14 ਅਪਰੈਲ, 2025 – ਅੰਮ੍ਰਿਤਸਰ : ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ ਟੇਕਿਆ। ਸ਼ਰਧਾਲੂਆਂ ਨੇ ਪਾਵਨ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਕੀਰਤਨ ਸਰਵਣ ਕੀਤਾ। ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਅੱਜ ਐਤਵਾਰ ਵਾਲੇ ਦਿਨ ਹੋਣ ਕਾਰਨ ਇੱਥੇ ਸੰਗਤ ਦੀ ਭਾਰੀ ਆਮਦ ਹੋਈ।
ਇਸ ਪਾਵਨ ਦਿਹਾੜੇ ਮੌਕੇ ਅਕਾਲ ਤਖ਼ਤ ਵਿਖੇ ਅੰਮ੍ਰਿਤ ਸੰਚਾਰ ਦਾ ਪ੍ਰਬੰਧ ਕੀਤਾ ਗਿਆ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਵੀ ਦਰਬਾਰ ਕਰਵਾਇਆ ਗਿਆ।
ਰਾਤ ਨੂੰ ਦੀਪਮਾਲਾ ਕੀਤੀ ਗਈ ਅਤੇ ਰਹਿਰਾਸ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਵੀ ਚਲਾਈ ਗਈ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਅੱਜ ਤੜਕੇ ਕਿਵਾੜ ਖੁੱਲ੍ਹਣ ਤੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਹੋਣ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤ ਦੀ ਦਰਸ਼ਨਾਂ ਲਈ ਆਮਦ ਸ਼ੁਰੂ ਹੋਈ ਤੇ ਸ਼ਾਮ ਵੇਲੇ ਤੱਕ ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਉਨ੍ਹਾਂ ਦੱਸਿਆ ਕਿ ਸੰਗਤ ਲਈ ਅੱਜ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ’ਚ ਵਿਸ਼ੇਸ਼ ਪਕਵਾਨਾਂ ਦਾ ਵੀ ਪ੍ਰਬੰਧ ਕੀਤਾ ਗਿਆ। ਦੂਜੇ ਪਾਸੇ ਪੁਲੀਸ ਵੱਲੋਂ ਵਿਸਾਖੀ ਦੇ ਤਿਉਹਾਰ ਦੇ ਮੱਦੇਨਜ਼ਰ ਸ਼ਹਿਰ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਸੰਗਤ ਵੱਲੋਂ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਸਬੰਧ ਵਿੱਚ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਲੰਗਰ ਲਾਏ ਗਏ। ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਗੁਰਦੁਆਰਿਆਂ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ, ਜਿੱਥੇ ਜਥਿਆਂ ਨੇ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਗੁਰੂ ਦੇ ਲੰਗਰ ਅਤੁੱਟ ਵਰਤੇ।
ਪੰਜਾਬੀ ਟ੍ਰਿਬਯੂਨ
test