02 ਅਪਰੈਲ, 2025 – ਖੰਨਾ : ਪੰਜਾਬ ਵਿੱਚ ਪਹਿਲੀ ਅਪਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ ਕਿਉਂਕਿ ਮੌਸਮ ਵਿੱਚ ਨਮੀ ਹੋਣ ਕਾਰਨ ਕਣਕ ਦੀ ਕਟਾਈ ਸ਼ੁਰੂ ਨਹੀਂ ਹੋ ਸਕੀ। ਦੂਜੇ ਪਾਸੇ, ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਮੰਡੀਆਂ ਵਿੱਚ ਖ਼ਰੀਦ ਪ੍ਰਬੰਧ ਪੂਰੇ ਕਰ ਲਏ ਗਏ ਹਨ ਪਰ ਫ਼ਸਲ ਦੀ ਆਮਦ ਨਾ ਹੋਣ ਕਾਰਨ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਸੁੰਨਸਾਨ ਪਈ ਹੈ।
ਆੜ੍ਹਤੀਏ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਫ਼ਸਲ ਦੀ ਉਡੀਕ ਕਰ ਰਹੇ ਹਨ। ਖੰਨਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਜਿਵੇਂ ਹੀ ਫ਼ਸਲ ਮੰਡੀ ਵਿੱਚ ਆਵੇਗੀ, ਇਸ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਖ਼ਰੀਦ ਲਿਆ ਜਾਵੇਗਾ। ਕਿਸਾਨਾਂ ਦੇ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ ਭੁਗਤਾਨ ਕਰ ਦਿੱਤਾ ਜਾਵੇਗਾ। ਫ਼ਸਲ ਨੂੰ 72 ਘੰਟਿਆਂ ਦੇ ਅੰਦਰ ਮੰਡੀ ਵਿੱਚੋਂ ਚੁੱਕਿਆ ਜਾਵੇਗਾ। ਪ੍ਰਧਾਨ ਰੋਸ਼ਾ ਨੇ ਕਿਹਾ ਕਿ ਇਸ ਵਾਰ ਅਨੁਕੂਲ ਮੌਸਮ ਕਾਰਨ ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਦੀ ਗੁਣਵੱਤਾ ਦਰਸਾਉਂਦੀ ਹੈ ਕਿ ਅਨਾਜ ਬਹੁਤ ਵਧੀਆ ਹੋਵੇਗਾ ਅਤੇ ਝਾੜ ਵੀ ਦੋ ਤੋਂ ਤਿੰਨ ਕੁਇੰਟਲ ਪ੍ਰਤੀ ਏਕੜ ਵਧੇਗਾ।
ਮੰਡੀ ਵਿੱਚ ਮੌਜੂਦ ਕਿਸਾਨਾਂ ਨੇ ਵੀ ਕਿਹਾ ਕਿ ਹਾਲੇ ਕਣਕ ਦੀ ਫ਼ਸਲ ਮੰਡੀਆਂ ਵਿੱਚ ਆਉਣ ਨੂੰ ਇੱਕ ਹਫ਼ਤੇ ਦਾ ਸਮਾਂ ਹੋਰ ਲੱਗ ਸਕਦਾ ਹੈ। ਦੂਜੇ ਪਾਸੇ, ਮਾਰਕੀਟ ਕਮੇਟੀ ਦੇ ਸਕੱਤਰ ਕਮਲਦੀਪ ਸਿੰਘ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਫ਼ਸਲਾਂ ਨੂੰ ਸੁਕਾ ਕੇ ਹੀ ਮੰਡੀ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸਕੱਤਰ ਨੇ ਦੱਸਿਆ ਕਿ ਇਸ ਵਾਰ ਕਣਕ ਦਾ ਸਰਕਾਰੀ ਭਾਅ 2425 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ। ਇਸ ਤੋਂ ਘੱਟ ਭਾਅ ’ਤੇ ਫ਼ਸਲ ਨਹੀਂ ਖ਼ਰੀਦੀ ਜਾਵੇਗੀ।
ਪੰਜਾਬੀ ਟ੍ਰਿਬਯੂਨ
test