ਮੁਡ਼ ਹਡ਼੍ਹਾਂ ਦਾ ਡਰ ਸਤਾਉਣ ਲੱਗਾ; ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਿੰਡਾਂ ਦਾ ਦੌਰਾ ਕੀਤਾ
13 ਜੂਨ, 2026 – ਰਮਦਾਲਾ/ਅਜਨਾਲਾ : ਪਿਛਲੇ ਵਰ੍ਹੇ ਹੜ੍ਹਾਂ ਦੀ ਮਾਰ ਹੇਠ ਆਏ ਰਾਵੀ ਦਰਿਆ ਨੇੜਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਦਰਿਆ ’ਚ ਹੋ ਰਹੀ ਕਥਿਤ ਨਾਜਾਇਜ਼ ਮਾਈਨਿੰਗ ਅਤੇ ਬੰਨ੍ਹਾਂ ਦੀ ਖਸਤਾ ਹਾਲਤ ਕਾਰਨ ਮੁੜ ਹੜ੍ਹਾਂ ਦਾ ਡਰ ਸਤਾਉਣ ਲੱਗਾ ਹੈ।
ਲੋਕਾਂ ਨੇ ਸਰਕਾਰ ਅਤੇ ਅਧਿਕਾਰੀਆਂ ਤੋਂ ਤੁਰੰਤ ਇਸ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਲੋਕਾਂ ਵਿਚ ਪੈਦਾ ਹੋ ਰਹੇ ਰੋਸ ਨੂੰ ਵੇਖਦਿਆਂ ਅੱਜ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਪਿੰਡਾਂ ਚਾਹੜਪੁਰ, ਕੋਟਲਾ, ਪੰਜਗਰਾਈਂ, ਜੱਟਾ, ਘੋਨੇਵਾਲ, ਘੁੰਮਰਾਏ, ਦਰਿਆ ਮੂਸਾ, ਰੂੜੀਵਾਲ ਅਤੇ ਧਨਗਈ ਸਮੇਤ ਹੋਰ ਇਲਾਕਿਆਂ ਦਾ ਦੌਰਾ ਕਰਕੇ ਦਰਿਆਈ ਬੰਨ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਬੰਨ੍ਹਾਂ ਦੀ ਮਾੜੀ ਹਾਲਤ ਅਤੇ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਪੰਜਾਬ ਸਰਕਾਰ ਤੇ ਸਬੰਧਤ ਵਿਭਾਗਾਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਆਏ ਹੜ੍ਹਾਂ ਕਾਰਨ ਇਸ ਇਲਾਕੇ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ, ਪਰ ਇਸ ਦੇ ਬਾਵਜੂਦ ਸਰਕਾਰ ਨੇ ਸਮੇਂ ਸਿਰ ਬੰਨ੍ਹਾਂ ਅਤੇ ਸਪਰਾਂ ਨੂੰ ਮਜ਼ਬੂਤ ਕਰਨ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਬੰਨ੍ਹਾਂ ਅਤੇ ਸਪਰਾਂ ਦੀ ਮੁਰੰਮਤ ਦੇ ਨਾਂ ’ਤੇ ਖਰਚ ਕੀਤੇ ਗਏ ਫੰਡਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਇਲਾਕਿਆਂ ਵਿੱਚ ਹਾਲਾਤ ਬੇਹੱਦ ਚਿੰਤਾਜਨਕ ਹਨ ਅਤੇ ਕਈ ਥਾਵਾਂ ’ਤੇ ਦਰਿਆ ਦਾ ਪਾਣੀ ਸਿੱਧਾ ਬੰਨ੍ਹਾਂ ਦੇ ਨਾਲ-ਨਾਲ ਵਹਿ ਰਿਹਾ ਹੈ। ਜੇ ਆਉਣ ਵਾਲੇ ਦਿਨਾਂ ਵਿੱਚ ਪਾਣੀ ਦਾ ਪੱਧਰ ਵਧਦਾ ਹੈ ਤਾਂ ਸਰਹੱਦੀ ਪਿੰਡਾਂ ਲਈ ਵੱਡਾ ਖ਼ਤਰਾ ਪੈਦਾ ਹੋ ਸਕਦਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਡੀ-ਸਿਲਟਿੰਗ ਦੇ ਨਾਂ ’ਤੇ ਖੁੱਲ੍ਹੇਆਮ ਗ਼ੈਰ-ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ, ਜਿਸ ਕਾਰਨ ਦਰਿਆ ਦੇ ਕੁਦਰਤੀ ਵਹਾਅ ’ਤੇ ਅਸਰ ਪੈ ਰਿਹਾ ਹੈ ਅਤੇ ਕਟਾਅ ਦਾ ਖ਼ਤਰਾ ਵੱਧ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ, ਬੰਨ੍ਹਾਂ ਦੀ ਸਥਿਤੀ ਦਾ ਤਕਨੀਕੀ ਮੁਲਾਂਕਣ ਕਰਵਾਇਆ ਜਾਵੇ ਅਤੇ ਜੇ ਕਿਸੇ ਤਰ੍ਹਾਂ ਦੀ ਬੇਨਿਯਮੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਅਧਿਕਾਰੀਆਂ ਤੇ ਸਬੰਧਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪੰਜਾਬੀ ਟ੍ਰਿਬਯੂਨ