ਤਰੁਣ ਚੁੱਘ ਦਾ ਤਿੰਨ ਦਿਨਾਂ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਤਰੁਣ ਚੁੱਘ 14 ਤੋਂ 16 ਅਗਸਤ ਤੱਕ ਅੰਮ੍ਰਿਤਸਰ ਵਿੱਚ ਰੁਕਣਗੇ।
17 ਅਗਸਤ, 2026 – ਅੰਮ੍ਰਿਤਸਰ: ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਦਾ ਤਿੰਨ ਦਿਨਾਂ ਅੰਮ੍ਰਿਤਸਰ ਦੌਰਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਤਰੁਣ ਚੁੱਘ 14 ਤੋਂ 16 ਅਗਸਤ ਤੱਕ ਅੰਮ੍ਰਿਤਸਰ ਵਿੱਚ ਰੁਕਣਗੇ। ਇਸ ਦੌਰਾਨ ਉਹ ਤਿਰੰਗਾ ਯਾਤਰਾ, ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮਾਂ, ਧਾਰਮਿਕ ਸਮਾਗਮਾਂ, ਸਮਾਜਿਕ ਮੁਲਾਕਾਤਾਂ ਅਤੇ ਪਾਰਟੀ ਨਾਲ ਸਬੰਧਤ ਕਈ ਅਹਿਮ ਗਤੀਵਿਧੀਆਂ ਵਿੱਚ ਸ਼ਿਰਕਤ ਕਰਨਗੇ। ਅੱਜ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਨੌਜਵਾਨਾਂ ਨਾਲ ਧੋਖਾ ਕਰਨ ਅਤੇ ਸਰਕਾਰੀ ਭਰਤੀਆਂ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਚੁੱਘ ਨੇ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਪੰਜਾਬ ਸਰਕਾਰ ਦੀ ਭਰਤੀ ਪ੍ਰਕਿਰਿਆ ਸਬੰਧੀ ਦੂਜੀ ਵਾਰ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਹੁੰਦੇ ਹਨ।
“ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨਾਲ ਧੋਖਾ ਕਰ ਰਹੀ ਸਰਕਾਰ“
ਇਸ ਦੇ ਨਾਲ ਹੀ ਤਰੁਣ ਚੁੱਘ ਨੇ ਕਿਹਾ ਕਿ “ਪਹਿਲਾਂ 454 ਅਸਾਮੀਆਂ ਨਾਲ ਸਬੰਧਤ ਭਰਤੀ ਪ੍ਰਕਿਰਿਆ ਵਿੱਚ ਕਥਿਤ ਪੇਪਰ ਲੀਕ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ’ਤੇ ਹਾਈਕੋਰਟ ਵੱਲੋਂ ਰੋਕ ਲਗਾਈ ਗਈ। ਹੁਣ ਪੰਜਾਬ–ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਸਟੇਟ ਰੂਰਲ ਲਾਈਵਲੀਹੁੱਡ ਮਿਸ਼ਨ ਨਾਲ ਸਬੰਧਤ ਭਰਤੀ ਪ੍ਰਕਿਰਿਆ ’ਤੇ ਵੀ ਸਵਾਲ ਉਠਾਉਂਦਿਆਂ ਕਾਰਵਾਈ ਕੀਤੀ ਗਈ ਹੈ। ਅਦਾਲਤੀ ਹੁਕਮਾਂ ਨੇ ਸਰਕਾਰੀ ਭਰਤੀਆਂ ਵਿੱਚ ਪਾਰਦਰਸ਼ਤਾ ਨੂੰ ਲੈ ਕੇ ਗੰਭੀਰ ਚਿੰਤਾ ਪੈਦਾ ਕੀਤੀ ਹੈ। ਪੰਜਾਬ ਦੇ ਹਜ਼ਾਰਾਂ ਨੌਜਵਾਨ ਮਹੀਨਿਆਂ ਤੱਕ ਮਿਹਨਤ ਕਰਕੇ ਸਰਕਾਰੀ ਨੌਕਰੀਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਦੇ ਹਨ। ਉਹ ਉਮੀਦ ਕਰਦੇ ਹਨ ਕਿ ਉਨ੍ਹਾਂ ਨੂੰ ਯੋਗਤਾ ਅਤੇ ਮੈਰਿਟ ਦੇ ਆਧਾਰ ’ਤੇ ਨੌਕਰੀ ਮਿਲੇਗੀ, ਪਰ ਜੇਕਰ ਭਰਤੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਹੁੰਦੀ ਹੈ ਤਾਂ ਇਸ ਦਾ ਸਭ ਤੋਂ ਵੱਡਾ ਨੁਕਸਾਨ ਉਨ੍ਹਾਂ ਨੌਜਵਾਨਾਂ ਨੂੰ ਹੁੰਦਾ ਹੈ, ਜੋ ਇਮਾਨਦਾਰੀ ਨਾਲ ਪ੍ਰੀਖਿਆ ਦਿੰਦੇ ਹਨ।”
“ਨੰਬਰਾਂ ਨਾਲ ਕੀਤੀ ਗਈ ਛੇੜਛਾੜ“
ਉਨ੍ਹਾਂ ਦੱਸਿਆ ਕਿ 248 ਅਸਾਮੀਆਂ ਦੀ ਭਰਤੀ ਵਿੱਚ 41 ਬਲਾਕ ਪ੍ਰੋਗਰਾਮ ਮੈਨੇਜਰ ਅਤੇ 44 ਕਲੱਸਟਰ ਕੋਆਰਡੀਨੇਟਰ ਸਮੇਤ ਕੁਝ ਅਸਾਮੀਆਂ ਦੀ ਪ੍ਰਕਿਰਿਆ ’ਤੇ ਹਾਈਕੋਰਟ ਵੱਲੋਂ ਰੋਕ ਲਗਾਈ ਗਈ ਹੈ। ਉਨ੍ਹਾਂ ਮੁਤਾਬਕ ਭਰਤੀ ਪ੍ਰਕਿਰਿਆ ਵਿੱਚ ਲਿਖਤੀ ਪ੍ਰੀਖਿਆ ਦੇ 70 ਅੰਕ, ਇੰਟਰਵਿਊ ਦੇ 10 ਅੰਕ, ਵਿਦਿਅਕ ਯੋਗਤਾ ਦੇ 10 ਅੰਕ ਅਤੇ ਤਜਰਬੇ ਦੇ 10 ਅੰਕ ਨਿਰਧਾਰਤ ਕੀਤੇ ਗਏ ਸਨ। ਇਸ ਪ੍ਰਕਿਰਿਆ ਵਿੱਚ ਕਥਿਤ ਤੌਰ ’ਤੇ ਨੰਬਰਾਂ ਨਾਲ ਛੇੜਛਾੜ ਕਰਕੇ ਕੁਝ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ।
ਭਾਜਪਾ ਆਗੂ ਨੇ ਕਿਹਾ ਕਿ ਉਹ ਹਾਈਕੋਰਟ ਦੇ ਹੁਕਮ ਦਾ ਸਵਾਗਤ ਕਰਦੇ ਹਨ, ਕਿਉਂਕਿ ਇਸ ਨਾਲ ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਨੌਜਵਾਨਾਂ ਦੇ ਹੱਕਾਂ ਦੀ ਰੱਖਿਆ ਦੀ ਉਮੀਦ ਪੈਦਾ ਹੋਈ ਹੈ। ਇੱਕ ਪਾਸੇ 10 ਅਗਸਤ ਨੂੰ 454 ਅਸਾਮੀਆਂ ਨਾਲ ਜੁੜੇ ਮਾਮਲੇ ਵਿੱਚ ਅਦਾਲਤੀ ਕਾਰਵਾਈ ਸਾਹਮਣੇ ਆਈ ਅਤੇ ਹੁਣ 13 ਅਗਸਤ ਨੂੰ ਇੱਕ ਹੋਰ ਭਰਤੀ ਪ੍ਰਕਿਰਿਆ ਸਬੰਧੀ ਹੁਕਮ ਆਇਆ ਹੈ। ਇੰਨੇ ਥੋੜ੍ਹੇ ਸਮੇਂ ਵਿੱਚ ਸਾਹਮਣੇ ਆਏ ਮਾਮਲਿਆਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
