ਕੇਂਦਰ ਨੇ 18 ਜੂਨ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਹਜ਼ਾਰ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
02 ਜੂਨ, 2026 – ਨਵੀਂ ਦਿੱਲੀ : ਕੇਂਦਰ ਨੇ 18 ਜੂਨ ਨੂੰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਹਜ਼ਾਰ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ 13 ਸਾਲਾਂ ਬਾਅਦ ਭਾਰਤ ਅਤੇ ਪਾਕਿਸਤਾਨ ਸਮੇਤ ਸਮੁੱਚੀ ਦੁਨੀਆ ’ਚ ਪੰਥਕ ਸੰਗਠਨ ਇਕ ਹੀ ਤਰੀਕ ਨੂੰ ਸ਼ਹੀਦੀ ਦਿਹਾੜਾ ਮਨਾਉਣਗੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸ਼ਹੀਦੀ ਦਿਹਾੜਾ ਮਨਾਉਣ ਲਈ ਜੱਥਾ 10 ਜੂਨ ਨੂੰ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਵਿੱਚ ਦਾਖ਼ਲ ਹੋਵੇਗਾ ਅਤੇ 18 ਤਰੀਕ ਨੂੰ ਸ਼ਹੀਦੀ ਦਿਹਾੜਾ ਮਨਾਉਣ ਉਪਰੰਤ 19 ਜੂਨ ਨੂੰ ਵਾਹਗਾ ਸਰਹੱਦ ਰਾਹੀਂ ਹੀ ਵਾਪਸ ਪਰਤੇਗਾ।
ਜਥੇ ਵਿਚ 600 ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣਗੇ ਜਦੋਂ ਕਿ 300 ਸ਼ਰਧਾਲੂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 300 ਸ਼ਰਧਾਲੂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਕਮੇਟੀਆਂ ਵੱਲੋਂ ਭੇਜੇ ਜਾਣਗੇ। ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਵੀ ਜੱਥਾ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ 500 ਸ਼ਰਧਾਲੂਆਂ ਦਾ ਜੱਥਾ ਜਾਵੇਗਾ। ਇਸ ਵਿੱਚ 300 ਸ਼ਰਧਾਲੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣਗੇ ਤੇ ਬਾਕੀ ਦੇ 200 ਸ਼ਰਧਾਲੂਆਂ ’ਚੋਂ 100 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ 100 ਸ਼ਰਧਾਲੂ ਹਰਿਆਣਾ ਕਮੇਟੀ ਤੇ ਹੋਰ ਪ੍ਰਬੰਧਕ ਕਮੇਟੀਆਂ ਵੱਲੋਂ ਭੇਜੇ ਜਾਣਗੇ।
ਪੰਜਾਬੀ ਟ੍ਰਿਬਯੂਨ