ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮਾਂ ਵਿੱਢ ਕੇ ਸਾਂਝੀ ਲਡ਼ਾਈ ਲਡ਼ਨ ਦਾ ਸੱਦਾ
09 ਜਨਵਰੀ, 2026 – ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਤੇ ਯੂ ਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਹਾਲੇ ਤੱਕ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋਇਆ, ਇਸ ਲਈ ਸਾਰਿਆਂ ਨੂੰ ਸਾਂਝੀ ਲੜਾਈ ਲੜਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਸਿਰਫ਼ ਕਾਨੂੰਨੀ ਕਾਰਵਾਈ ਨਾਲ ਖਤਮ ਨਹੀਂ ਕੀਤਾ ਜਾ ਸਕਦਾ। ਸ੍ਰੀ ਕਟਾਰੀਆ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀਆਂ ਦਾ ਵੱਡਾ ਮਸਲਾ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਬਿਠਾ ਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਮਸਲਾ ਹੱਲ ਨਹੀਂ ਹੋ ਸਕਿਆ। ਇਹ ਮਾਮਲੇ ਅਦਾਲਤ ਵਿੱਚ ਵੀ ਗਏ ਹਨ ਪਰ ਆਖਰੀ ਫ਼ੈਸਲਾ ਕੇਂਦਰ ਸਰਕਾਰ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਨੂੰ ਛੋਟੇ-ਮੋਟੇ ਮਾਮਲਿਆਂ ਨੂੰ ਬੈਠ ਕੇ ਹੱਲ ਕਰ ਲੈਣਾ ਚਾਹੀਦਾ ਹੈ।
ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਨੂੰ 60:40 ਨਾਲ ਤਾਇਨਾਤ ਕੀਤਾ ਗਿਆ ਹੈ, ਜਿਸ ਵਿੱਚ ਕੋਈ ਛੇੜਖਾਨੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕਣ ਦੀ ਲੋੜ ਹੈ।
ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨਾ ਮੇਰੇ ਹੱਥ ਵਿੱਚ ਨਹੀਂ: ਕਟਾਰੀਆ
ਪੰਜਾਬ ਤੇ ਹਰਿਆਣਾ ਵੱਲੋਂ ਚੰਡੀਗੜ੍ਹ ’ਤੇ ਆਪਣੇ ਹੱਕ ਨੂੰ ਲੈ ਕੇ ਲੰਬੇ ਸਮੇਂ ਤੋਂ ਛਿੜੇ ਵਿਵਾਦ ਦੇ ਵਿਚਾਲੇ ਸ੍ਰੀ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰਨਾ ਉਨ੍ਹਾਂ ਦੇ ਹੱਥ ਵਿੱਚ ਨਹੀਂ ਹੈ। ਇਹ ਫੈਸਲਾ ਕੇਂਦਰ ਸਰਕਾਰ ਦਾ ਹੈ, ਜਿਸ ਬਾਰੇ ਕੇਂਦਰ ਸਰਕਾਰ ਹੀ ਕੋਈ ਫ਼ੈਸਲਾ ਲੈ ਸਕਦੀ ਹੈ।
ਪੰਜਾਬੀ ਟ੍ਰਿਬਯੂਨ