍ਹਾਂ ਕਿਹਾ ਕਿ ਜੇ ਫਿਰ ਵੀ ਸਰਕਾਰ ਨੇ ਡਾਕਟਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਹੜਤਾਲ ਦੇ ਦੂਸਰੇ ਪੜਾਅ ਵਿੱਚ 12 ਸਤੰਬਰ ਤੋਂ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਬਹਾਲ ਰੱਖੀਆਂ ਜਾਣਗੀਆਂ। ਇਸ ਮਗਰੋਂ ਜੇ ਨੌਬਤ ਆਈ ਤਾਂ 16 ਸਤੰਬਰ ਤੋਂ ਹਰ ਤਰ੍ਹਾਂ ਦੀਆਂ ਮੈਡੀਕੋ ਲੀਗਲ ਸੇਵਾਵਾਂ ਵੀ ਡਾਕਟਰ ਛੱਡਣ ਲਈ ਮਜਬੂਰ ਹੋਣਗੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡਾਕਟਰਾਂ ਦੇ ਮੰਗ ਪੱਤਰ ਮੁਤਾਬਕ ਸਮੱਸਿਆਵਾਂ ਦਾ ਜਲਦੀ ਹੱਲ ਕੱਢਿਆ ਜਾਵੇ ਤਾਂ ਜੋ ਹੜਤਾਲ ਖ਼ਤਮ ਕੀਤੀ ਜਾ ਸਕੇ ਅਤੇ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਤੋਂ ਬਚਾਇਆ ਜਾ ਸਕੇ। ਡਾਕਟਰਾਂ ਵੱਲੋਂ ਓਪੀਡੀ ਠੱਪ ਰੱਖਣ ਕਾਰਨ ਪਟਿਆਲਾ, ਹੁਸ਼ਿਆਰਪੁਰ, ਮੁਹਾਲੀ ਅਤੇ ਹੋਰ ਕਈ ਥਾਵਾਂ ’ਤੇ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕੁਝ ਲੋਕਾਂ ਨੇ ਕਿਹਾ ਕਿ ਉਹ ਪ੍ਰਾਈਵੇਟ ਹਸਪਤਾਲਾਂ ’ਚ ਇਲਾਜ ਨਹੀਂ ਕਰਵਾ ਸਕਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਡਾਕਟਰਾਂ ਦੀ ਹੜਤਾਲ ਖ਼ਤਮ ਹੋਣ ਦੀ ਉਡੀਕ ਕਰਨੀ ਪਵੇਗੀ। ਇਕ ਹੋਰ ਮਰੀਜ਼ ਨੇ ਕਿਹਾ ਕਿ ਸਰਕਾਰ ਨੂੰ ਗਰੀਬ ਮਰੀਜ਼ਾਂ ਲਈ ਲੋੜੀਂਦੇ ਪ੍ਰਬੰਧ ਕਰਨੇ ਚਾਹੀਦੇ ਸਨ ਤਾਂ ਜੋ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡਾਕਟਰਾਂ ਦੀ ਗਿਣਤੀ ਘੱਟ ਹੋਣ ਦਾ ਦਾਅਵਾ
ਪੀਸੀਐੱਮਐੱਸਏ ਨੇ ਕਿਹਾ ਕਿ ਸੂਬੇ ’ਚ ਡਾਕਟਰਾਂ ਦੀ ਗਿਣਤੀ ਸਿਰਫ਼ 2,800 ਹੈ ਜਦਕਿ ਮਨਜ਼ੂਰਸ਼ੁਦਾ ਅਹੁਦੇ 4,600 ਹਨ। ਉਨ੍ਹਾਂ ਕਿਹਾ ਕਿ ਸੈਂਕੜੇ ਮੁੱਢਲੇ ਸਿਹਤ ਕੇਂਦਰਾਂ ਅਤੇ ਕਮਿਊਨਿਟੀ ਸਿਹਤ ਕੇਂਦਰਾਂ ’ਚ ਇਕ ਵੀ ਸੁਰੱਖਿਆ ਕਰਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹੀ ਸੀ, ਜਿਸ ਕਾਰਨ ਉਹ ਹੜਤਾਲ ਕਰਨ ਲਈ ਮਜਬੂਰ ਹੋਏ ਹਨ।
Courtesy : Punjabi Tribune
test