ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ, ਮੰਗਾਂ ਨਾ ਮੰਨਣ ’ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ
28 ਸਤੰਬਰ, 2026 – ਸੰਗਰੂਰੁ : ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਬੇਰੁਖ਼ੀ ਅਤੇ ਵਾਅਦਾਖ਼ਿਲਾਫ਼ੀ ਦੇ ਵਿਰੋਧ ਵਿੱਚ ਕੰਪਿਊਟਰ ਟੀਚਰ ਯੂਨੀਅਨ ਪੰਜਾਬ ਦਾ ਪੱਕਾ ਮੋਰਚਾ ਜਾਰੀ ਹੈ। ਇਸ ਸੰਘਰਸ਼ ਨੂੰ ਮਜ਼ਬੂਤੀ ਦਿੰਦਿਆਂ ਅੱਜ ਜ਼ਿਲ੍ਹਾ ਜਲੰਧਰ ਦੇ ਕੰਪਿਊਟਰ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਜਲੰਧਰ ਤੋਂ ਪਹੁੰਚੇ ਅਧਿਆਪਕਾਂ ਦੇ ਕਾਫ਼ਲੇ ਨੇ ਧਰਨੇ ਵਾਲੀ ਥਾਂ ’ਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਦੋਸ਼ ਲਾਇਆ ਕਿ ਲੰਮੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਵਾਰ-ਵਾਰ ਭਰੋਸਿਆਂ ਦੇ ਬਾਵਜੂਦ ਮਸਲੇ ਦਾ ਪੱਕਾ ਹੱਲ ਨਹੀਂ ਕੀਤਾ ਗਿਆ। ਆਗੂਆਂ ਮੰਗ ਕੀਤੀ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਇਸ ਦੇ ਨਾਲ ਅਣਸੋਧਿਆ ਡੀ ਏ, ਛੇਵਾਂ ਤਨਖਾਹ ਕਮਿਸ਼ਨ ਅਤੇ ਪੂਰੇ ਸਿਵਲ ਸਰਵਿਸਿਜ਼ ਰੂਲਜ਼ ਲਾਗੂ ਕਰ ਕੇ ਪੈਨਸ਼ਨ ਸਮੇਤ ਸਰਕਾਰੀ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ। ਸੰਘਰਸ਼ ਦੌਰਾਨ ਵਿਛੜ ਚੁੱਕੇ ਸਾਥੀਆਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ ’ਤੇ ਸਰਕਾਰੀ ਨੌਕਰੀ ਅਤੇ ਬਣਦੀ ਵਿੱਤੀ ਸਹਾਇਤਾ ਦੇਣ ਦੀ ਮੰਗ ਵੀ ਉਠਾਈ ਗਈ।
ਆਗੂਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਠੋਸ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਵੱਖ-ਵੱਖ ਪੱਧਰਾਂ ’ਤੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮੌਕੇ ਜਲੰਧਰ ਤੋਂ ਸੁਨੀਤ ਸਰੀਨ, ਅਰੁਣ ਕੌਸ਼ਲ, ਅਮਿਤ ਕਲਸੀ, ਪ੍ਰੀਮਲ ਸਿੰਘ, ਅਜੀਤ ਪਾਲ ਸਿੰਘ, ਆਰਸੀਪਾਲ ਸਿੰਘ, ਹਰਜਿੰਦਰ ਸਿੰਘ, ਹਰੀ ਸ਼ੰਕਰ, ਗੁਰਮੀਤ ਸਿੰਘ, ਦੀਪਕ ਸਲਨ, ਮੋਹਨ ਲਾਲ, ਰੇਨੁਕਾ ਪੂਰੀ, ਦਿਸਕਰਨ ਕੌਰ ਅਤੇ ਅਮਨਪ੍ਰੀਤ ਕੌਰ ਸਮੇਤ ਹੋਰ ਅਧਿਆਪਕ ਹਾਜ਼ਰ ਸਨ।
ਇਸ ਤੋਂ ਇਲਾਵਾ ਗੋਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਦੇਵੀ ਦਿਆਲ ਦੀ ਅਗਵਾਈ ਹੇਠ ਫਕੀਰ ਸਿੰਘ ਟਿੱਬਾ, ਬੱਗਾ ਸਿੰਘ, ਨਿਰਮਲ ਸਿੰਘ, ਕਰਨ ਪ੍ਰਤਾਪ ਅਤੇ ਮੋਹਿਤ ਕੁਮਾਰ ਨੇ ਵੀ ਕੰਪਿਊਟਰ ਅਧਿਆਪਕਾਂ ਦੇ ਸਮਰਥਨ ਵਿੱਚ ਸ਼ਮੂਲੀਅਤ ਕੀਤੀ।
ਪੰਜਾਬੀ ਟ੍ਰਿਬਯੂਨ