ਫਰੀਦਕੋਟ ਦੇ ਬਰਗਾੜੀ ਕਸਬੇ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ 4 ਸਾਲ ਬਾਅਦ ਵੀ ਇਨਸਾਫ਼ ਨਾ ਮਿਲਣ ਖਿਲਾਫ਼ ਸਿੱਖ ਸੰਗਠਨ ਸੋਮਵਾਰ (14 ਅਕਤੂਬਰ) ਨੂੰ ਬਰਗਾੜੀ ਵਿੱਚ ਰੋਸ ਮੁਜ਼ਾਹਰਾ ਕਰਨ ਜਾ ਰਹੇ ਹਨ।
ਇੱਕ ਪਾਸੇ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਇਸ ਰੋਸ ਧਰਨੇ ਨੂੰ ਸਫ਼ਲ ਬਣਾਉਣ ਲਈ ਪਿੰਡਾਂ ਵਿਚ ਬੈਠਕਾਂ ਕਰ ਰਹੀ ਹੈ ਤਾਂ ਦੂਜੇ ਪਾਸੇ ਸਿਮਰਨਜੀਤ ਸਿੰਘ ਮਾਨ ਦੇ ਅਕਾਲੀ ਦਲ ਅਤੇ ਸਿੱਖ ਸੰਗਠਨਾਂ ਵਲੋਂ ਅਰਦਾਸ ਦਿਵਸ ਦੇ ਨਾਂ ਉੱਤੇ ਤਿਆਰੀਆਂ ਵਿੱਢੀਆਂ ਗਈਆਂ ਹਨ।
ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਪਾ ਕੇ ਅਕਾਲੀ ਦਲ ਤੋਂ ਇਲਾਵਾ ਸਾਰੀਆਂ ਹੀ ਸਿਆਸੀ ਤੇ ਸਿੱਖ ਜਥੇਬੰਦੀਆਂ ਨੂੰ ਬੇ-ਇਨਸਾਫੀ ਖਿਲਾਫ਼ ਇਕਜੁਟ ਹੋਣ ਦਾ ਸੱਦਾ ਦਿੱਤਾ ਹੈ।
ਉਹ ਆਪਣੇ ਵੀਡੀਓ ਵਿਚ ਸਪੋਰਟਸ ਸਟੇਡੀਅਮ ਬਰਗਾੜੀ ਵਿਚ ਪਹੁੰਚਣ ਦਾ ਸੱਦਾ ਦੇ ਰਹੇ ਹਨ।
ਮਾਨ ਦਲ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਮੀਡੀਆ ਨੂੰ ਦੱਸਿਆ ਕਿ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਸਿੱਖ ਸੰਗਤਾਂ ਬਹਿਬਲ ਕਲਾਂ ਵਿਚ ਅਰਦਾਸ ਕਰਨਗੀਆਂ।
ਮਾਨ ਦਲ ਦੇ ਪੋਸਟਰਾਂ ਮੁਤਾਬਕ ਉਹ ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਗੋਲੀਕਾਂਡ ਦੇ ਮ੍ਰਿਤਕਾਂ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਯਾਦ ਵਿਚ ‘ਸ਼ਹੀਦੀ ਸਮਾਗਮ’ ਕਰਨਗੇ।
ਫਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਨੇ ਸਿੱਖ ਸੰਗਠਨਾਂ ਵੱਲੋਂ ਬਰਗਾੜੀ ਕਾਂਡ ਦੀ ਬਰਸੀ ਮੌਕੇ ‘ਕਾਲਾ ਦਿਹਾੜਾ’ ਮਨਾਏ ਜਾਣ ਦੀ ਪੁਸ਼ਟੀ ਕੀਤੀ ਹੈ।
ਡੀਸੀ ਮੁਤਾਬਕ ਰੋਸ ਮੁਜ਼ਾਹਰੇ ਦੌਰਾਨ ਅਮਨ ਸਾਂਤੀ ਬਣਾਈ ਰੱਖਣ ਲ਼ਈ ਬਰਗਾੜੀ ਵਿਚ 500 ਅਤੇ ਕੋਟਕਪੁਰਾ ਵਿਚ 200 ਜਵਾਨ ਤਾਇਨਾਤ ਕੀਤੇ ਗਏ ਹਨ।
ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ ਦਾ ਵੇਰਵਾ
