01 ਅਪਰੈਲ, 2025 – ਚੰਡੀਗੜ੍ਹ : ਪੰਜਾਬ ਪੁਲੀਸ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ’ਤੇ 13 ਮਹੀਨਿਆਂ ਤੋਂ ਸ਼ਾਂਤਮਈ ਢੰਗ ਨਾਲ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਵਿਰੁੱਧ ਕੀਤੀ ਕਾਰਵਾਈ ਤੋਂ ਨਾਰਾਜ਼ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਅੱਜ ਪੰਜਾਬ ਭਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿੱਚ ਸਥਿਤ ਰਿਹਾਇਸ਼ ਸਣੇ ਸਾਰੇ ਵਜ਼ੀਰਾਂ ਤੇ ਵਿਧਾਇਕਾਂ ਦੀ ਰਿਹਾਇਸ਼ ਅੱਗੇ ਮੁਜ਼ਾਹਰੇ ਕੀਤੇ ਗਏ। ਕਿਸਾਨਾਂ ਨੇ 17 ਜ਼ਿਲ੍ਹਿਆਂ ਵਿੱਚ ਢਾਈ ਦਰਜਨ ਦੇ ਕਰੀਬ ਥਾਵਾਂ ’ਤੇ ਪ੍ਰਦਰਸ਼ਨ ਕੀਤੇ। ਇਨ੍ਹਾਂ ਵਿੱਚ ਕਿਸਾਨਾਂ-ਮਜ਼ਦੂਰਾਂ, ਨੌਜਵਾਨਾਂ, ਬਜ਼ੁਰਗਾਂ ਤੇ ਬੀਬੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਨੇ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ। ਪੰਜਾਬ ਵਿੱਚ ਕੁਝ ਥਾਵਾਂ ’ਤੇ ਹੋਰ ਪੁਲੀਸ ’ਤੇ ਕਿਸਾਨਾਂ ਵਿਚਕਾਰ ਤਕਰਾਰ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰ ਤੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਦੇੜਨ ਤੋਂ ਬਾਅਦ ਮੁੜ ਪੰਜਾਬ ਦੇ ਲੋਕ ਉਸ ਤਸ਼ੱਦਦ ਖ਼ਿਲਾਫ਼ ਉੱਠ ਖੜ੍ਹੇ ਹੋਏ ਹਨ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ, ਕਿਸਾਨ-ਮਜ਼ਦੂਰ ਦੀ ਕਰਜ਼ਾ ਮੁਕਤੀ, ਮਨਰੇਗਾ ਤਹਿਤ ਵੱਧ ਰੁਜ਼ਗਾਰ ਦੀ ਮੰਗ ਸਣੇ 12 ਮੰਗਾਂ ਨੂੰ ਜਲਦ ਮੰਨਿਆ ਜਾਵੇ। ਸ਼ੰਭੂ ਤੇ ਖਨੌਰੀ ਬਾਰਡਰ ਤੋਂ ਮੋਰਚੇ ਖਦੇੜਨ ਮੌਕੇ ਕਿਸਾਨਾਂ ਦੇ ਹੋਏ ਮਾਲੀ ਨੁਕਸਾਨ ਦੀ ਭਰਭਾਈ ਪੰਜਾਬ ਸਰਕਾਰ ਕਰੇ ਅਤੇ ਕਿਸਾਨਾਂ ਦਾ ਸਾਮਾਨ ਚੋਰੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਨਾਲ ਕੁੱਟਮਾਰ ਕਰਨ ਵਾਲੇ ਥਾਣਾ ਸ਼ੰਭੂ ਦੇ ਐੱਸਐੱਚਓ ਹਰਪ੍ਰੀਤ ਸਿੰਘ ਨੂੰ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਸੰਘਰਸ਼ ਦੇ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਕਿਸਾਨਾਂ ਨੇ ਟੌਲ ਟੈਕਸ ਦਰਾਂ ’ਚ ਕੀਤੇ ਵਾਧੇ ਦੀ ਨਿਖੇਧੀ ਕੀਤੀ।
ਇਸ ਮੌਕੇ ਬਲਦੇਵ ਸਿੰਘ ਜੀਰਾ, ਅਮਰਜੀਤ ਸਿੰਘ ਰੜਾ, ਜਸਵਿੰਦਰ ਸਿੰਘ ਲੌਂਗੋਵਾਲ, ਸੁਖਦੇਵ ਸਿੰਘ ਭੋਜਰਾਜ, ਮਨਜੀਤ ਸਿੰਘ ਰਾਏ, ਸੁਖਜੀਤ ਸਿੰਘ ਹਰਦੋਝੰਡੇ, ਮਲਕੀਤ ਸਿੰਘ ਗ਼ੁਲਾਮੀਵਾਲਾ ਹਾਜ਼ਰ ਰਹੇ।
