ਪੁਲੀਸ ਨੇ ਮਾਨ ਦੀ ਰਿਹਾਇਸ਼ ਘੇਰਨ ਜਾ ਰਹੇ ਚੌਕੀਦਾਰ ਰਿਹਾਇਸ਼ੀ ਕਲੋਨੀ ਦੇ ਗੇਟ ’ਤੇ ਰੋਕੇ
28 ਫਰਵਰੀ, 2026 – ਸੰਗਰੂਰ : ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਘੇਰਨ ਪੁੱਜੇ ਪੰਜਾਬ ਦੇ ਚੌਕੀਦਾਰਾਂ ਨੇ ਪੁਲੀਸ ਵੱਲੋਂ ਰੋਕਣ ਮਗਰੋਂ ਉਥੇ ਹੀ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਸ਼ਾਸਨ ਨੇ ਦਖ਼ਲ ਦਿੰਦਿਆਂ ਚੌਕੀਦਾਰਾਂ ਦੇ ਸੂਬਾਈ ਵਫ਼ਦ ਦੀ ਮਾਲ ਮੰਤਰੀ ਨਾਲ 3 ਮਾਰਚ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਤੈਅ ਕਰਵਾਈ, ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ।
ਆਜ਼ਾਦ ਪੇਂਡੂ ਚੌਕੀਦਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਚੌਕੀਦਾਰ ਜ਼ੀਰਕਪੁਰ-ਬਠਿੰਡਾ ਕੌਮੀ ਮਾਰਗ-7 ’ਤੇ ਪਟਿਆਲਾ-ਸੰਗਰੂਰ ਬਾਈਪਾਸ ਦੇ ਓਵਰਬ੍ਰਿਜ ਹੇਠਾਂ ਇਕੱਠੇ ਹੋਏ। ਇੱਥੋਂ ਬਾਅਦ ਦੁਪਹਿਰ ਉਹ ਕਾਲੇ ਝੰਡਿਆਂ ਨਾਲ ਰੋਸ ਮਾਰਚ ਕਰਦਿਆਂ ਜਿਉਂ ਹੀ ਮੁੱਖ ਮੰਤਰੀ ਦੀ ਕੋਠੀ ਵੱਲ ਵਧੇ ਤਾਂ ਪੁਲੀਸ ਨੇ ਨਾਕਾ ਲਾ ਕੇ ਉਨ੍ਹਾਂ ਨੂੰ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ’ਤੇ ਹੀ ਰੋਕ ਲਿਆ। ਇਸ ਤੋਂ ਬਾਅਦ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਸੜਕ ’ਤੇ ਬੈਠ ਕੇ ਆਵਾਜਾਈ ਠੱਪ ਕਰ ਦਿੱਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸਤਿਗੁਰ ਸਿੰਘ ਮਾਝੀ ਨੇ ਕਿਹਾ ਕਿ ਪੇਂਡੂ ਚੌਕੀਦਾਰ 24 ਘੰਟੇ ਡਿਊਟੀ ਕਰਦੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਸਿਰਫ਼ 1500 ਰੁਪਏ ਮਹੀਨਾ ਮਿਹਨਤਾਨਾ ਦੇ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ। ਉਨ੍ਹਾਂ ਗੁਆਂਢੀ ਸੂਬੇ ਹਰਿਆਣਾ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਥੇ ਚੌਕੀਦਾਰਾਂ ਨੂੰ 11 ਹਜ਼ਾਰ ਰੁਪਏ ਤਨਖ਼ਾਹ, 4 ਹਜ਼ਾਰ ਰੁਪਏ ਸਾਲਾਨਾ ਵਰਦੀ ਭੱਤਾ, 2500 ਰੁਪਏ ਡੰਡਾ ਤੇ ਬੈਟਰੀ ਭੱਤਾ ਅਤੇ ਸੇਵਾਮੁਕਤੀ ’ਤੇ 2 ਲੱਖ ਰੁਪਏ ਦਿੱਤੇ ਜਾਂਦੇ ਹਨ।
ਇਸ ਤੋਂ ਇਲਾਵਾ ਹਰਿਆਣਾ ਵਿੱਚ 3 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਈ ਪੀ ਐੱਫ ਦੀ ਸਹੂਲਤ ਵੀ ਮਿਲਦੀ ਹੈ ਪਰ ਪੰਜਾਬ ਦੇ ਚੌਕੀਦਾਰ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਹਨ। ਉਨ੍ਹਾਂ ਚੌਕੀਦਾਰਾਂ ਨੂੰ ਵੀ ਸਰਕਾਰੀ ਮੁਲਾਜ਼ਮਾਂ ਵਾਂਗ ਚੋਣ ਡਿਊਟੀ ਭੱਤਾ ਦੇਣ ਅਤੇ ‘ਪੇਂਡੂ ਚੌਕੀਦਾਰ ਵੈਲਫੇਅਰ ਬੋਰਡ’ ਸਥਾਪਤ ਕਰਨ ਦੀ ਮੰਗ ਕੀਤੀ। ਧਰਨੇ ਨੂੰ ਮੀਤ ਪ੍ਰਧਾਨ ਪਾਲ ਸਿੰਘ ਅਰਨੋਂ, ਜਰਨੈਲ ਸਿੰਘ, ਸਮਸ਼ੇਰ ਸਿੰਘ, ਗੁਰਮੇਲ ਸਿੰਘ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ।
ਪੰਜਾਬੀ ਟ੍ਰਿਬਯੂਨ