ਮੋਦੀ ਸਰਕਾਰ ਨੇ ਕੇਂਦਰ ਵੱਲੋਂ ਫੰਡ ਕੀਤੇ ਬਹਾਲ: ਸੁਨੀਲ ਜਾਖੜ
21 ਮਾਰਚ, 2026 – ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਸਰਹੱਦੀ ਜ਼ਿਲ੍ਹਿਆਂ ਲਈ ਵਿਸ਼ੇਸ਼ ਗ੍ਰਾਂਟ ਬਹਾਲ ਕਰ ਦਿੱਤੀ ਹੈ, ਜਦੋਂ ਕਿ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਗ੍ਰਾਂਟ ਦੀ ਵਰਤੋਂ ਕਰਨ ਵਿੱਚ ਅਸਫਲ ਰਹੀ ਸੀ ਅਤੇ ਫੰਡ ਲੈਪਸ (ਖ਼ਤਮ) ਹੋ ਗਏ ਸਨ।
ਇਸ ਗ੍ਰਾਂਟ ਤਹਿਤ ਪੰਜਾਬ ਨੂੰ 814 ਕਰੋੜ ਰੁਪਏ ਮਿਲਣਗੇ। ਇਸ ਰਾਸ਼ੀ ਦਾ ਵੱਡਾ ਹਿੱਸਾ ਸਰਹੱਦੀ ਜ਼ਿਲ੍ਹਿਆਂ ਵਿੱਚ ਵਰਤਿਆ ਜਾਣਾ ਹੈ, ਜਿਸ ਤਹਿਤ 628.48 ਕਿਲੋਮੀਟਰ ਦੀ ਕੁੱਲ ਲੰਬਾਈ ਵਾਲੀਆਂ 64 ਸੜਕਾਂ ਅਤੇ 38 ਨਵੇਂ ਪੁਲ ਬਣਾਏ ਜਾਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਦੀ ਸੁਸਤ ਕਾਰਗੁਜ਼ਾਰੀ ਦੇ ਬਾਵਜੂਦ ਸੂਬੇ ਦੇ ਵੱਡੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਗ੍ਰਾਂਟ ਨੂੰ ਬਹਾਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਸੁਨੀਲ ਜਾਖੜ ਨੇ ਕਿਹਾ, “ਕੇਂਦਰੀ ਗ੍ਰਾਂਟ, ਜੋ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਸਮੇਂ ਸਿਰ ਫੰਡਾਂ ਦੀ ਵਰਤੋਂ ਨਾ ਕੀਤੇ ਜਾਣ ਕਾਰਨ ਰੱਦ ਹੋ ਗਈ ਸੀ, ਨੂੰ ਹੁਣ ਭਾਰਤ ਸਰਕਾਰ ਨੇ ਮੁੜ ਬਹਾਲ ਕਰ ਦਿੱਤਾ ਹੈ।” ਉਨ੍ਹਾਂ ਦੱਸਿਆ ਕਿ ਇਹ ਗ੍ਰਾਂਟ ਪਿਛਲੇ ਸਾਲ ਤੱਕ ਵਰਤੀ ਜਾਣੀ ਸੀ ਅਤੇ ਕੇਂਦਰ ਸਰਕਾਰ ਨੇ ਹਦਾਇਤ ਕੀਤੀ ਸੀ ਕਿ ਇਹ ਕੰਮ 31 ਮਾਰਚ 2025 ਤੋਂ ਪਹਿਲਾਂ ਸ਼ੁਰੂ ਕੀਤੇ ਜਾਣ।
ਭਾਜਪਾ ਆਗੂ ਨੇ ਕਿਹਾ ਕਿ ਇਹ ਪੰਜਾਬ ਦੀ ‘ਆਪ’ ਸਰਕਾਰ ਦੀ ਅਸਲੀਅਤ ਨੂੰ ਦਰਸਾਉਂਦਾ ਹੈ, ਜੋ ਇੱਕ ਪਾਸੇ ਕੇਂਦਰੀ ਗ੍ਰਾਂਟਾਂ ਦੀ ਸਮੇਂ ਸਿਰ ਵਰਤੋਂ ਕਰਨ ਵਿੱਚ ਅਸਫਲ ਰਹਿੰਦੀ ਹੈ ਅਤੇ ਦੂਜੇ ਪਾਸੇ ਮੁੱਖ ਮੰਤਰੀ ਸਿਆਸੀ ਲਾਹੇ ਲਈ ਕੇਂਦਰ ਸਰਕਾਰ ਵਿਰੁੱਧ ਗਲਤ ਪ੍ਰਚਾਰ ਕਰਦੇ ਰਹਿੰਦੇ ਹਨ। ਉਨ੍ਹਾਂ ਦੁਹਰਾਇਆ ਕਿ ਕੇਂਦਰ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਲਗਾਤਾਰ ਮਦਦ ਕਰ ਰਹੀ ਹੈ ਅਤੇ ਸਿੰਜਾਈ ਪ੍ਰੋਜੈਕਟਾਂ ਲਈ ਵੀ ਵੱਡੀ ਸਹਾਇਤਾ ਦਿੱਤੀ ਹੈ। ਹਾਲਾਂਕਿ, ਮੁੱਖ ਮੰਤਰੀ ਕੇਂਦਰੀ ਫੰਡਾਂ ਨਾਲ ਕੀਤੇ ਗਏ ਕੰਮਾਂ, ਜਿਵੇਂ ਕਿ ਨਹਿਰਾਂ ਅਤੇ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਨੂੰ ਆਪਣੀਆਂ ਨਿੱਜੀ ਪ੍ਰਾਪਤੀਆਂ ਵਜੋਂ ਪੇਸ਼ ਕਰ ਰਹੇ ਹਨ।
ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਇਸ ਗ੍ਰਾਂਟ ਦੀ ਬਹਾਲੀ ਤੋਂ ਬਾਅਦ ਨਾ ਤਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਮੰਤਰੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਇਸ ਦੀ ਬਜਾਏ, ਇਸ ਜਾਣਕਾਰੀ ਨੂੰ ਜਨਤਾ ਤੋਂ ਛੁਪਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਲੋਕਾਂ ਨੂੰ ਇਹ ਪਤਾ ਨਾ ਲੱਗ ਸਕੇ ਕਿ ਸੂਬਾ ਸਰਕਾਰ ਦੀ ਨਾਕਾਮੀ ਦੇ ਬਾਵਜੂਦ ਕੇਂਦਰ ਨੇ ਪੰਜਾਬ ਲਈ ਇਕ ਵਾਰ ਫਿਰ 814 ਕਰੋੜ ਰੁਪਏ ਜਾਰੀ ਕੀਤੇ ਹਨ।
ਪੰਜਾਬੀ ਟ੍ਰਿਬਯੂਨ