7.97 ਲੱਖ ਨਵੇਂ ਵੋਟਰ ਜੁੜੇ, ਕੁੱਲ ਗਿਣਤੀ 2.01 ਕਰੋੜ ਤੋਂ ਪਾਰ
ਖਰੜਾ ਵੋਟਰ ਸੂਚੀ ਵਿੱਚ ਦਰਜ 1,93,94,435 ਵੋਟਰਾਂ ਦੇ ਮੁਕਾਬਲੇ ਅੰਤਿਮ ਸੂਚੀ ਵਿੱਚ ਵੋਟਰਾਂ ਦੀ ਗਿਣਤੀ 3.64 ਫ਼ੀਸਦੀ ਵਧੀ ਹੈ।
13 ਅਕਤੂਬਰ, 2026 – ਚੰਡੀਗੜ੍ਹ: ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)-2026 ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਭਾਰਤੀ ਚੋਣ ਕਮਿਸ਼ਨ ਨੇ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਹਨ। ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਵੱਲੋਂ ਜਾਰੀ ਜਾਣਕਾਰੀ ਮੁਤਾਬਕ ਅੰਤਿਮ ਸੂਚੀ ਵਿੱਚ ਕੁੱਲ 2,01,00,727 ਵੋਟਰ ਦਰਜ ਹਨ। ਇਸ ਦੌਰਾਨ 7,97,263 ਨਵੇਂ ਵੋਟਰਾਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਖਰੜਾ ਵੋਟਰ ਸੂਚੀ ਵਿੱਚ ਦਰਜ 1,93,94,435 ਵੋਟਰਾਂ ਦੇ ਮੁਕਾਬਲੇ ਅੰਤਿਮ ਸੂਚੀ ਵਿੱਚ ਵੋਟਰਾਂ ਦੀ ਗਿਣਤੀ 3.64 ਫ਼ੀਸਦੀ ਵਧੀ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਅਫ਼ਸਰਾਂ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਉਪਲਬਧ ਹਨ। ਵੋਟਰ ਆਪਣਾ ਨਾਂ ਅਤੇ ਹੋਰ ਵੇਰਵੇ ਮੁੱਖ ਚੋਣ ਅਫ਼ਸਰ ਪੰਜਾਬ ਦੀ ਵੈੱਬਸਾਈਟ www.ceopunjab.gov.in ਅਤੇ ਚੋਣ ਕਮਿਸ਼ਨ ਦੇ ਪੋਰਟਲ www.voters.eci.gov.in ਤੋਂ ਵੀ ਚੈੱਕ ਕਰ ਸਕਦੇ ਹਨ।
ਅੰਤਿਮ ਸੂਚੀ ਵਿੱਚ 1.03 ਕਰੋੜ ਪੁਰਸ਼, 97.24 ਲੱਖ ਮਹਿਲਾ ਵੋਟਰ
ਅੰਤਿਮ ਵੋਟਰ ਸੂਚੀ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ 1,03,76,026 ਪੁਰਸ਼, 97,24,195 ਮਹਿਲਾ ਅਤੇ 506 ਤੀਜੇ ਲਿੰਗ ਦੇ ਵੋਟਰ ਦਰਜ ਹਨ। ਇਸ ਤਰ੍ਹਾਂ ਸੂਬੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2.01 ਕਰੋੜ ਤੋਂ ਵੱਧ ਹੋ ਗਈ ਹੈ।