“ਪੰਜਾਬ ਵਿੱਚ ਸਰਕਾਰ ਦੀ ਥਾਂ ਵਧ ਰਿਹਾ ਹੈ ਮਾਫੀਆ ਦਾ ਪ੍ਰਭਾਵ“
ਚੁੱਘ ਨੇ ਭਗਵੰਤ ਮਾਨ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ “ਪੰਜਾਬ ਵਿੱਚ ਸਰਕਾਰ ਦੀ ਥਾਂ ਮਾਫੀਆ ਦਾ ਪ੍ਰਭਾਵ ਵਧ ਰਿਹਾ ਹੈ। ਉਨ੍ਹਾਂ ਰੇਤ, ਟਰਾਂਸਪੋਰਟ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਵੀ ਸਰਕਾਰ ’ਤੇ ਦੋਸ਼ ਲਗਾਏ ਅਤੇ ਕਿਹਾ ਕਿ ਪੰਜਾਬ ’ਤੇ ਕਰਜ਼ੇ ਦਾ ਬੋਝ ਲਗਾਤਾਰ ਵਧ ਰਿਹਾ ਹੈ। ਹਾਲਾਂਕਿ, ਇਨ੍ਹਾਂ ਦੋਸ਼ਾਂ ਬਾਰੇ ਸਰਕਾਰ ਦਾ ਪੱਖ ਉਨ੍ਹਾਂ ਦੇ ਬਿਆਨ ਵਿੱਚ ਸ਼ਾਮਲ ਨਹੀਂ ਸੀ। ਪੰਜਾਬ ਦੇ ਨੌਜਵਾਨਾਂ ਦਾ ਦਰਦ ਸੰਸਦ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਜਦੋਂ ਦਿੱਲੀ ਵਿੱਚ ਵਿਦਿਆਰਥੀਆਂ ਦੇ ਅੰਦੋਲਨ ਹੁੰਦੇ ਸਨ ਤਾਂ ਆਮ ਆਦਮੀ ਪਾਰਟੀ ਉਨ੍ਹਾਂ ਦੇ ਹੱਕ ਵਿੱਚ ਆਵਾਜ਼ ਉਠਾਉਂਦੀ ਸੀ, ਪਰ ਪੰਜਾਬ ਵਿੱਚ ਨੌਜਵਾਨਾਂ ਨਾਲ ਜੁੜੇ ਮਾਮਲਿਆਂ ਵਿੱਚ ਸਰਕਾਰ ਨੂੰ ਜਵਾਬਦੇਹ ਬਣਾਉਣ ਦੀ ਲੋੜ ਹੈ।”
ਕਾਂਗਰਸ ’ਤੇ ਵੀ ਨਿਸ਼ਾਨਾ ਸਾਧਦਿਆਂ ਚੁੱਘ ਨੇ ਕਿਹਾ ਕਿ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਨੂੰ ਇਨ੍ਹਾਂ ਮਾਮਲਿਆਂ ’ਤੇ ਸਪੱਸ਼ਟ ਅਤੇ ਮਜ਼ਬੂਤ ਸਟੈਂਡ ਲੈਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਪੰਜਾਬ ਦੇ ਮੁੱਦਿਆਂ ’ਤੇ ‘ਨੂਰਾਕੁਸ਼ਤੀ’ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਨੌਜਵਾਨਾਂ ਦੇ ਹੱਕ ਵਿੱਚ ਸੜਕ ਤੋਂ ਲੈ ਕੇ ਸੰਸਦ ਤੱਕ ਆਵਾਜ਼ ਉਠਾਉਂਦੀ ਰਹੇਗੀ।
ETV BHARAT