ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸੰਭਾਲ ਲਈ SGPC ਅਤੇ ਕਾਰ ਸੇਵਾ ਸੰਸਥਾਵਾਂ ਨੂੰ ਇਜਾਜ਼ਤ ਦੇਣ ਦੀ ਮੰਗ।
01 ਜੁਲਾਈ, 2026 – ਅੰਮ੍ਰਿਤਸਰ: ਪਾਕਿਸਤਾਨ ਦੇ ਫਾਰੂਕਾਬਾਦ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸੱਚਾ ਸੌਦਾ ਦੇ ਨੇੜੇ ਸਥਿਤ ਕਰੀਬ 125 ਸਾਲ ਪੁਰਾਣੇ ਗੁਰਦੁਆਰਾ ਸਿੰਘ ਸਭਾ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਢਾਹੇ ਜਾਣ ਦੀ ਖ਼ਬਰ ਤੋਂ ਬਾਅਦ ਦੁਨੀਆ ਭਰ ਦੀਆਂ ਸਿੱਖ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਆਗੂਆਂ ਵੱਲੋਂ ਪਾਕਿਸਤਾਨ ਸਰਕਾਰ ਕੋਲ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ
ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ “24 ਅਤੇ 25 ਜੂਨ ਦੀ ਦਰਮਿਆਨੀ ਰਾਤ ਨੂੰ ਗੁਰਦੁਆਰਾ ਸਿੰਘ ਸਭਾ ਨੂੰ ਢਾਹੇ ਜਾਣ ਦੀ ਘਟਨਾ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਈ ਹੈ। ਗੁਰਦੁਆਰਾ ਸਾਹਿਬ ਸਿੱਖ ਇਤਿਹਾਸ ਅਤੇ ਵਿਰਾਸਤ ਦੇ ਅਹਿਮ ਕੇਂਦਰ ਹਨ ਅਤੇ ਇਨ੍ਹਾਂ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ।”
ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ
ਭਾਈ ਮਨਜੀਤ ਸਿੰਘ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਮੁੱਖ ਮੰਤਰੀ ਮਰਿਯਮ ਨਵਾਜ਼ ਸ਼ਰੀਫ਼ ਨੂੰ ਅਪੀਲ ਕਰਦਿਆਂ ਕਿਹਾ ਕਿ “ਉਹ ਖੁਦ ਇਸ ਮਾਮਲੇ ਵਿੱਚ ਦਖ਼ਲ ਦੇਣ ਅਤੇ ਗੁਰਦੁਆਰਾ ਸਾਹਿਬ ਨੂੰ ਢਾਹੁਣ ਵਾਲੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਉਣ। ਉਨ੍ਹਾਂ ਮੰਗ ਕੀਤੀ ਕਿ ਢਾਹੀ ਗਈ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਜਲਦ ਤੋਂ ਜਲਦ ਮੁੜ ਉਸਾਰਿਆ ਜਾਵੇ, ਤਾਂ ਜੋ ਸੰਗਤ ਦੀਆਂ ਭਾਵਨਾਵਾਂ ਦਾ ਸਨਮਾਨ ਹੋ ਸਕੇ। ਪਾਕਿਸਤਾਨ ਵਿੱਚ ਸਿੱਖ ਧਰਮ ਨਾਲ ਸਬੰਧਤ ਅਨੇਕਾਂ ਇਤਿਹਾਸਕ ਗੁਰਧਾਮ ਮੌਜੂਦ ਹਨ, ਜਿਨ੍ਹਾਂ ਦਾ ਸਬੰਧ ਸ੍ਰੀ ਗੁਰੂ ਨਾਨਕ ਦੇਵ ਜੀ ਸਮੇਤ ਹੋਰ ਗੁਰੂ ਸਾਹਿਬਾਨ ਨਾਲ ਹੈ। ਇਨ੍ਹਾਂ ਧਾਰਮਿਕ ਅਸਥਾਨਾਂ ਦੀ ਸੰਭਾਲ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦੀ ਜ਼ਿੰਮੇਵਾਰੀ ਹੈ।”
SGPC ਤੇ ਕਾਰ ਸੇਵਾ ਨੂੰ ਦਿੱਤੀ ਜਾਵੇ ਜ਼ਿੰਮੇਵਾਰੀ
ਭਾਈ ਮਨਜੀਤ ਸਿੰਘ ਨੇ ਇਹ ਵੀ ਮੰਗ ਕੀਤੀ ਕਿ ਪਾਕਿਸਤਾਨ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਾਰ ਸੇਵਾ ਵਾਲੇ ਸੰਤਾਂ ਨੂੰ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਅਤੇ ਸੰਭਾਲ ਕਰਨ ਦੀ ਇਜਾਜ਼ਤ ਦੇਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਇਨ੍ਹਾਂ ਇਤਿਹਾਸਕ ਗੁਰਧਾਮਾਂ ਦੀ ਬਿਹਤਰ ਢੰਗ ਨਾਲ ਦੇਖਭਾਲ ਅਤੇ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸਕ ਧਾਰਮਿਕ ਅਸਥਾਨਾਂ ਨਾਲ ਡੂੰਘੀ ਸਾਂਝ ਰੱਖਦੀ ਹੈ ਅਤੇ ਅਜਿਹੀਆਂ ਘਟਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।
ETV BHARAT