2027 ‘ਚ ਨਤੀਜੇ ਭੁਗਤਨ ਦੀ ਦਿੱਤੀ ਚਿਤਾਵਨੀ
ਸਿਹਤ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਨੇ ਸਾਡੇ ਨਾਲ ਕੀਤੇ ਹੋਏ ਵਾਅਦੇ ਪੂਰੇ ਨਹੀਂ ਕੀਤੇ, ਪਰ ਅਸੀਂ ਪਿੱਛੇ ਨਹੀਂ ਹਟਾਂਗੇ।
07 ਅਗਸਤ, 2026 – ਫਿਰੋਜ਼ਪੁਰ: ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਨੂੰ ਲੈਕੇ, ਅੱਜ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦੇ ਬਾਹਰ ਪੈਰਾ ਮੈਡੀਕਲ ਸਟਾਫ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਗੇਟ ਰੈਲੀ ਕੱਢ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਹੱਕੀ ਮੰਗਾਂ ਲਈ ਅਵਾਜ਼ ਬੁਲੰਦ ਕੀਤੀ।
ਮਹਾਂ ਰੈਲੀ ਦੀ ਤਿਆਰੀ
ਰੈਲੀ ਨੂੰ ਸੰਬੋਧਨ ਕਰਦਿਆਂ ਕਰਮਚਾਰੀਆਂ ਨੇ ਕਿਹਾ ਕਿ ‘ਪੰਜਾਬ ਸਰਕਾਰ ਵਾਰ–ਵਾਰ ਭਰੋਸੇ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ। ਕੱਲ੍ਹ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਇੱਕ ਮਹਾਂ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਸਿਹਤ ਵਿਭਾਗ ਸਮੇਤ ਪੰਜਾਬ ਸਰਕਾਰ ਦੇ ਵੱਖ–ਵੱਖ ਵਿਭਾਗਾਂ ਦੇ ਕਰਮਚਾਰੀ ਵੱਡੀ ਗਿਣਤੀ ਵਿੱਚ ਹਿੱਸਾ ਲੈਣਗੇ। ਫਿਰੋਜ਼ਪੁਰ ਵਿੱਚ ਕੀਤੀ ਗਈ ਇਹ ਗੇਟ ਰੈਲੀ ਉਸੇ ਮਹਾਂ ਰੈਲੀ ਦੀ ਤਿਆਰੀ ਦਾ ਹਿੱਸਾ ਹੈ।‘
ਸਰਕਾਰ 2027 ‘ਚ ਭੁਗਤੇਗੀ ਨਤੀਜੇ
ਕਰਮਚਾਰੀਆਂ ਨੇ ਕਿਹਾ ਕਿ ‘ਪੰਜਾਬ ਸਰਕਾਰ ਜਿੱਥੇ ਮਰਜੀ ਭੱਜ ਲਵੇ ਅਸੀਂ ਆਪਣੀਆਂ ਮੰਗਾਂ ਮਨਵਾ ਕੇ ਰਹਾਂਗੇ। ਜੋ ਅੱਜ ਪੰਜਾਬ ਸਰਕਾਰ ਸਾਡੇ ਨਾਲ ਕਰ ਰਹੀ ਹੈ, ਇਸ ਦਾ ਨਤੀਜਾ ਸਰਕਾਰ ਨੂੰ 2027 ਦੀਆਂ ਵੋਟਾਂ ਵੇਲੇ ਨਜ਼ਰ ਆਵੇਗਾ।‘ ਕਰਮਚਾਰੀਆਂ ਨੇ ਕਿਹਾ ਕਿ ‘ਸਾਡੀਆਂ ਮੁੱਖ ਮੰਗਾਂ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਬਕਾਇਆ ਮਹਿੰਗਾਈ ਭੱਤਾ (ਡੀ.ਏ.) ਜਾਰੀ ਕਰਨਾ ਅਤੇ ਹੋਰ ਲੰਬਿਤ ਮੰਗਾਂ ਦਾ ਜਲਦ ਨਿਪਟਾਰਾ ਕਰਨਾ ਸ਼ਾਮਲ ਹੈ। ਡੀ.ਏ. ਸਬੰਧੀ ਉਹ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਵੀ ਕੇਸ ਜਿੱਤ ਚੁੱਕੇ ਹਨ, ਪਰ ਇਸ ਦੇ ਬਾਵਜੂਦ ਸਰਕਾਰ ਵੱਲੋਂ ਬਕਾਇਆ ਰਕਮ ਜਾਰੀ ਨਹੀਂ ਕੀਤੀ ਗਈ। ਕਰਮਚਾਰੀਆਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਦੀ ਨੀਅਤ ਕਰਮਚਾਰੀਆਂ ਦੇ ਹੱਕਾਂ ਪ੍ਰਤੀ ਗੰਭੀਰ ਨਹੀਂ ਹੈ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਨੂੰ ਨਹੀਂ ਮੰਨਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।‘
ਉਨ੍ਹਾਂ ਕਿਹਾ ਕਿ ‘ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲੋਕਤਾਂਤਰਿਕ ਢੰਗ ਨਾਲ ਅੰਦੋਲਨ ਜਾਰੀ ਰੱਖਣਗੇ ਅਤੇ ਚੰਡੀਗੜ੍ਹ ਵਿੱਚ ਹੋਣ ਵਾਲੀ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਤੱਕ ਆਪਣੀ ਆਵਾਜ਼ ਪਹੁੰਚਾਉਣਗੇ।‘
ETV BHARAT