ਮੰਗਾਂ ਪੂਰੀਆਂ ਨੇ ਹੋਣ ‘ਤੇ 16 ਜੂਨ ਤੋਂ ਮੁਕੰਮਲ ਹੜਤਾਲ ਦਾ ਐਲਾਨ
06 ਜੂਨ, 2026 – ਸ੍ਰੀ ਗੋਇੰਦਵਾਲ ਸਾਹਿਬ : ਪਾਵਰਕੌਮ ਅਤੇ ਟਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਵਿਖੇ ਪਾਵਰ ਪਲਾਂਟ ਵਰਕਰਜ਼ ਯੂਨੀਅਨ ਗੋਇੰਦਵਾਲ ਸਾਹਿਬ ਦੇ ਵਰਕਰਾਂ ਵੱਲੋਂ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ 24 ਮਈ ਨੂੰ ਬਿਜਲੀ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਆਊਟਸੋਰਸਡ ਕਰਮਚਾਰੀਆਂ ਨੂੰ ਵਿਭਾਗ ਵਿੱਚ ਮਰਜ (ਸ਼ਾਮਲ) ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਪਾਵਰਕੌਮ ਟਰਾਂਸਕੋ ਥਰਮਲ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਤੁਰੰਤ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਕਮੇਟੀ ਵੱਲੋਂ ਜਾਰੀ ਸੰਘਰਸ਼ ਪ੍ਰੋਗਰਾਮ ਅਨੁਸਾਰ ਸੂਬੇ ਦੇ ਮੁੱਖ ਦਫ਼ਤਰਾਂ ਅੱਗੇ 9 ਤੋਂ 15 ਜੂਨ ਤੱਕ ਪਰਿਵਾਰਾਂ ਸਮੇਤ ਲਗਾਤਾਰ ਧਰਨੇ ਅਤੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਉਲੀਕਿਆ ਗਿਆ ਹੈ।
ਆਗੂਆਂ ਨੇ ਕਿਹਾ ਕਿ ਮੀਟਿੰਗ ਵਿੱਚ ਦਿੱਤੇ ਭਰੋਸੇ ਸਬੰਧ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ 16 ਜੂਨ ਤੋਂ ਪੰਜਾਬ ਭਰ ਵਿੱਚ ਆਊਟਸੋਰਸਡ ਕਰਮਚਾਰੀ ਮੁਕੰਮਲ ਕੰਮ ਬੰਦ ਕਰਨਗੇ, ਜਿਸ ਦਾ ਅਸਰ ਬਿਜਲੀ ਸੇਵਾਵਾਂ ’ਤੇ ਵੀ ਪੈ ਸਕਦਾ ਹੈ।
ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਸਾਲਾਂ ਤੋਂ ਵਿਭਾਗ ਦੀ ਰੀੜ੍ਹ ਦੀ ਹੱਡੀ ਬਣੇ ਆਊਟਸੋਰਸਡ ਕਰਮਚਾਰੀਆਂ ਨਾਲ ਸਰਕਾਰ ਵੱਲੋਂ ਵਾਅਦੇ ਤਾਂ ਕੀਤੇ ਜਾ ਰਹੇ ਹਨ ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ।
ਪੰਜਾਬੀ ਟ੍ਰਿਬਯੂਨ