ਚੋਣ ਡਿਊਟੀ ਦੌਰਾਨ ਜਾਨ ਗਵਾਉਣ ਤੇ ਜ਼ਖ਼ਮੀ ਅਧਿਆਪਕਾਂ ਲਈ ਇਨਸਾਫ਼ ਮੰਗਿਆ
18 ਦਸੰਬਰ, 2025 – ਚੰਡੀਗੜ੍ਹ : ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਅਧਿਆਪਕ ਜੋੜੇ ਅਤੇ ਵੱਖ-ਵੱਖ ਥਾਈਂ ਹੋਏ ਹਾਦਸਿਆਂ ’ਚ ਜ਼ਖ਼ਮੀ ਹੋਏ ਅਧਿਆਪਕਾਂ ਨੂੰ ਇਨਸਾਫ਼ ਦਿਵਾਉਣ ਲਈ ਸਮੂਹ ਅਧਿਆਪਕ ਜਥੇਬੰਦੀਆਂ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਧਰਨੇ ਦਿੱਤੇ। ਇਨ੍ਹਾਂ ਵਿੱਚ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਸ ਦੇ ਨਾਲ਼ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਮੰਗ ਪੱਤਰ ਵੀ ਭੇਜੇ ਗਏ।
ਇਸ ਸਬੰਧੀ ਸੂਬਾਈ ਅਧਿਆਪਕ ਆਗੂਆਂ ਵਿਕਰਮ ਦੇਵ ਸਿੰਘ, ਦਿਗਵਿਜੈ ਪਾਲ ਸ਼ਰਮਾ, ਸੁਖਵਿੰਦਰ ਸਿੰਘ ਚਾਹਲ, ਨਵਪ੍ਰੀਤ ਬੱਲੀ, ਬਲਜਿੰਦਰ ਸਿੰਘ ਧਾਲੀਵਾਲ, ਹਰਜਿੰਦਰ ਪਾਲ ਪੰਨੂ, ਸੁਰਿੰਦਰ ਪੁਆਰੀ, ਲਛਮਣ ਸਿੰਘ ਨਬੀਪੁਰ, ਪ੍ਰਗਟਜੀਤ ਕਿਸ਼ਨਪੁਰਾ, ਦੀਪਕ ਕੰਬੋਜ, ਹਰਜੰਟ ਸਿੰਘ, ਹਰਜਿੰਦਰ ਸਿੰਘ, ਪਤਵੰਤ ਸਿੰਘ, ਸੰਦੀਪ ਗਿੱਲ, ਗੁਰਮੇਲ ਕੁਲਰੀਆਂ, ਗੁਰਵਿੰਦਰ ਤਰਨ ਤਾਰਨ, ਜੋਨੀ ਸਿੰਗਲਾ, ਵੀਰਪਾਲ ਕੌਰ ਸਿਧਾਣਾ ਅਤੇ ਹੋਰਾਂ ਨੇ ਮੰਗ ਕੀਤੀ ਕਿ ਸਦੀਵੀਂ ਵਿਛੋੜਾ ਦੇ ਗਏ ਅਧਿਆਪਕ ਸਾਥੀਆਂ ਜਸਕਰਨ ਸਿੰਘ ਅਤੇ ਕਮਲਜੀਤ ਕੌਰ ਦੀ ਮੌਤ ’ਤੇ 2-2 ਕਰੋੜ ਰੁਪਏ ਦਾ ਮੁਆਵਜ਼ਾ ਉਨ੍ਹਾਂ ਦੇ ਬੱਚਿਆਂ ਦੇ ਨਾਂ ’ਤੇ ਤੁਰੰਤ ਜਾਰੀ ਕੀਤਾ ਜਾਵੇ।
ਇਸੇ ਤਰ੍ਹਾਂ ਬਲਾਕ ਮੂਣਕ ਜ਼ਿਲ੍ਹਾ ਸੰਗਰੂਰ, ਬਲਾਕ ਪਾਤੜਾਂ ਜ਼ਿਲ੍ਹਾ ਪਟਿਆਲਾ ਅਤੇ ਹੋਰ ਥਾਈਂ ਜ਼ਖ਼ਮੀ ਹੋਏ ਅਧਿਆਪਕਾਂ ਲਈ 20-20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਇਲਾਜ ਦੀ ਜ਼ਿੰਮੇਵਾਰੀ ਸਰਕਾਰ ਵੱਲੋਂ ਲੈਣ ਦੇ ਨਾਲ-ਨਾਲ ਤੰਦਰੁਸਤ ਹੋਣ ਤੱਕ ਆਨ ਡਿਊਟੀ ਮੰਨਿਆ ਜਾਵੇ। ਐਸੋਸੀਏਟ ਅਧਿਆਪਕਾ ਰਾਜਵੀਰ ਕੌਰ ਤੇ ਉਸ ਦੇ ਪਤੀ ਦਾ ਇਲਾਜ ਸਰਕਾਰੀ ਖ਼ਰਚੇ ’ਤੇ ਕਰਵਾਇਆ ਜਾਵੇ।
ਪੰਜਾਬੀ ਟ੍ਰਿਬਯੂਨ