23 ਸਤੰਬਰ, 2024 – ਹੁਸ਼ਿਆਰਪੁਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹੁਸ਼ਿਆਰਪੁਰ ਕੁਦਰਤੀ ਸਰੋਤਾਂ ਦੀ ਸਹੀ ਵਰਤੋਂ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜਨ ਸਬੰਧੀ ਵਾਤਾਵਰਣ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ ਕਈ ਅਗਾਂਹਵਧੂ ਕਿਸਾਨਾਂ ਨੇ ਇਨ੍ਹਾਂ ਤਕਨੀਕਾਂ ਨੂੰ ਅਪਣਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਹੈ ਪਿੰਡ ਤਲਵੰਡੀ ਦਾ ਅਗਾਂਹਵਧੂ ਕਿਸਾਨ ਅਮਰੀਕ ਸਿੰਘ।
ਅਮਰੀਕ ਸਿੰਘ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਸੁਪਰ ਸੀਡਰ ਤਕਨੀਕ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਉਣ ਦਾ ਤਰੀਕਾ ਅਪਣਾਇਆ ਹੈ। ਉਹ ਅਤੇ ਉਸਦਾ ਭਰਾ ਹਰਜੀਤ ਸਿੰਘ ਟੋਨੀ ਨਾਲ ਮਿਲ ਕੇ ਕੁੱਲ 87 ਏਕੜ ਵਿੱਚ ਕਣਕ ਅਤੇ ਝੋਨੇ ਦੀ ਖੇਤੀ ਕਰਦੇ ਹਨ।ਪਿਛਲੇ ਤਿੰਨ ਸਾਲਾਂ ਤੋਂ ਉਹ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰ ਰਹੇ ਹਨ।
ਅਮਰੀਕ ਸਿੰਘ ਦੱਸਦੇ ਹਨ ਕਿ ਉਨ੍ਹਾਂ ਨੇ ਕਦੇ ਵੀ ਪਰਾਲੀ ਨਹੀਂ ਸਾੜੀ ਅਤੇ ਉਸ ਨੂੰ ਦੇਖ ਕੇ ਹੌਲੀ-ਹੌਲੀ ਦੂਜੇ ਕਿਸਾਨਾਂ ਨੇ ਵੀ ਸੁਪਰ ਸੀਡਰ ਦੀ ਵਰਤੋਂ ਕਰਕੇ ਪਰਾਲੀ ਦਾ ਪ੍ਰਬੰਧਨ ਕਰਨਾ ਸ਼ੁਰੂ ਕਰ ਦਿੱਤਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖੇਤਾਂ ਵਿੱਚ ਪਰਾਲੀ ਨੂੰ ਮਿਲਾਉਣ ਨਾਲ ਉਨ੍ਹਾਂ ਦੀ ਜ਼ਮੀਨ ਦੀ ਉਪਜਾਊ ਸ਼ਕਤੀ ਵਧੀ ਹੈ ਅਤੇ ਉਨ੍ਹਾਂ ਨੂੰ ਸਿਫ਼ਾਰਸ਼ ਤੋਂ ਵੱਧ ਖਾਦ ਪਾਉਣ ਦੀ ਲੋੜ ਨਹੀਂ ਹੈ, ਜਿਸ ਨਾਲ ਉਨ੍ਹਾਂ ਦੇ ਖਰਚੇ ਵੀ ਘਟੇ ਹਨ ਅਤੇ ਉਨ੍ਹਾਂ ਦੀ ਸ਼ੁੱਧ ਆਮਦਨ ਵਿੱਚ ਵੀ ਵਾਧਾ ਹੋਇਆ ਹੈ।ਅਮਰੀਕ ਸਿੰਘ ਨੂੰ ਸਾਲ 2023 ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਹੈ।
Courtesy : BabuShahi.Com
test