ਜਲੰਧਰ ਤੋਂ ਵਾਰਾਣਸੀ ਤੱਕ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
19 ਨਵੰਬਰ, 2026 – ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਨਿਤਿਨ ਨਬੀਨ ਨੇ ਅੱਜ ਨਸ਼ਿਆਂ ਅਤੇ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਦੇ ਰਾਖੇ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਿਰਫ਼ ਆਪਣੇ ਫਾਇਦੇ ਲਈ ਨਸ਼ਾ ਵਿਰੋਧੀ ਮੁਹਿੰਮਾਂ ਚਲਾਉਣ ਦੀ ਗੱਲ ਕਰਦੀ ਹੈ। ਉਹ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਜਪਾ ਦੀ 16 ਦਿਨਾ ‘ਸਮਰਸਤਾ ਸੰਕਲਪ ਯਾਤਰਾ’ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਜਲੰਧਰ-ਪਠਾਨਕੋਟ ਮਾਰਗ ’ਤੇ ਡੇਰਾ ਸੱਚਖੰਡ ਬੱਲਾਂ ਨਾਲ ਲੱਗਦੇ ਪਿੰਡ ਰਾਏਪੁਰ-ਰਸੂਲਪੁਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਹ ਯਾਤਰਾ 18 ਨਵੰਬਰ ਤੋਂ 3 ਦਸੰਬਰ ਤੱਕ ਚੱਲੇਗੀ, ਜੋ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਸਣੇ ਸੱਤ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 2,402 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ ਅਤੇ ਗੁਰੂ ਰਵਿਦਾਸ ਦੇ ਜਨਮ ਸਥਾਨ ਵਾਰਾਣਸੀ ਵਿੱਚ ਜਾ ਕੇ ਸਮਾਪਤ ਹੋਵੇਗੀ। ਯਾਤਰਾ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ, ਨਬੀਨ ਨੇ ਡੇਰਾ ਸੱਚਖੰਡ ਬੱਲਾਂ ਵਿੱਚ ਮੱਥਾ ਟੇਕਿਆ ਅਤੇ ਸੰਤ ਨਿਰੰਜਨ ਦਾਸ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।
ਭਾਜਪਾ ਪ੍ਰਧਾਨ ਨੇ ਕਿਹਾ, ‘‘ਆਮ ਆਦਮੀ ਪਾਰਟੀ ਸਿਰਫ਼ ਆਪਣੇ ਸਿਆਸੀ ਟੀਚਿਆਂ ਲਈ ਨਸ਼ਾ ਵਿਰੋਧੀ ਮੁਹਿੰਮਾਂ ਚਲਾ ਰਹੀ ਹੈ।’’ ਸੂਬੇ ਵਿੱਚ ਕਾਨੂੰਨ ਵਿਵਸਥਾ ਬਾਰੇ ਭਾਜਪਾ ਪ੍ਰਧਾਨ ਨੇ ਕਿਹਾ, ‘‘ਅਸੀਂ ਦੇਖਿਆ ਹੈ ਕਿ ਕਿਵੇਂ ਪੁਲੀਸ ਥਾਣਿਆਂ ’ਤੇ ਹਮਲੇ ਹੋਏ ਹਨ, ਜਿਹੜੇ ਲੋਕ ਦੂਜਿਆਂ ਦੀ ਰਾਖੀ ਕਰਨ ਲਈ ਹਨ, ਉਹ ਖੁਦ ਸੁਰੱਖਿਅਤ ਨਹੀਂ ਹਨ।’’ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਦੀ ਨੌਜਵਾਨੀ ਨਸ਼ਿਆਂ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੀ ਹੈ, ਜਿਸ ਕਾਰਨ ਨੌਜਵਾਨਾਂ ਨੂੰ ਮਜਬੂਰੀਵੱਸ ਪਰਵਾਸ ਕਰਨਾ ਪੈ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਕਿਹੜੇ ਨੌਜਵਾਨ ਹਨ, ਜਿਨ੍ਹਾਂ ਨੂੰ ਸਰਕਾਰ ਕਰੋੜਪਤੀ ਬਣਾਉਣਾ ਚਾਹੁੰਦੀ ਹੈ? ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਵਰ੍ਹਦਿਆਂ ਕਿਹਾ ਕਿ ਉਹ ਦੇਸ਼ ਵਿੱਚ ਸਿਰਫ਼ ਬਦਅਮਨੀ ਫੈਲਾਉਣਾ ਚਾਹੁੰਦੇ ਹਨ। ਭਾਜਪਾ ਪ੍ਰਧਾਨ ਨੇ ਕਿਹਾ ਕਿ ‘ਵਿਕਸਿਤ ਭਾਰਤ’ ਤੋਂ ਪਹਿਲਾਂ ‘ਵਿਕਸਿਤ ਪੰਜਾਬ’ ਦਾ ਹੋਣਾ ਬੇਹੱਦ ਜ਼ਰੂਰੀ ਹੈ, ਜਿਸ ਲਈ ਉਨ੍ਹਾਂ ਲੋਕਾਂ ਕੋਲੋਂ ਭਰਪੂਰ ਸਹਿਯੋਗ ਦੀ ਅਪੀਲ ਕੀਤੀ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਵੋਟਰਾਂ ਨੇ ਸੂਬੇ ਵਿੱਚ ‘ਤਬਦੀਲੀ’ ਲਿਆਉਣ ਲਈ ‘ਆਪ’ ਨੂੰ ਸੱਤਾ ਸੌਂਪੀ ਸੀ ਪਰ ਸਕਾਰਾਤਮਕ ਤਬਦੀਲੀ ਸਿਰਫ਼ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲਈ ਹੀ ਆਈ ਹੈ। ਇਹ ਯਾਤਰਾ ਸਮਾਜ ਦੇ ਹਰ ਵਰਗ ਨੂੰ ਆਪਸ ਵਿੱਚ ਜੋੜਨ ਵਿੱਚ ਸਫਲ ਹੋਵੇਗੀ ਕਿਉਂਕਿ ਇਸ ਦੀ ਸ਼ੁਰੂਆਤ ਗੁਰੂਆਂ ਦੀ ਧਰਤੀ ਤੋਂ ਹੋ ਰਹੀ ਹੈ। ਯਾਤਰਾ ਨੂੰ ਝੰਡੀ ਦਿਖਾਉਣ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਪਾਰਟੀ ਦੇ ਸੀਨੀਅਰ ਆਗੂ ਇਕਬਾਲ ਸਿੰਘ ਲਾਲਪੁਰਾ, ਸਤੀਸ਼ ਪੂਨੀਆ, ਤਰੁਨ ਚੁੱਘ, ਮਨਪ੍ਰੀਤ ਸਿੰਘ ਬਾਦਲ, ਸੁਨੀਲ ਜਾਖੜ ਅਤੇ ਮਨੋਰੰਜਨ ਕਾਲੀਆ ਵੀ ਮੌਜੂਦ ਸਨ।
ਪੰਜਾਬੀ ਟ੍ਰਿਬਯੂਨ