ਨਸ਼ਿਆਂ ਨੂੰ ਠੱਲ੍ਹ ਪਾਉਣ ’ਚ ਨਾਕਾਮ ਸਰਕਾਰ ਨੂੰ ਚਲਦਾ ਕਰਨ ਦਾ ਸੱਦਾ
26 ਅਕਤੂਬਰ, 2026 ਮਾਨਸਾ : ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਲਈ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਪੰਜਾਬ ਭਰ ਵਿੱਚ ਝਾੜੂ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਰੋਸ ਐਕਸ਼ਨ ਰਾਹੀਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਨਾਕਾਮ ਸਰਕਾਰ ਨੂੰ ਚਲਦਾ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਐਕਸ਼ਨ ਕਮੇਟੀ ਦੇ ਸੱਦੇ ਵਿੱਚ ਝਾੜੂ ਫੂਕਣ ਦੇ ਨਾਲ ਨਸ਼ਿਆਂ ਵਿਰੁੱਧ ਮਤੇ ਪਾਉਣ ਅਤੇ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਇਕਜੁੱਟ ਹੋਣ ’ਤੇ ਜ਼ੋਰ ਦਿੱਤਾ ਗਿਆ ਹੈ। ਕਮੇਟੀ ਨੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਉਠਾਉਂਦਿਆਂ ਸੰਘਰਸ਼ ਨੂੰ ਪਿੰਡਾਂ ਅਤੇ ਸ਼ਹਿਰਾਂ ਤੱਕ ਲਿਜਾਉਣ ਦਾ ਹੋਕਾ ਦਿੱਤਾ ਹੈ।
ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਆਪਣੀਆਂ ਪਿੰਡ ਇਕਾਈਆਂ ਨੂੰ ਮੁੱਖ ਮੰਤਰੀ ਅਤੇ ਕਥਿਤ ਨਸ਼ਾ ਤਸਕਰਾਂ, ਸਿਆਸਤਦਾਨਾਂ ਤੇ ਪੁਲੀਸ ਗੱਠਜੋੜ ਦੇ ਪੁਤਲੇ ਫੂਕਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਦੇ ਹਰ ਐਕਸ਼ਨ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।
ਪੰਜਾਬੀ ਟ੍ਰਿਬਯੂਨ