ਘਰ ਅੱਗੇ ਲਾਏ ਕਿਸਾਨਾਂ ਦੇ ਧਰਨੇ ’ਚ ਜਾ ਕੇ ਬੈਠੇ ਸੰਧਵਾਂ
ਕੋਟਕਪੂਰਾ (ਬਲਵਿੰਦਰ ਸਿੰਘ ਹਾਲੀ): ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਸਥਿਤ ਉਨ੍ਹਾਂ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਇਸ ਸਮੇਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ 12 ਮੰਗਾਂ ਵਾਲਾ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਪੁੱਜੇ ਕੁਲਤਾਰ ਸਿੰਘ ਸੰਧਵਾਂ ਵੀ ਧਰਨੇ ਵਿੱਚ ਹੀ ਬੈਠ ਗਏ। ਕਿਸਾਨ ਆਗੂ ਲਾਲ ਸਿੰਘ ਗੋਲੇਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਟਰਾਲੀ ਚੋਰਾਂ ’ਚ ‘ਆਪ’ ਦੇ ਆਗੂ ਤੇ ਕੁਝ ਪੁਲੀਸ ਮੁਲਾਜ਼ਮਾਂ ਦੇ ਨਾਮ ਵੀ ਸਾਹਮਣੇ ਆ ਗਏ ਹਨ। ਇਸ ਮਗਰੋਂ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਸ੍ਰੀ ਸੰਧਵਾਂ ਨੇ ਕਿਹਾ ਕਿ ਉਹ ਖ਼ੁਦ ਕਿਸਾਨ ਦੇ ਪੁੱਤ ਹਨ। ਉਹ ਹਮੇਸ਼ਾਂ ਕਿਸਾਨਾਂ ਦੇ ਵਕੀਲ ਬਣ ਕੇ ਸਰਕਾਰਾਂ ਨਾਲ ਗੱਲਬਾਤ ਕਰਦੇ ਰਹੇ ਹਨ ਤੇ ਹੁਣ ਵੀ ਕਰਨਗੇ।
ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਕਿਸਾਨ
ਸੰਗਰੂਰ (ਗੁਰਦੀਪ ਸਿੰਘ ਲਾਲੀ): ਕਿਸਾਨ-ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੇ ਸੱਦੇ ’ਤੇ ਅੱਜ ਬੀਕੇਯੂ (ਏਕਤਾ) ਆਜ਼ਾਦ ਦੀ ਅਗਵਾਈ ਹੇਠ ਵੱਡੀ ਤਾਦਾਦ ’ਚ ਕਿਸਾਨਾਂ ਤੇ ਕਿਸਾਨ ਬੀਬੀਆਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਗਿਆ। ਧਰਨੇ ’ਚ ਬੀਕੇਯੂ ਏਕਤਾ (ਉਗਰਾਹਾਂ) ਵੀ ਸ਼ਾਮਲ ਹੋਈ। ਧਰਨੇ ਦੇ ਮੱਦੇਨਜ਼ਰ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ’ਤੇ ਵੱਡੀ ਤਾਦਾਦ ’ਚ ਪੁਲੀਸ ਤਾਇਨਾਤ ਸੀ। ਅੱਜ ਬੀਕੇਯੂ (ਏਕਤਾ) ਆਜ਼ਾਦ ਦੇ ਸੂਬਾਈ ਆਗੂਆਂ ਦਿਲਬਾਗ ਸਿੰਘ ਹਰੀਗੜ੍ਹ ਤੇ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਕਿਸਾਨਾਂ ਦੇ ਨੁਕਸਾਨ ਦੀ ਸਰਕਾਰ ਪੂਰਤੀ ਕਰੇ, ਥਾਣਾ ਸ਼ੰਭੂ ਦੇ ਮੁਖੀ ਸਣੇ ਮੋਰਚਿਆਂ ਤੋਂ ਕਥਿਤ ਲੁੱਟ ਦੇ ਦੋਸ਼ ਹੇਠ ਹਲਕਾ ਘਨੌਰ ਦੇ ਵਿਧਾਇਕ ਨੂੰ ਬਰਖ਼ਾਸਤ ਕੀਤਾ ਜਾਵੇ, ਮੋਰਚਿਆਂ ਨੂੰ ਲੁੱਟਣ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤੇ ਜਾਣ।
ਪੰਜਾਬੀ ਟ੍ਰਿਬਯੂਨ
test