ਕਿਸਾਨ ਆਗੂਆਂ ਤੇ ਕਾਰਕੁਨਾਂ ਦੀਆਂ ਗ੍ਰਿਫ਼ਤਾਰੀਆਂ ਦਾ ਵਿਰੋਧ; ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
20 ਜਨਵਰੀ, 2026 – ਚੰਡੀਗੜ੍ਹ : ਕਿਸਾਨ ਮਜ਼ਦੂਰ ਮੋਰਚੇ ਨੇ ਪੰਜਾਬ ਪੁਲੀਸ ਵੱਲੋਂ ਪਿਛਲੇ ਦਿਨੀਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਖ਼ਿਲਾਫ਼ ਅੱਜ ਪੰਜਾਬ ਭਰ ਵਿੱਚ ਮੁਜ਼ਾਹਰੇ ਕੀਤੇ। ਇਸ ਦੌਰਾਨ ਮੋਰਚੇ ਨੇ ਅੰਮ੍ਰਿਤਸਰ (ਗੋਲਡਨ ਗੇਟ), ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਹੁਸ਼ਿਆਰਪੁਰ, ਫਗਵਾੜਾ, ਕਪੂਰਥਲਾ, ਸੁਲਤਾਨਪੁਰ ਲੋਧੀ, ਫ਼ਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਪਟਿਆਲਾ, ਪਾਤੜਾਂ, ਰਾਜਪੁਰਾ, ਲੌਂਗੋਵਾਲ, ਬਠਿੰਡਾ, ਰਾਮਪੁਰਾ ਫੂਲ, ਮਾਨਸਾ, ਫ਼ਾਜ਼ਿਲਕਾ, ਮਾਲੇਰਕੋਟਲਾ ਅਤੇ ਮੁਹਾਲੀ ਸਣੇ ਵੱਡੀ ਗਿਣਤੀ ਪਿੰਡਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਸਾੜੇ। ਮੋਰਚੇ ਨੇ ਹਰਿਆਣਾ ਵਿੱਚ ਅੰਬਾਲਾ, ਯਮੁਨਾਨਗਰ, ਪੰਚਕੂਲਾ, ਕੈਥਲ, ਕੁਰੂਕਸ਼ੇਤਰ ਅਤੇ ਸ਼ਾਹਾਬਾਦ ਵਿੱਚ ਵੀ ਪੰਜਾਬ ਦੇ ਮੁੱਖ ਮੰਤਰੀ ਦੇ ਪੁਤਲੇ ਸਾੜੇ। ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਨੌਜਵਾਨ, ਔਰਤਾਂ ਅਤੇ ਬਜ਼ੁਰਗ ਸ਼ਾਮਲ ਹੋਏ। ਉਨ੍ਹਾਂ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਦੇ ਨਾਲ ਹੀ ਆਗੂਆਂ ਨੇ ਐਲਾਨ ਕੀਤਾ ਕਿ ਜੇ ਕਿਸਾਨ ਤੇ ਮਜ਼ਦੂਰ ਆਗੂਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ 20 ਜਨਵਰੀ ਤੋਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਸੰਗਰੂਰ ਵਿੱਚ ਐੱਸ ਐੱਸ ਪੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਦਬਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਕਰ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਣੇ ਲਗਪਗ 15 ਕਿਸਾਨ ਆਗੂਆਂ ਅਤੇ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਬੀ ਕੇ ਯੂ ਏਕਤਾ ਆਜ਼ਾਦ ਦੇ 23 ਮੈਂਬਰਾਂ ਨੂੰ ਸੰਗਰੂਰ ਜੇਲ੍ਹ ਭੇਜਿਆ ਗਿਆ ਹੈ ਜਦੋਂਕਿ ਸੀਨੀਅਰ ਆਗੂ ਦਿਲਬਾਗ਼ ਸਿੰਘ ਹਰੀਗੜ੍ਹ ਅਤੇ ਜਸਵਿੰਦਰ ਸਿੰਘ ਲੌਂਗੋਵਾਲ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਹੈ। ਮੋਰਚੇ ਦੇ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਜੇਲ੍ਹਾਂ ਵਿੱਚ ਬੰਦ ਸਾਰੇ ਕਿਸਾਨ ਤੇ ਮਜ਼ਦੂਰ ਆਗੂ ਰਿਹਾਅ ਨਾ ਕੀਤੇ ਤਾਂ ਮੋਰਚਾ ਸਰਕਾਰ ਵਿਰੁੱਧ ਸੰਘਰਸ਼ ਤੇਜ਼ ਕਰੇਗਾ ਜੋ ਇਨਸਾਫ਼ ਅਤੇ ਲੋਕਤੰਤਰਿਕ ਅਧਿਕਾਰ ਬਹਾਲ ਹੋਣ ਤੱਕ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਕਿਸਾਨ ਮਜ਼ਦੂਰ ਮੋਰਚੇ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅੰਮ੍ਰਿਤਸਰ ਦੌਰੇ ਦੌਰਾਨ ਉਨ੍ਹਾਂ ਨੂੰ ਘੇਰ ਕੇ ਸਵਾਲ ਪੁੱਛਣ ਦਾ ਐਲਾਨ ਕੀਤਾ ਸੀ। ਇਸੇ ਨੂੰ ਦੇਖਦਿਆਂ ਪੰਜਾਬ ਪੁਲੀਸ ਨੇ ਮੁੱਖ ਮੰਤਰੀ ਦੀ ਫੇਰੀ ਤੋਂ ਪਹਿਲਾਂ ਹੀ ਸ੍ਰੀ ਪੰਧੇਰ ਸਣੇ ਹੋਰ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ।
ਪੰਜਾਬੀ ਟ੍ਰਿਬਯੂਨ