ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦੀ ਪੁਲਿਸ ਨਾਲ ਝੜਪ ਹੋਈ
27 ਜੁਲਾਈ, 2026 – ਸੰਗਰੂਰ: ਜਿੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਬਲਾਕ ਰਿਸੋਰਸ ਕੋਆਰਡੀਨੇਟਰ ਯਾਨੀ ਬੀ.ਆਰ.ਸੀ. ਅਤੇ ਹੋਰ ਸੋਸ਼ਲ ਕੇਡਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਦਾ ਇਲਜ਼ਾਮ ਹੈ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਅਤੇ ਪੁਲਿਸ ਵਿਚਾਲੇ ਤਿੱਖੀ ਧੱਕਾ-ਮੁੱਕੀ ਵੀ ਹੋਈ, ਜਿਸ ਵਿੱਚ ਕੁਝ ਮੁਲਾਜ਼ਮਾਂ ਬੇਹੋਸ਼ ਵੀ ਹੋਏ ਹਨ।
‘ਰੈਗੁਲਰ ਨਹੀਂ ਕੀਤਾ ਗਿਆ‘
ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਾਲ 2020 ਵਿੱਚ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਅਧਾਰ ‘ਤੇ ਟੈਸਟ ਪਾਸ ਕਰਕੇ ਉਹ ਇਸ ਭਰਤੀ ਵਿੱਚ ਆਏ ਸਨ। ਪਰ ਅੱਜ ਲੰਮਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਉਹਨਾਂ ਨੂੰ ਰੈਗੂਲਰ ਨਹੀਂ ਕੀਤਾ।
‘ਵਾਅਦਾ ਕਰਕੇ ਮੁੱਕਰ ਗਏ‘
ਮੁਲਾਜ਼ਮ ਆਗੂਆਂ ਨੇ ਦੱਸਿਆ ਕਿ, ‘ਬੀਤੀ 23 ਜੂਨ ਨੂੰ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਸਬ–ਕਮੇਟੀ ਨਾਲ ਹੋਈ ਮੀਟਿੰਗ ਵਿੱਚ ਉਹਨਾਂ ਦੀਆਂ ਮੰਗਾਂ ਨੂੰ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ 20 ਤੋਂ 25 ਦਿਨ ਬੀਤ ਜਾਣ ਦੇ ਬਾਵਜੂਦ ਵੀ ਕੋਈ ਕਾਰਵਾਈ ਨਹੀਂ ਹੋਈ। ਜਦੋਂ ਅੱਜ ਮੁਲਾਜ਼ਮਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਹੋਈ ਤਿੱਖੀ ਧੱਕਾ–ਮੁੱਕੀ ਦੌਰਾਨ ਤਿੰਨ–ਚਾਰ ਮੁਲਾਜ਼ਮ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਗਿਆ।‘
‘ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ‘
ਪ੍ਰਦਰਸ਼ਨ ਵਿੱਚ ਸ਼ਾਮਲ ਮਹਿਲਾ ਮੁਲਾਜ਼ਮਾਂ ਨੇ ਭਰੇ ਮਨ ਨਾਲ ਕਿਹਾ ਕਿ ਉਹ ਪੜ੍ਹੇ-ਲਿਖੇ ਹੋਣ ਦੇ ਬਾਵਜੂਦ ਵੀ ਅੱਜ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ। ਉੱਥੇ ਹੀ ਦੇਸ਼ ਦੀ ਸੇਵਾ ਕਰਕੇ ਆਏ ਸਾਬਕਾ ਫੌਜੀਆਂ, ਜੋ ਹੁਣ ਇਸ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਹਨ, ਨੇ ਵੀ ਸਰਕਾਰ ‘ਤੇ ਵਾਅਦਾਖਿਲਾਫੀ ਦੇ ਇਲਜ਼ਾਮ ਲਗਾਏ। ਮੁਲਾਜ਼ਮਾਂ ਦੀ ਮੁੱਖ ਮੰਗ ਹੈ ਕਿ ਉਹਨਾਂ ਦਾ ਅਪ੍ਰੈਲ 2023 ਤੋਂ ਬੰਦ ਕੀਤਾ ਗਿਆ ਟ੍ਰੈਵਲਿੰਗ ਅਲਾਊਂਸ (TA) ਬਹਾਲ ਕੀਤਾ ਜਾਵੇ, ਸਲਾਨਾ ਇੰਕਰੀਮੈਂਟ ਦਿੱਤਾ ਜਾਵੇ ਅਤੇ ਉਹਨਾਂ ਨੂੰ ਜਲਦ ਤੋਂ ਜਲਦ ਰੈਗੂਲਰ ਕੀਤਾ ਜਾਵੇ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜਦੋਂ ਤੱਕ ਉਹਨਾਂ ਦਾ ਕੋਈ ਹੱਲ ਨਹੀਂ ਹੁੰਦਾ, ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।
ETV BHARAT