01 ਅਪਰੈਲ, 2025 – ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸਰਹੱਦੀ ਖੇਤਰ ਵਿੱਚ ਡਰੋਨਾਂ ਰਾਹੀਂ ਹੋਣ ਵਾਲੀ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ ਡਰੋਨ ਸਿਸਟਮ ਲਗਾਏ ਜਾ ਰਹੇ ਹਨ। ਸਰਹੱਦੀ ਖੇਤਰ ਵਿੱਚ ਪਹਿਲਾਂ ਨੌਂ ਐਂਟੀ ਡਰੋਨ ਸਿਸਟਮ ਲੱਗੇ ਹਨ ਜਦੋਂਕਿ ਕੇਂਦਰ ਸਰਕਾਰ ਵੱਲੋਂ 22 ਹੋਰ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਨਾਲ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਪੰਜਾਬ ਵਿੱਚ ਕੀਤੀ ਜਾਣ ਵਾਲੀ ਨਸ਼ਾ ਅਤੇ ਅਸਲਾ ਤਸਕਰੀ ਨੂੰ ਰੋਕਿਆ ਜਾ ਸਕੇਗਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਇੱਥੇ ਪੰਜਾਬ ਰਾਜ ਭਵਨ ਵਿੱਚ ਨਸ਼ਿਆਂ ਵਿਰੁੱਧ 3 ਤੋਂ 8 ਅਪਰੈਲ ਤੱਕ ਗੁਰਦਾਸਪੁਰ ਤੇ ਅੰਮ੍ਰਿਤਸਰ ਵਿੱਚ ਕੱਢੀ ਜਾਣ ਵਾਲੀ ਛੇ ਰੋਜ਼ਾ ਪੈਦਲ ਯਾਤਰਾ ਦਾ ਐਲਾਨ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 21 ਲੱਖ ਤੋਂ ਵੱਧ ਲੋਕ ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਹੋਏ ਹਨ, ਜਿਨ੍ਹਾਂ ਨੂੰ ਬਾਹਰ ਕੱਢਣ ਲਈ ਇੱਕ ਮੰਚ ’ਤੇ ਇਕੱਠੇ ਹੋਣ ਦੀ ਲੋੜ ਹੈ।
ਰਾਜਪਾਲ ਨੇ ਇਸ ਪੈਦਲ ਯਾਤਰਾ ’ਚ ਸ਼ਾਮਲ ਹੋਣ ਲਈ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ, ਵਿਧਾਇਕਾਂ, ਸੰਸਦ ਮੈਂਬਰਾਂ, ਸਮਾਜ ਸੇਵੀਆਂ ਤੇ ਲੋਕਾਂ ਨੂੰ ਸੱਦਾ ਦਿੱਤਾ ਹੈ। ਇਹ ਯਾਤਰਾ ਤਿੰਨ ਅਪਰੈਲ ਨੂੰ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਸਾਹਿਬ ਕੋਰੀਡੋਰ ਤੋਂ ਸ਼ੁਰੂ ਹੋ ਕੇ ਅੱਠ ਅਪਰੈਲ ਨੂੰ ਅੰਮ੍ਰਿਤਸਰ ’ਚ ਜੱਲ੍ਹਿਆਂਵਾਲਾ ਬਾਗ਼ ਵਿੱਚ ਸਮਾਪਤ ਹੋਵੇਗੀ। ਸ੍ਰੀ ਕਟਾਰੀਆ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਕੱਢੀ ਜਾਣ ਵਾਲੀ ਪੈਦਲ ਯਾਦਰਾ ਵਿੱਚ ਰੋਜ਼ਾਨਾ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਸਹੁੰ ਚੁਕਾਈ ਜਾਵੇਗੀ।
ਸ੍ਰੀ ਕਟਾਰੀਆ ਨੇ ਕਿਹਾ ਕਿ ਨਸ਼ਾ ਸਿਰਫ਼ ਪੰਜਾਬ ਦੀ ਨਹੀਂ ਬਲਕਿ ਦੇਸ਼ ਦੀ ਵੱਡੀ ਸਮੱਸਿਆ ਹੈ ਪਰ ਪੰਜਾਬ ਦੇ ਵੱਡੀ ਗਿਣਤੀ ਨੌਜਵਾਨਾਂ ਨੂੰ ਨਸ਼ਿਆਂ ਨੇ ਆਪਣੀ ਲਪੇਟ ’ਚ ਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਕੁੜੀਆਂ ਵੀ ਨਸ਼ੇ ਕਰਨ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਲਗਾਤਾਰ ਡਰੋਨਾਂ ਰਾਹੀਂ ਪੰਜਾਬ ਵਿੱਚ ਨਸ਼ਾ ਅਤੇ ਅਸਲਾ ਤਸਕਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ’ਤੇ ਨਦੀਆਂ ਰਾਹੀਂ ਹੁੰਦੀ ਤਸਕਰੀ ਰੋਕਣ ਲਈ ਵੀ ਕਾਰਜ ਕੀਤਾ ਜਾ ਰਿਹਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਵਿੱਚ ਜਿਹੜੇ ਪਿੰਡ ਨਸ਼ਿਆਂ ਤੋਂ ਮੁਕਤ ਹੋਣਗੇ, ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਆ ਜਾਵੇਗਾ।
ਪੰਜਾਬੀ ਟ੍ਰਿਬਯੂਨ
test