ਮੋਰਚੇ ਨੂੰ ਅਣਗੌਲਿਆ ਕਰਨ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਐਲਾਨ
08 ਜਨਵਰੀ, 2026 – ਚੰਡੀਗੜ੍ਹ : ਪੰਜਾਬ ਸਰਕਾਰ ਕਿਸਾਨ ਮਜ਼ਦੂਰ ਮੋਰਚੇ ਨੂੰ ਮੀਟਿੰਗ ਲਈ ਸਮਾਂ ਦੇ ਕੇ ਭੁੱਲ ਗਈ। ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਬਾਰੇ ਮੋਰਚਾ ਅਤੇ ਸਰਕਾਰ ਵਿਚਕਾਰ ਅੱਜ ਦੁਪਹਿਰ ਮੀਟਿੰਗ ਹੋਣੀ ਸੀ। ਸਰਕਾਰ ਦੀ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਬੇਰੁਖ਼ੀ ਕਾਰਨ ਮੋਰਚਾ ਨਾਰਾਜ਼ ਹੋ ਗਿਆ, ਜਿਸ ਕਾਰਨ ਸੂਬਾ ਸਰਕਾਰ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਤੇ ਜਲਦ ਹੀ ਸੰਘਰਸ਼ ਦੀ ਅਗਲੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ।
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮੋਰਚੇ ਨੂੰ ਅੱਜ ਤੀਜੀ ਵਾਰ ਮੀਟਿੰਗ ਲਈ ਸਮਾਂ ਦਿੱਤਾ ਸੀ ਪਰ ਸਰਕਾਰ ਮੋਰਚਾ ਨੂੰ ਮੀਟਿੰਗ ਦਾ ਸਮਾਂ ਦੇ ਕੇ ਭੁੱਲ ਗਈ। ਅੱਜ ਕਿਸਾਨ ਮਜ਼ਦੂਰ ਮੋਰਚਾ ਦੇ ਦਰਜਨ ਦੇ ਕਰੀਬ ਆਗੂ ਕਿਸਾਨ ਭਵਨ ਤੋਂ ਇਕੱਠੇ ਹੋ ਕੇ ਪੰਜਾਬ ਭਵਨ ਵਿਖੇ ਸਰਕਾਰ ਨਾਲ ਮੀਟਿੰਗ ਕਰਨ ਪਹੁੰਚੇ।
ਇਸ ਦੌਰਾਨ ਪੰਜਾਬ ਭਵਨ ਵਿੱਚ ਸਰਕਾਰ ਦਾ ਕੋਈ ਵੀ ਅਧਿਕਾਰੀ ਮੌਜੂਦ ਨਹੀਂ ਸੀ ਅਤੇ ਨਾ ਹੀ ਮੀਟਿੰਗ ਸਬੰਧੀ ਕੋਈ ਤਿਆਰੀ ਸੀ। ਸਰਕਾਰ ਦੇ ਇਸ ਰਵੱਈਏ ਤੋਂ ਮੋਰਚੇ ਦੇ ਆਗੂ ਨਾਰਾਜ਼ ਹੋ ਗਏ। ਮੋਰਚੇ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਸਰਕਾਰ ਦੇ ਕਿਸਾਨ ਤੇ ਮਜ਼ਦੂਰ ਵਿਰੋਧੀ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਤੇ ਮਜ਼ਦੂਰ ਵਿਰੋਧੀ ਰਵੱਈਏ ਤੋਂ ਬਾਅਦ ਮੋਰਚੇ ਵੱਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਮੀਟਿੰਗ ਕਰਕੇ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਦਾ ਐਲਾਨ 8 ਜਨਵਰੀ ਨੂੰ ਦੁਪਹਿਰੇ ਕੀਤਾ ਜਾਵੇਗਾ। ਸਰਕਾਰ ਨੇ ਪਹਿਲਾਂ ਮੋਰਚਾ ਦੇ ਆਗੂਆਂ ਨੂੰ 22 ਦਸੰਬਰ ਨੂੰ ਮੀਟਿੰਗ ਲਈ ਸੱਦਿਆ ਸੀ ਪਰ ਮੀਟਿੰਗ ਨਾ ਹੋਣ ਕਰਕੇ 30 ਦਸੰਬਰ ਅਤੇ ਫੇਰ 7 ਜਨਵਰੀ ਦਾ ਸਮਾਂ ਦਿੱਤਾ ਸੀ।
ਪੰਜਾਬੀ ਟ੍ਰਿਬਯੂਨ