ਜਾਣੋ ਕੀ ਹੈ ਮਾਮਲਾ
15 ਸਤੰਬਰ, 2023 – ਚੰਡੀਗੜ੍ਹ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਤੇ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਦੀਆਂ ਸ਼ਰੇਆਮ ਧੱਜੀਆਂ ਉਡਾ ਰਿਹਾ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ਪੰਜਵੀਂ ਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਪ੍ਰੀਖਿਆ ਪਾਸ ਦੇ ਸਰਟੀਫਿਕੇਟਾਂ ਦੇ 200 ਰੁਪਏ ਲਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਏਦਾਂ ਲੱਗਦਾ ਹੈ ਕਿ ਜਿਵੇਂ ਸਕੂਲ ਸਿੱਖਿਆ ਬੋਰਡ ਕੇਂਦਰ ਅਤੇ ਸੂਬਾ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋਵੇ। ਸਰਕਾਰੀ ਸਕੂਲਾਂ ਵਿਚ ਆਰਥਿਕ ਅਤੇ ਸਮਾਜਿਕ ਤੌਰ ’ਤੇ ਹਾਸ਼ੀਏ ’ਤੇ ਧੱਕੇ ਵਰਗ ਦੇ ਬੱਚੇ ਪੜ੍ਹਦੇ ਹਨ ਜੋ ਕਿ ਆਪਣੇ ਇਸ ਅਧਿਕਾਰ ਪ੍ਰਤੀ ਐਨੇ ਚੇਤੰਨ ਨਹੀਂ ਹਨ। ਇਸ ਤੋਂ ਇਲਾਵਾ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਤੋਂ ਵੀ ਪ੍ਰੀਖਿਆ ਫੀਸ ਅਤੇ ਲੇਟ ਫੀਸ ਦੇ ਤੌਰ ’ਤੇ ਹਜ਼ਾਰਾਂ ਰੁਪਏ ਦੀਆਂ ਮੋਟੀਆਂ ਰਾਸ਼ੀਆਂ ਵਸੂਲ ਕੇ ਗਰੀਬ ਵਿਦਿਆਰਥੀਆਂ ਦੀ ਲੁੱਟ ਕੀਤੀ ਜਾ ਰਹੀ ਹੈ।
ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਨੂੰ ਅੱਠਵੀਂ ਤੱਕ ਵਿਦਿਆਰਥੀਆਂ ਤੋਂ ਕਿਸੇ ਵੀ ਰੂਪ ਵਿਚ ਕੋਈ ਵੀ ਫੀਸ ਨਾ ਲੈਣ ਦੀ ਅਪੀਲ ਕੀਤੀ ਹੈ। ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦੀਆਂ ਫੀਸਾਂ ਵੀ ਉਸ ਵਰਗ ਦੀ ਵਿੱਤੀ ਹਾਲਤ ਦੇ ਅਨੁਸਾਰ ਹੋਣੀਆਂ ਚਾਹੀਦੀਆਂ ਹਨ ਜਿਸ ਵਰਗ ਦੇ ਬੱਚੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਹਨ। ਸਿੱਖਿਆ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਇਹ ਕੋਈ ਲਾਭ ਕਮਾਉਣ ਦਾ ਜ਼ਰੀਆ ਨਹੀਂ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਵੱਲੋਂ ਉਹਨਾਂ ਦੀ ਮੰਗ ਵੱਲ ਬਣਦਾ ਧਿਆਨ ਨਾ ਦਿੱਤਾ ਗਿਆ ਤਾਂ ਉਹ ਅਗਲਾ ਜਥੇਬੰਦਕ ਪ੍ਰੋਗਰਾਮ ਉਲੀਕਣਗੇ।
Courtesy : Punjabi Jagran
test