ਪੁਲਿਸ ਨੂੰ ਮਿਲਿਆ ਰਿਮਾਂਡ
ਅੰਮ੍ਰਿਤਸਰ ਵਿੱਚ ਪੁਲਿਸ ਦੇ ਵੱਡੇ ਅਧਿਕਾਰੀ ਉੱਤੇ ਸਖ਼ਤ ਕਾਰਵਾਈ ਕੀਤੀ ਗਈ ਹੈ।
28 ਅਪ੍ਰੈਲ, 2026 – ਅੰਮ੍ਰਿਤਸਰ: ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਾ ਭਿੰਡੀ ਸੈਦਾਂ ਦੇ ਐੱਸਐੱਚਓ ਸਸ਼ਪਾਲ ਸਿੰਘ ਨੂੰ 2 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਅਧਿਕਾਰੀ ਨੂੰ ਕਾਬੂ ਕੀਤਾ ਗਿਆ ਅਤੇ ਉਸਦੇ ਖ਼ਿਲਾਫ਼ ਥਾਣੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।
‘ਪਾਕਿਸਤਾਨ ਤੋਂ ਡਰੋਨ ਰਾਹੀਂ ਆਈ ਹੈਰੋਇਨ‘
ਪੁਲਿਸ ਅਧਿਕਾਰੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ‘ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੀ ਗਈ 2 ਕਿੱਲੋ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਭੇਜੀ ਗਈ ਸੀ। ਇਲਜ਼ਾਮ ਹੈ ਕਿ ਇਸ ਹੈਰੋਇਨ ਨੂੰ ਮੁਲਜ਼ਮ ਐੱਸਐੱਚਓ ਸਸ਼ਪਾਲ ਸਿੰਘ ਵੱਲੋਂ ਆਪਣੇ ਪੱਧਰ ‘ਤੇ ਖੁਰਦ–ਬੁਰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਜਿਵੇਂ ਹੀ ਇਹ ਮਾਮਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ, ਤੁਰੰਤ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ।‘
ਮੁਲਜ਼ਮ ਸਸ਼ਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਉਸ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਆ ਸਕੇ। ਰਿਮਾਂਡ ਦੌਰਾਨ ਸਸ਼ਪਾਲ ਸਿੰਘ ਕੋਲੋਂ ਪੁੱਛਗਿੱਛ ਵਿੱਚ ਕਈ ਵੱਡੇ ਖੁਲਾਸੇ ਹੋ ਸਕਦੇ ਹਨ, ਜਿਸ ਨਾਲ ਇਸ ਗੈਰ ਕਾਨੂੰਨੀ ਧੰਦੇ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚ ਬਣ ਸਕਦੀ ਹੈ। ਫਿਲਹਾਲ ਮਾਮਲੇ ਦੀ ਗਹਿਰਾਈ ਨਾਲ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਪੂਰੇ ਗੈਂਗ ਵਿੱਚ ਹੋਰ ਕੌਣ–ਕੌਣ ਸ਼ਾਮਲ ਹੈ।-ਦਵਿੰਦਰ ਸਿੰਘ.ਐੱਸਆਈ
‘ਪੁਲਿਸ ਮਹਿਕਮੇ ਵਿੱਚ ਹਲਚਲ‘
ਇਸ ਘਟਨਾ ਨਾਲ ਪੁਲਿਸ ਵਿਭਾਗ ਵਿੱਚ ਵੀ ਹਲਚਲ ਮਚ ਗਈ ਹੈ ਕਿਉਂਕਿ ਇੱਕ ਜ਼ਿੰਮੇਵਾਰ ਅਹੁਦੇ ‘ਤੇ ਤਾਇਨਾਤ ਅਧਿਕਾਰੀ ‘ਤੇ ਹੀ ਨਸ਼ਾ ਤਸਕਰੀ ਨਾਲ ਜੁੜੇ ਗੰਭੀਰ ਇਲਜ਼ਾਮ ਲੱਗੇ ਹਨ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਨ ਵਿੱਚ ਲੱਗੀ ਹੋਈ ਹੈ।
‘ਨਹੀਂ ਬਖ਼ਸ਼ੇ ਜਾਣਗੇ ਮੁਲਜ਼ਮ‘
