ਸੁਲਤਾਨਪੁਰ ਲੋਧੀ-ਮੁੰਡੀ ਮੌੜ ਸੜਕ ਦੀ ਹਾਲਤ ਖਸਤਾ; 25 ਪਿੰਡਾਂ ਦੇ ਲੋਕਾਂ ਵੱਲੋਂ ਪ੍ਰਦਰਸ਼ਨ
21 ਨਵੰਬਰ, 2026 – ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਦੀ ਚਰਨ ਛੋਹ ਪ੍ਰਾਪਤ ਧਰਤੀ ਸੁਲਤਾਨਪੁਰ ਲੋਧੀ ਵਿੱਚ 24 ਨਵੰਬਰ ਨੂੰ ਮਨਾਏ ਜਾ ਰਹੇ 557ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ-ਮੁੰਡੀ ਮੌੜ ਸੜਕ ਦੀ ਖਸਤਾ ਹਾਲਤ ਸਬੰਧੀ 25 ਪਿੰਡਾਂ ਦੇ ਲੋਕਾਂ ਨੇ ਸੜਕ ਜਾਮ ਕਰ ਕੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਰੋੜਾਂ ਰੁਪਏ ਨਾਲ ਬਣੀ ਸੜਕ ਦੋ ਸਾਲਾਂ ਵਿੱਚ ਹੀ ਟੁੱਟਣ ਕਾਰਨ ਲੋਕਾਂ ਵਿੱਚ ਰੋਸ ਹੈ।
ਧਰਨਾਕਾਰੀਆਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਗੁਰੂ ਨਗਰੀ ਵਿੱਚ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੇ ਬਾਵਜੂਦ ਮੁੱਖ ਸੜਕ ਦੀ ਮੁਰੰਮਤ ਨਾ ਹੋਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸੜਕ ਦੇ ਮਾੜੇ ਨਿਰਮਾਣ ਦੀ ਉਚ ਪੱਧਰੀ ਜਾਂਚ ਕਰਵਾ ਕੇ ਜ਼ਿੰਮੇਵਾਰ ਠੇਕੇਦਾਰ ਅਤੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਮੌਕੇ ’ਤੇ ਪਹੁੰਚੇ ਤਹਿਸੀਲਦਾਰ ਦੇ ਭਰੋਸੇ ਨਾਲ ਜਦੋਂ ਧਰਨਾਕਾਰੀ ਸਹਿਮਤ ਨਾ ਹੋਏ ਤਾਂ ਐੱਸ ਡੀ ਐੱਮ ਸ਼ੁਭੀ ਆਂਗਰਾ ਅਤੇ ਡੀ ਐੱਸ ਪੀ ਧਰਿੰਦਰ ਵਰਮਾ ਨੇ ਮੌਕੇ ’ਤੇ ਪਹੁੰਚ ਕੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਗੁਰਪੁਰਬ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਤੋਂ ਮੁੰਡੀ ਮੌੜ ਤੱਕ ਸੜਕ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ ਅਤੇ ਬਾਅਦ ਵਿੱਚ ਨਵੇਂ ਸਿਰੇ ਤੋਂ ਸੜਕ ਬਣਾਉਣ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਅਧਿਕਾਰੀਆਂ ਦੇ ਭਰੋਸੇ ਤੋਂ ਬਾਅਦ ਲੋਕਾਂ ਨੇ ਧਰਨਾ ਸਮਾਪਤ ਕਰ ਦਿੱਤਾ। ਇਲਾਕਾ ਵਾਸੀਆਂ ਨੇ ਮੰਗ ਕੀਤੀ ਕਿ ਸੜਕ ਦੀ ਆਰਜ਼ੀ ਮੁਰੰਮਤ ਦੇ ਨਾਲ-ਨਾਲ ਪੱਕੇ ਨਿਰਮਾਣ ਦੀ ਸਮਾਂ-ਸੀਮਾ ਵੀ ਤੈਅ ਕੀਤੀ ਜਾਵੇ ਅਤੇ ਨਿਰਮਾਣ ਦੀ ਗੁਣਵੱਤਾ ਦੀ ਜਾਂਚ ਯਕੀਨੀ ਬਣਾਈ ਜਾਵੇ।
ਪੰਜਾਬੀ ਟ੍ਰਿਬਯੂਨ