- 1 ਜੂਨ 2015: ਗੁਰੂ ਗ੍ਰੰਥ ਸਾਹਿਬ ਪਿੰਡ ਕੋਟਕਪੂਰਾ ਦੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ।
- 12 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੇ ਅੰਗ ਬਰਗਾੜੀ ਪਿੰਡ ਵਿੱਚੋਂ ਮਿਲੇ।
- 14 ਅਕਤੂਬਰ 2015: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ‘ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ। ਇਸੇ ਦਿਨ ਬਹਿਬਲ ਕਲਾਂ ਵਿਚ ਸਿੱਖਾਂ ਅਤੇ ਪੁਲਿਸ ਦੌਰਾਨ ਹੋਈ ਝੜਪ ਵਿਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ।
- 18 ਅਕਤੂਬਰ 2015: ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਅਗਵਾਈ ਵਿਚ ਐੱਸਆਈਟੀ ਦਾ ਗਠਨ। ਪੁਲਿਸ ਵੱਲੋਂ ਪੂਰਾ ਮਾਮਲਾ ਸੁਲਝਾਉਣ ਦਾ ਦਾਅਵਾ ਪਰ ਪੁਲਿਸ ਦੇ ਦਾਅਵਿਆਂ ਉੱਤੇ ਸਵਾਲ ਖੜੇ ਹੋਏ।
- 24 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਉਸ ਸਮੇਂ ਦੇ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਅਹੁਦੇ ਤੋਂ ਹਟਾਇਆ ਗਿਆ ਅਤੇ ਸੇਵਾ ਮੁਕਤ ਜਸਟਿਸ ਜੋਰਾ ਸਿੰਘ ਕਮਿਸ਼ਨ ਦਾ ਗਠਨ।
- 26 ਅਕਤੂਬਰ 2015: ਪੰਜਾਬ ਸਰਕਾਰ ਵੱਲੋਂ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ।
- 30 ਜੂਨ 2016: ਜਸਟਿਸ ਜੋਰਾ ਸਿੰਘ ਕਮਿਸ਼ਨ ਨੇ ਰਿਪੋਰਟ ਸਰਕਾਰ ਨੂੰ ਸੌਂਪੀ, ਪਰ ਕਮਿਸ਼ਨ ਦੀਆਂ ਤਜਵੀਜ਼ਾਂ ਉੱਤੇ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤ
-
- 4 ਅਪ੍ਰੈਲ 2017: ਅਮਰਿੰਦਰ ਸਿੰਘ ਸਰਕਾਰ ਨੇ ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਵਿਚ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਮਿਸ਼ਨ ਦਾ ਗਠਨ ਕੀਤਾ।
- 30 ਜੂਨ 2018: ਜਸਟਿਸ ਰਣਜੀਤ ਸਿੰਘ ਨੇ ਬੇਅਦਬੀ ਦੇ ਮਾਮਲਿਆਂ ਦੀ ਰਿਪੋਰਟ ਸਰਕਾਰ ਨੂੰ ਸੌਂਪੀ।
- 31 ਜੂਨ 2018: ਅਮਰਿੰਦਰ ਸਿੰਘ ਦੀ ਸਰਕਾਰ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਸੀਬੀਆਈ ਹਵਾਲੇ ਕੀਤੀ।
