ਆਨੰਦਪੁਰ ਸਾਹਿਬ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਤਿਆਰ ਕੀਤਾ ਉੱਚ ਪੱਧਰੀ ਵਿਕਾਸ ਪ੍ਰਾਜੈਕਟ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਸਿਆਸੀ ਟਕਰਾਅ ਦਾ ਮੁੱਦਾ ਬਣ ਗਿਆ ਹੈ।
07 ਜਨਵਰੀ, 2026 – ਰੋਪੜ : ਆਨੰਦਪੁਰ ਸਾਹਿਬ ਵਿੱਚ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਤਿਆਰ ਕੀਤਾ ਉੱਚ ਪੱਧਰੀ ਵਿਕਾਸ ਪ੍ਰਾਜੈਕਟ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਸਿਆਸੀ ਟਕਰਾਅ ਦਾ ਮੁੱਦਾ ਬਣ ਗਿਆ ਹੈ। ਇਸ ਪ੍ਰਾਜੈਕਟ ਤਹਿਤ ਕੌਮੀ ਸ਼ਾਹਰਾਹ-503 ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਸਫੇਦ ਸੰਗਮਰਮਰ ਦਾ ਗਲਿਆਰਾ ਉਸਾਰਿਆ ਜਾਣਾ ਹੈ, ਜਿਸ ਦਾ ਕੰਮ ਰੁਕਿਆ ਪਿਆ ਹੈ।
ਅਧੂਰੇ ਕੰਮ ਕਾਰਨ ਆਵਾਜਾਈ ਦੀ ਸਮੱਸਿਆ ਪੈਦਾ ਹੋ ਗਈ ਹੈ। ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਸੈਰ ਸਪਾਟਾ ਵਿਭਾਗ ਦੇ ਕੰਟਰੈਕਟਰ ਨੂੰ ਕੰਮ ਰੋਕਣ ਲਈ ਮਜਬੂਰ ਕਰ ਦਿੱਤਾ। ਸਰਕਾਰ ਇਸ ਮਾਮਲੇ ਵਿੱਚ ਸਿੱਧਾ ਦਖ਼ਲ ਦੇਣ ਦੇ ਰੌਂਅ ਵਿੱਚ ਨਹੀਂ ਜਾਪਦੀ। ਸੂਤਰਾਂ ਅਨੁਸਾਰ ਸਰਕਾਰ ਅਸਿੱਧੇ ਤਰੀਕੇ ਨਾਲ ਇਹ ਕੰਮ ਨੇਪਰੇ ਚਾੜ੍ਹਨ ਦੇ ਰਾਹ ਤਲਾਸ਼ ਰਹੀ ਹੈ। ਉਹ ਜਮੂਦ ਤੋੜਨ ਲਈ ਕਾਰ ਸੇਵਾ ਵਾਲੇ ਬਾਬਿਆਂ ਅਤੇ ਨਿਹੰਗ ਸਿੰਘਾਂ ਦਾ ਸਮਰਥਨ ਚਾਹੁੰਦੀ ਹੈ।
ਸੈਰ ਸਪਾਟਾ ਵਿਭਾਗ ਦੇ ਕੁਝ ਅਧਿਕਾਰੀਆਂ ਅਨੁਸਾਰ ਇਹ ਪ੍ਰਾਜੈਕਟ ਮਾਰਚ ਵਿੱਚ ਹੋਲਾ ਮਹੱਲਾ ਸਮਾਗਮ ਬਾਅਦ ਸ਼ੁਰੂ ਹੋ ਸਕਦਾ ਹੈ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਪ੍ਰਾਜੈਕਟ ਨਾਲ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਹੋਵੇਗੀ। ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਹਾਲ ਹੀ ਵਿੱਚ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਇਸ ਨਾਲ ਤਖ਼ਤ ਨੂੰ ਦੇਖਣ ਵਿੱਚ ਰੁਕਾਵਟ ਪੈ ਸਕਦੀ ਹੈ।ਇਸ ਪ੍ਰਾਜੈਕਟ ਲਈ ਸਰਕਾਰ ਨੇ 25 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਵਿਵਾਦ ’’ਤੇ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਵਿੱਤਰ ਸ਼ਹਿਰ ਲਈ ਫੰਡ ਮੁਹੱਈਆ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ।
ਪੰਜਾਬੀ ਟ੍ਰਿਬਯੂਨ