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮਾਮਲੇ ਉੱਤੇ ਕਿਹਾ ਕਿ, ‘ਪੰਜਾਬ ਵਿੱਚ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਦੌਰਾਨ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਪੁਲਿਸ ਅਫਸਰ ਹੀ ਕਿਉਂ ਨਾ ਹੋਵੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪਿਛਲੇ ਸਾਲ 1 ਮਾਰਚ ਤੋਂ ਲਗਾਤਾਰ ਕਾਰਵਾਈ ਜਾਰੀ ਹੈ ਅਤੇ ਇਹ ਮੁਹਿੰਮ ਅੱਗੇ ਵੀ ਹੋਰ ਤੇਜ਼ ਕੀਤੀ ਜਾਵੇਗੀ।‘
ਸਰਕਾਰੀ ਅਧਿਕਾਰੀ ਹੋਵੇ ਜਾਂ ਰਾਜਨੀਤਕ ਸ਼ਖ਼ਸੀਅਤ ਜੇਕਰ ਨਸ਼ਿਆਂ ਨਾਲ ਜੁੜਿਆ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਿੰਡੀ ਸੈਦਾਂ ਥਾਣੇ ਵਿੱਚ ਹੋਈ ਕਾਰਵਾਈ ਵੀ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ਦੇ ਤਹਿਤ ਕੀਤੀ ਗਈ ਹੈ ਅਤੇ ਇਹ ਸੰਦੇਸ਼ ਦਿੱਤਾ ਗਿਆ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।– ਕੁਲਦੀਪ ਸਿੰਘ ਧਾਲੀਵਾਲ,ਵਿਧਾਇਕ ਆਪ
‘ਕੇਂਦਰ ਸਰਕਾਰ ਨੂੰ ਖ਼ਾਸ ਅਪੀਲ‘
ਧਾਲੀਵਾਲ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਭੇਜੀ ਜਾ ਰਹੀ ਹੈਰੋਇਨ ਨੂੰ ਲੈ ਕੇ ਵੀ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ, ‘ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਕਾਰਨ ਹੈਰੋਇਨ ਤਸਕਰੀ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ। ਡਰੋਨ ਰਾਹੀਂ ਨਸ਼ਾ ਅਤੇ ਹਥਿਆਰ ਭੇਜੇ ਜਾਣ ਦੇ ਮਾਮਲੇ ਵਧ ਰਹੇ ਹਨ, ਜਿਸ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਰਹੱਦ ‘ਤੇ ਐਂਟੀ ਡਰੋਨ ਸਿਸਟਮ ਲਗਾਇਆ ਜਾਵੇ ਤਾਂ ਜੋ ਨਸ਼ਿਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਬੀਐਸਐਫ ਦੀ ਜ਼ਿੰਮੇਵਾਰੀ ਹੇਠ ਆਉਂਦੇ ਇਲਾਕਿਆਂ ਵਿੱਚ ਇਸ ਤਰ੍ਹਾਂ ਦੀ ਤਕਨਾਲੋਜੀ ਲਗਾਉਣ ਨਾਲ ਹੀ ਇਸ ਸਮੱਸਿਆ ‘ਤੇ ਕਾਬੂ ਪਾਇਆ ਜਾ ਸਕਦਾ ਹੈ।‘
ਧਾਲੀਵਾਲ ਨੇ ਇਹ ਵੀ ਕਿਹਾ ਕਿ ਪੰਜਾਬ ਪੁਲਿਸ ਆਪਣੀ ਪੂਰੀ ਕੋਸ਼ਿਸ਼ ਕਰ ਰਹੀ ਹੈ ਪਰ ਜਦੋਂ ਤੱਕ ਡਰੋਨ ਰਾਹੀਂ ਆ ਰਹੀ ਤਸਕਰੀ ‘ਤੇ ਰੋਕ ਨਹੀਂ ਲੱਗਦੀ, ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕਰਨਾ ਮੁਸ਼ਕਲ ਰਹੇਗਾ। ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਕੇ ਰਹੇਗੀ।
ETV BHARAT