14 ਮਈ, 2025 – ਚੰਡੀਗੜ੍ਹ : ਸਮੁੱਚੇ ਦੇਸ਼ ਵਿੱਚ 1978 ਤੋਂ ਲੈ ਕੇ ਹੁਣ ਤੱਕ ਜ਼ਹਿਰੀਲੀ ਸ਼ਰਾਬ ਕਾਰਨ 17 ਹਾਦਸੇ ਵਾਪਰੇ ਹਨ ਜਿਨ੍ਹਾਂ ਵਿੱਚ 2302 ਵਿਅਕਤੀਆਂ ਦੀ ਜਾਨ ਗਈ ਹੈ। ਗੁਜਰਾਤ ਇਸ ਮਾਮਲੇ ’ਚ ਦੇਸ਼ ਭਰ ਚੋਂ ਅੱਗੇ ਰਿਹਾ ਹੈ ਜਿੱਥੇ 1987 ’ਚ ਸਭ ਤੋਂ ਵੱਧ 200 ਵਿਅਕਤੀਆਂ ਦੀ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਹੋਈ ਸੀ। ਮੌਤਾਂ ਦੀ ਗਿਣਤੀ ਦੇ ਹਿਸਾਬ ਨਾਲ ਦੂਜੇ ਨੰਬਰ ’ਤੇ ਪੰਜਾਬ ਹੈ ਜਿੱਥੇ ਸਾਲ 2020 ਵਿੱਚ ਜ਼ਹਿਰੀਲੀ ਸ਼ਰਾਬ ਨੇ 121 ਜਾਨਾਂ ਲਈਆਂ ਸਨ। ਪ੍ਰਾਪਤ ਜਾਣਕਾਰੀ ਗੁਜਰਾਤ ’ਚ ਸਾਲ 1976 ਵਿੱਚ ਸੌ ਮੌਤਾਂ ਅਤੇ 1986 ਵਿੱਚ 108 ਮੌਤਾਂ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਸਨ। ਪੰਜਾਬ ਵਿੱਚ ਅਕਤੂਬਰ 2010 ਵਿੱਚ ਦਸੂਹਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 16 ਲੋਕਾਂ ਦੀ ਜਾਨ ਚਲੀ ਗਈ ਸੀ ਅਤੇ ਉਸ ਮਗਰੋਂ ਜੁਲਾਈ-ਅਗਸਤ 2020 ਵਿੱਚ ਮਾਝੇ ਇਲਾਕੇ ਵਿੱਚ 121 ਜਾਨਾਂ ਚਲੀਆਂ ਗਈਆਂ ਸਨ। ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2024 ਵਿੱਚ ਦਿੜ੍ਹਬਾ ਤੇ ਸੁਨਾਮ ਬਲਾਕ ਵਿੱਚ 20 ਲੋਕਾਂ ਦੀ ਜਾਨ ਜ਼ਹਿਰੀਲੀ ਸ਼ਰਾਬ ਕਾਰਨ ਚਲੀ ਗਈ ਸੀ ਅਤੇ ਹੁਣ ਮਜੀਠਾ ਇਲਾਕੇ ’ਚ ਜ਼ਹਿਰੀਲੀ ਸ਼ਰਾਬ ਕਾਰਨ 21 ਲੋਕਾਂ ਦੀ ਮੌਤ ਹੋ ਗਈ ਹੈ।
ਅਮਰਿੰਦਰ ਸਿੰਘ 11 ਦਿਨਾਂ ਮਗਰੋਂ ਪੀੜਤਾਂ ਤੱਕ ਪੁੱਜੇ ਸਨ
ਕਾਂਗਰਸੀ ਹਕੂਮਤ ਦੌਰਾਨ ਜਦੋਂ 29 ਜੁਲਾਈ 2020 ਨੂੰ ਮਾਝੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵੱਡਾ ਦੁਖਾਂਤ ਵਾਪਰਿਆ ਸੀ ਤਾਂ ਉਦੋਂ ਘਟਨਾ ਤੋਂ 11 ਦਿਨਾਂ ਮਗਰੋਂ 8 ਅਗਸਤ ਨੂੰ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀੜਤਾਂ ਦੀ ਸਾਰ ਲੈਣ ਪਹੁੰਚੇ ਸਨ। ਉਸ ਕਾਂਡ ਵਿੱਚ 121 ਲੋਕਾਂ ਦੀ ਜਾਨ ਗਈ ਸੀ। ਉਸ ਸਮੇਂ ਦੁਖਾਂਤ ਮੌਕੇ ਤਤਕਾਲੀ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਹੀ ਪਹੁੰਚੇ ਸਨ ਜਦਕਿ ਦੁਖਾਂਤ ਤੋਂ ਇੱਕ ਹਫ਼ਤੇ ਤੱਕ ਮਾਝੇ ਨਾਲ ਸਬੰਧਤ ਤਤਕਾਲੀ ਵਜ਼ੀਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁਖਬਿੰਦਰ ਸਿੰਘ ਸਰਕਾਰੀਆ ਅਤੇ ਓਪੀ ਸੋਨੀ ’ਚੋਂ ਕੋਈ ਵੀ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਨਹੀਂ ਪਹੁੰਚਿਆ ਸੀ। ਉਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਵੀ ਕਾਫ਼ੀ ਸਮਾਂ ਪੀੜਤਾਂ ਤੋਂ ਦੂਰੀ ਬਣਾਈ ਰੱਖੀ ਸੀ। ਉਸ ਦੁਖਾਂਤ ਦੇ ਐਨ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ‘ਆਪ’ ਦੇ ਕਨਵੀਨਰ ਭਗਵੰਤ ਮਾਨ ਅਤੇ ਪੰਜਾਬ ਏਕਤਾ ਪਾਰਟੀ ਦੇ ਸੁਖਪਾਲ ਸਿੰਘ ਖਹਿਰਾ ਪੀੜਤਾਂ ਤੱਕ ਪਹੁੰਚੇ ਹਨ।
ਪੰਜਾਬੀ ਟ੍ਰਿਬਯੂਨ
test