- 28 ਅਗਸਤ 2018: ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉੱਤੇ ਬਹਿਸ ਅਤੇ ਅਕਾਲੀ ਦਲ ਵੱਲੋਂ ਬਹਿਸ ਦਾ ਬਾਈਕਾਟ। ਮਾਮਲੇ ਦੀ ਜਾਂਚ ਲਈ ਸੀਬੀਆਈ ਤੋਂ ਕੇਸ ਵਾਪਸ ਲੈਣ ਲਈ ਵਿਧਾਨ ਸਭਾ ਵਿੱਚ ਮਤਾ ਪਾਸ।
- 10 ਸਤੰਬਰ 2018: ਪੰਜਾਬ ਸਰਕਾਰ ਵੱਲੋਂ ਬਹਿਬਲਾਂ ਕਲਾਂ ਅਤੇ ਕੋਟਕਪੂਰਾ ਪੁਲਿਸ ਕਾਰਵਾਈ ਦੀ ਜਾਂਚ ਲਈ ਏਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਵਿੱਚ ਐੱਸਆਈਟੀ ਦਾ ਗਠਨ।
- ਨਵੰਬਰ 2018: ਪ੍ਰਕਾਸ਼ ਸਿੰਘ ਬਾਦਲ ਨੂੰ 16 ਨਵੰਬਰ, ਸੁਖਬੀਰ ਬਾਦਲ ਨੂੰ 19 ਨਵੰਬਰ ਅਤੇ ਅਕਸ਼ੇ ਕੁਮਾਰ ਨੂੰ 21 ਨਵੰਬਰ 2018 ਨੂੰ ਐੱਸਆਈਟੀ ਨੇ ਪੁੱਛਗਿੱਛ ਲਈ ਸੱਦਿਆ ਸੀ। ਸੰਮਨ ਮੁਤਾਬਕ, ”ਬਰਗਾੜੀ ਬੇਅਦਬੀ ਮਾਮਲਾ, ਕੋਟਕਪੂਰਾ ਤੇ ਬਹਿਬਲ ਕਲਾਂ ਪੁਲਿਸ ਫਾਇਰਿੰਗ ਦੀ ਜਾਂਚ ਦੇ ਮਾਮਲੇ ਵਿੱਚ ਜਿਨ੍ਹਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਉਨ੍ਹਾਂ ਦਾ ਹਾਜ਼ਿਰ ਹੋਣਾ ਲਾਜ਼ਮੀ ਹੈ।
- 27 ਜਨਵਰੀ 2019: ਪੰਜਾਬ ਪੁਲਿਸ ਦੇ ਐੱਸਐੱਸਪੀ ਚਰਨਜੀਤ ਸਿੰਘ ਸਣੇ ਕਈ ਗ੍ਰਿਫਤਾਰੀਆਂ ਹੋਈਆਂ।
- 22 ਜੂਨ 2019: ਬਰਗਾੜੀ ਕੇਸ ਵਿਚ ਅਹਿਮ ਮੁਲਜ਼ਮ ਅਤੇ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਦੀ ਨਾਭਾ ਜੇਲ੍ਹ ਵਿਚ ਹਮਲੇ ਵਿਚ ਮੌਤ।
- 4 ਜੁਲਾਈ 2019: ਸੀਬੀਆਈ ਨੇ ਮੋਹਾਲੀ ਦੀ ਸੀਬੀਆਈ ਅਦਾਲਤ ਵਿਚ ਬਰਗਾੜੀ ਬਹਿਬਲ ਕਲਾਂ ਮਾਮਲੇ ਦੇ ਤਿੰਨ ਕੇਸਾਂ ਵਿਚ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ
- 26 ਸਤੰਬਰ 2019 : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੀਬੀਆਈ ਉੱਤੇ ਉਨ੍ਹਾਂ ਨੂੰ ਭਰੋਸਾ ਨਹੀਂ ਹੈ ਅਤੇ ਸੀਬੀਆਈ ਨੇ ਜਿੰਨ੍ਹਾਂ ਕੇਸਾਂ ਦੀ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ, ਉਸ ਦੀ ਜਾਂਚ ਵਿਸ਼ੇਸ਼ ਜਾਂਚ ਟੀਮ ਦੀ ਕਰੇਗੀ।
- Courtesy: BBC Punjabi
test