ਸਿਹਤ ਮੰਤਰੀ ਦੀ ਰਿਹਾਇਸ਼ ਬਾਹਰ ਧਰਨੇ ਦੌਰਾਨ ਮਾਹੌਲ ਬਣਿਆ ਤਣਾਅਪੂਰਨ !
ਮੰਗਾਂ ਨੂੰ ਲੈਕੇ ਆਸ਼ਾ ਵਕਰਕਾਂ ਵੱਲੋਂ ਸਿਹਤ ਮੰਤਰੀ ਦੀ ਰਿਹਾਇਸ਼ ਬਾਹਰ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਮੌਕੇ ‘ਤੇ ਮਾਹੌਲ ਤਣਾਅਪੂਰਨ ਬਣ ਗਿਆ।
22 ਜੂਨ, 2026 – ਪਟਿਆਲਾ: ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਨੇ ਸ਼ਨੀਵਾਰ ਨੂੰ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪਟਿਆਲਾ ਸਥਿਤ ਰਿਹਾਇਸ਼ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕਰ ਰਹੀਆਂ ਪ੍ਰਦਰਸ਼ਨਕਾਰੀ ਮਹਿਲਾਵਾਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਅਤੇ ਝੜਪ ਹੋ ਗਈ। ਕਾਫੀ ਸਮਾਂ ਮੌਕੇ ’ਤੇ ਮਾਹੌਲ ਤਣਾਅਪੂਰਨ ਬਣਿਆ ਦਿਖਾਈ ਦਿੱਤਾ।
ਆਸ਼ਾਂ ਵਰਕਰਾਂ ਦੀਆਂ ਕੀ ਨੇ ਮੰਗਾਂ ?
ਆਸ਼ਾ ਵਰਕਰ ਯੂਨੀਅਨ ਪੰਜਾਬ ਦੀ ਸੂਬਾ ਪ੍ਰਧਾਨ ਕਿਰਨਦੀਪ ਕੌਰ ਨੇ ਦੱਸਿਆ ਕਿ “ਉਨ੍ਹਾਂ ਦੀ ਮੁੱਖ ਮੰਗ ਆਸ਼ਾ ਵਰਕਰਾਂ ਲਈ ਘੱਟੋ–ਘੱਟ 24 ਹਜ਼ਾਰ ਰੁਪਏ ਮਹੀਨਾਵਾਰ ਬੇਸਿਕ ਤਨਖ਼ਾਹ ਲਾਗੂ ਕਰਨ ਦੀ ਹੈ। ਪੰਜਾਬ ਸਰਕਾਰ ਨੇ ਚੋਣਾਂ ਦੌਰਾਨ 2,500 ਰੁਪਏ ਪ੍ਰੋਤਸਾਹਨ ਰਾਸ਼ੀ ਨੂੰ ਦੁੱਗਣਾ ਕਰਨ ਦਾ ਵਾਅਦਾ ਵੀ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।”
ਪੁਲਿਸ ਨੇ ਕਾਰਵਾਈ ਦੌਰਾਨ ਕਈ ਮਹਿਲਾ ਵਰਕਰਾਂ ਨਾਲ ਧੱਕਾ-ਮੁੱਕੀ ਕੀਤੀ ਗਈ, ਉਨ੍ਹਾਂ ਦੀਆਂ ਚੁੰਨੀਆਂ ਖਿੱਚੀਆਂ ਅਤੇ ਪਾੜ ਦਿੱਤੀਆਂ ਗਈਆਂ। ਕਈ ਮਹਿਲਾਵਾਂ ਨੂੰ ਸੱਟਾਂ ਵੀ ਲੱਗੀਆਂ ਅਤੇ ਕੁਝ ਦੇ ਪੈਰਾਂ ਵਿੱਚੋਂ ਖੂਨ ਵੀ ਨਿਕਲਿਆ। ਮਹਿਲਾਵਾਂ ਨਾਲ ਇਸ ਤਰ੍ਹਾਂ ਦਾ ਵਤੀਰਾ ਲੋਕਤੰਤਰੀ ਹੱਕਾਂ ਦਾ ਘਾਣ ਹੈ। – ਕਿਰਨਦੀਪ ਕੌਰ , ਪ੍ਰਧਾਨ, ਆਸ਼ਾ ਵਰਕਰ ਯੂਨੀਅਨ ਪੰਜਾਬ
ਪ੍ਰਸ਼ਾਸਨ ‘ਤੇ ਲਗਾਏ ਗੰਭੀਰ ਇਲਜ਼ਾਮ
ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਤੋਂ ਸਿਹਤ ਵਿਭਾਗ ਦੀਆਂ ਅਨੇਕਾਂ ਯੋਜਨਾਵਾਂ ਅਤੇ ਸਰਕਾਰੀ ਪ੍ਰੋਗਰਾਮਾਂ ਤਹਿਤ ਲਗਾਤਾਰ ਕੰਮ ਲਿਆ ਜਾਂਦਾ ਹੈ, ਪਰ ਸਿਰਫ਼ 2,500 ਰੁਪਏ ਵਿੱਚ ਗੁਜ਼ਾਰਾ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਉਨ੍ਹਾਂ ਦਾ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਸੀ, ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਿਹਤ ਮੰਤਰੀ ਤੱਕ ਆਪਣੀ ਆਵਾਜ਼ ਪਹੁੰਚਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।
ਪ੍ਰਦਰਸ਼ਨਕਾਰੀਆਂ ਦੀ ਚਿਤਾਵਨੀ
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਸ ਵੇਲੇ ਆਸ਼ਾ ਵਰਕਰਾਂ ਦਾ ਧਰਨਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਪਟਿਆਲਾ ਸਥਿਤ ਨਿੱਜੀ ਰਿਹਾਇਸ਼ ਦੇ ਬਾਹਰ ਜਾਰੀ ਹੈ ਅਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ‘ਤੇ ਸਕਾਰਾਤਮਕ ਫ਼ੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਆਸ਼ਾ ਵਰਕਰਾਂ ਨੇ ਸੌਂਪਿਆ ਮੰਗ ਪੱਤਰ
ਇਸ ਦੌਰਾਨ ਐਸਡੀਐਮ ਗੁਰਦੇਵ ਸਿੰਘ ਧੰਮ ਨੇ ਕਿਹਾ ਕਿ “ਆਸ਼ਾ ਵਰਕਰ ਪੰਜਾਬ ਭਰ ਤੋਂ ਆਪਣੀਆਂ ਵੱਖ–ਵੱਖ ਮੰਗਾਂ ਨੂੰ ਲੈ ਕੇ ਪਟਿਆਲਾ ਪਹੁੰਚੀਆਂ ਹਨ। ਯੂਨੀਅਨ ਵੱਲੋਂ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜੋ ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੱਕ ਪਹੁੰਚਾ ਦਿੱਤਾ ਜਾਵੇਗਾ।”
ਐਸਡੀਐਮ ਨੇ ਕਿਹਾ ਕਿ ਆਸ਼ਾ ਵਰਕਰਾਂ ਦੀ ਮੁੱਖ ਮੰਗ ਉਨ੍ਹਾਂ ਦੇ ਮਹੀਨਾਵਾਰ ਮਾਣ-ਭੱਤੇ ਵਿੱਚ ਵਾਧਾ ਕਰਨ ਦੀ ਹੈ। ਉਨ੍ਹਾਂ ਮੰਨਿਆ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀਆਂ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਲਾਗੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਦੌਰਾਨ ਧੱਕਾ-ਮੁੱਕੀ ਸਬੰਧੀ ਸ਼ਿਕਾਇਤਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾ ਦਿੱਤਾ ਜਾਵੇਗਾ। ਜੇਕਰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਬਣਦੀ ਹੈ ਤਾਂ ਕਾਨੂੰਨ ਅਨੁਸਾਰ ਉਚਿਤ ਕਾਰਵਾਈ ਕੀਤੀ ਜਾਵੇਗੀ।
ETV BHARAT