ਬੱਚਿਆਂ ਅਤੇ ਬਜ਼ੁਰਗਾਂ ਨੂੰ ਨਿਸ਼ਾਨਾ ਬਣਾ ਰਹੇ ਨੇ ਕੁੱਤੇ
15 ਸਤੰਬਰ, 2025 – ਦਸੂਹਾ : ਦਸੂਹਾ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਵਿੱਚ ਲਾਵਾਰਸ ਤੇ ਖੂੰਖਾਰ ਕਿਸਮ ਦੇ ਕੁੱਤਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਸ਼ਹਿਰ ਦੀਆਂ ਗਲੀਆਂ, ਮੁਹੱਲਿਆਂ ਅਤੇ ਮੁੱਖ ਸੜਕਾਂ `ਤੇ ਲਾਵਾਰਸ ਕੁੱਤਿਆਂ ਦੇ ਝੁੰਡ ਆਮ ਵੇਖੇ ਜਾ ਸਕਦੇ ਹਨ। ਆਏ ਦਿਨ ਇਹ ਕੁੱਤੇ ਰਾਹਗੀਰਾਂ, ਖ਼ਾਸਕਰ ਬੱਚਿਆਂ ਅਤੇ ਬਜ਼ੁਰਗਾਂ `ਤੇ ਹਮਲੇ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਰਹੇ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਸਮੱਸਿਆ ਦੇ ਹੱਲ ਦੀ ਮੰਗ ਕੀਤੀ ਹੈ।
ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਹਾਲੀਆ ਸਮੇਂ ਵਿੱਚ ਕੁੱਤਿਆਂ ਦੇ ਕੱਟਣ ਦੇ ਮਾਮਲੇ ਵੱਧ ਰਹੇ ਹਨ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਦੂਜੇ ਪਾਸੇ ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਲਾਵਾਰਸ ਕੁੱਤਿਆਂ ਨੂੰ ਕਾਬੂ ਕਰਨ ਲਈ ਨਗਰ ਕੌਂਸਲ ਵੱਲੋਂ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ। ਮਾਹਿਰਾਂ ਮੁਤਾਬਕ ਪ੍ਰਸ਼ਾਸਨ ਵੱਲੋਂ ਕੁੱਤਿਆਂ ਦੀ ਸਟ੍ਰੇਲਾਈਜ਼ੇਸ਼ਨ ਪ੍ਰਕਿਰਿਆ ਨੂੰ ਤੇਜ਼ ਕਰਕੇ ਕੁੱਤਿਆਂ ਦੀ ਗਿਣਤੀ ’ਤੇ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਸ਼ੈਲਟਰ ਬਣਾ ਕੇ ਲਾਵਾਰਸ ਕੁੱਤਿਆਂ ਨੂੰ ਉਥੇ ਰੱਖਣ ਦੀ ਯੋਜਨਾ ਬਣਾਈ ਜਾ ਸਕਦੀ ਹੈ। ਸਮਾਜ ਸੇਵੀ ਜਥੇਬੰਦੀਆਂ ਨੇ ਕਿਹਾ ਕਿ ਇਸ ਸਮੱਸਿਆ ’ਤੇ ਲੋਕਾਂ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੈ। ਬਿਨਾਂ ਸੋਚੇ-ਸਮਝੇ ਕੁੱਤਿਆਂ ਨੂੰ ਖਾਣਾ ਪਾਉਣ ਦੀ ਬਜਾਏ ਸਥਾਨਕ ਐਨਜੀਓਜ਼ ਜਾਂ ਨਗਰ ਕੌਂਸਲ ਨਾਲ ਮਿਲ ਕੇ ਉਨ੍ਹਾਂ ਦੇ ਟੀਕਾਕਰਨ ਅਤੇ ਸ਼ੈਲਟਰ ਵਿੱਚ ਭੇਜਣ ਦੇ ਉਪਰਾਲੇ ਕਰਨੇ ਚਾਹੀਦੇ ਹਨ।
ਪੰਜਾਬੀ ਟ੍ਰਿਬਯੂਨ