23 ਜੂਨ, 2025 – ਫਾਜ਼ਿਲਕਾ : ਬੇਰੁਜ਼ਗਾਰ ਟੈਟ ਪਾਸ ਅਧਿਆਪਕਾਂ ਵੱਲੋਂ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਵਿੱਚ ਭਰਤੀ ਅਤੇ 343 ਲੈਕਚਰਾਰਾਂ ਦੀ ਰੱਦ ਕੀਤੀ ਭਰਤੀ ਬਹਾਲ ਕਰਵਾਉਣ ਅਤੇ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰਵਾਉਣ ਲਈ ਪੰਜਾਬ ਸਰਕਾਰ ਖਿਲਾਫ਼ ਫਾਜ਼ਿਲਕਾ ਤੋਂ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਿੰਡ ਕਮਰੇ ਵਾਲਾ ਦੇ ਗੁਰਦੁਆਰਾ ਸਾਹਿਬ ਵਿਚ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਜਸਵੰਤ ਘੁਬਾਇਆ, ਨਛੱਤਰ ਸਿੰਘ ਮੋਹਨੇ ਵਾਲੇ ਝੁੱਗੇ ਅਤੇ ਮਨੀਸ਼ਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਉਨ੍ਹਾਂ ਪੱਕੀ ਭਰਤੀ ਦਾ ਐਲਾਨ ਕੀਤਾ ਪਰ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਅੱਜ ਵੀ ਪੜ੍ਹੇ ਲਿਖੇ ਨੌਜਵਾਨ ਮਜ਼ਦੂਰੀਆਂ ਕਰਨ ਲਈ ਮਜਬੂਰ ਹਨ।
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਾਰੇ ਵਿਸ਼ਿਆਂ ਦੀਆ ਵੱਡੀ ਗਿਣਤੀ ਵਿੱਚ ਪੋਸਟਾਂ ਖਾਲੀ ਹਨ। ਸਮੇਂ ਸਮੇਂ ’ਤੇ ਸਰਕਾਰਾਂ ਵੱਲੋਂ ਨਿਗੂਣੀਆਂ ਪੋਸਟਾਂ ਦੇ ਕੇ ਲਗਾਤਾਰ ਟਾਲਾ ਵੱਟਿਆ ਗਿਆ ਹੈ, ਜਿਸ ਕਰਕੇ ਵੱਡੀ ਗਿਣਤੀ ਵਿੱਚ ਬੇਰੁਜ਼ਗਾਰੀ ਪਾਈ ਜਾ ਰਹੀ ਹੈ। ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਮਾਸਟਰ ਕੇਡਰ ਤੇ ਲੈਕਚਰਾਰ ਦੇ ਸਾਰੇ ਵਿਸ਼ਿਆਂ ਦੀਆਂ ਵੱਡੀ ਗਿਣਤੀ ਵਿੱਚ ਸਾਰੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ।
ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਪੰਜਾਬ ਦੇ ਪੱਕੇ ਵਸਨੀਕ ਨੂੰ ਪਹਿਲ ਦਿੱਤੀ ਜਾਵੇ ਅਤੇ ਬਾਹਰੀ ਰਾਜਾਂ ਦਾ ਕੋਟਾ ਸੀਮਤ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਉਹ ਹੁਣ ਪੰਜਾਬ ਪੱਧਰੀ ਬੇਰੁਜ਼ਗਾਰ ਟੈਟ ਪਾਸ ਅਧਿਆਪਕਾਂ ਦੇ ਸੰਘਰਸ਼ ਦੀ ਸ਼ੁਰੂਆਤ ਸਰਹੱਦੀ ਜ਼ਿਲ੍ਹਾ ਫਾਜ਼ਿਲਕਾ ਤੋਂ ਕਰਨਗੇ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਜਾਇਜ਼ ਮੰਗ ’ਤੇ ਗੌਰ ਨਾ ਕੀਤਾ ਗਿਆ ਤਾਂ ਆਪ ਵਿਧਾਇਕਾਂ ਦਾ ਪਿੰਡ ਪਿੰਡ ਜਾ ਕੇ ਘਿਰਾਓ ਕਰਨਗੇ।
ਪੰਜਾਬੀ ਟ੍ਰਿਬਯੂਨ