ਇਸ ਤੋਂ ਪਹਿਲਾਂ 9 ਜੂਨ 2026 ਤੱਕ ਪੰਜਾਬ ਵਿੱਚ ਕੁੱਲ 2,14,61,043 ਰਜਿਸਟਰਡ ਵੋਟਰ ਸਨ। ਇਨ੍ਹਾਂ ਵਿੱਚ 1,11,76,866 ਪੁਰਸ਼, 1,02,83,478 ਮਹਿਲਾ ਅਤੇ 699 ਤੀਜੇ ਲਿੰਗ ਦੇ ਵੋਟਰ ਸ਼ਾਮਲ ਸਨ। ਘਰ-ਘਰ ਜਾ ਕੇ ਵੋਟਰਾਂ ਦੇ ਵੇਰਵੇ ਇਕੱਠੇ ਕਰਨ ਦੀ ਪ੍ਰਕਿਰਿਆ 25 ਜੂਨ ਤੋਂ 3 ਅਗਸਤ ਤੱਕ ਚੱਲੀ ਸੀ। ਇਸ ਤੋਂ ਬਾਅਦ 13 ਅਗਸਤ ਨੂੰ ਖਰੜਾ ਵੋਟਰ ਸੂਚੀ ਜਾਰੀ ਕੀਤੀ ਗਈ ਸੀ, ਜਿਸ ਵਿੱਚ 1,93,94,435 ਵੋਟਰ ਦਰਜ ਸਨ।
35.49 ਲੱਖ ਵੋਟਰਾਂ ਨੂੰ ਨੋਟਿਸ, 86 ਹਜ਼ਾਰ ਤੋਂ ਵੱਧ ਅਯੋਗ ਕਰਾਰ
ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਵੋਟਰਾਂ ਦੇ ਵੇਰਵਿਆਂ ਦੀ ਪੜਤਾਲ ਲਈ ਵੱਡੀ ਗਿਣਤੀ ਵਿੱਚ ਨੋਟਿਸ ਜਾਰੀ ਕੀਤੇ ਗਏ। ਮੁੱਖ ਚੋਣ ਅਫ਼ਸਰ ਦੇ ਦਫ਼ਤਰ ਮੁਤਾਬਕ ਕੁੱਲ 35,49,036 ਵੋਟਰਾਂ ਨੂੰ ਨੋਟਿਸ ਦਿੱਤੇ ਗਏ ਸਨ। ਇਨ੍ਹਾਂ ਵਿੱਚੋਂ ਦਸਤਾਵੇਜ਼ਾਂ ਅਤੇ ਹੋਰ ਸਬੰਧਤ ਰਿਕਾਰਡ ਦੀ ਵਿਸਤ੍ਰਿਤ ਜਾਂਚ ਅਤੇ ਕਾਰਨਾਂ ਸਮੇਤ ਹੁਕਮ ਜਾਰੀ ਕਰਨ ਦੀ ਪ੍ਰਕਿਰਿਆ ਤੋਂ ਬਾਅਦ 86,038 ਵੋਟਰਾਂ ਨੂੰ ਅਯੋਗ ਕਰਾਰ ਦਿੱਤਾ ਗਿਆ।
ਨੋਟਿਸ ਦੀ ਪ੍ਰਕਿਰਿਆ ਦੌਰਾਨ ਅਜਿਹੇ ਵੋਟਰਾਂ ਦੇ ਮਾਮਲਿਆਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਦੇ ਵੇਰਵਿਆਂ ਦੀ ਮੈਪਿੰਗ ਨਹੀਂ ਹੋ ਸਕੀ ਸੀ ਜਾਂ ਰਿਕਾਰਡ ਵਿੱਚ ਤਰੁੱਟੀਆਂ ਸਨ। ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੇ ਪਿੰਡ ਪੱਧਰ ‘ਤੇ ਸੁਣਵਾਈਆਂ ਕੀਤੀਆਂ। ਵੋਟਰਾਂ ਵੱਲੋਂ ਪੇਸ਼ ਕੀਤੇ ਦਸਤਾਵੇਜ਼ਾਂ ਅਤੇ ਬੂਥ ਲੈਵਲ ਅਫ਼ਸਰਾਂ ਦੀਆਂ ਰਿਪੋਰਟਾਂ ਦੀ ਜਾਂਚ ਤੋਂ ਬਾਅਦ ਫ਼ੈਸਲੇ ਲਏ ਗਏ।
ਇਸ ਪ੍ਰਕਿਰਿਆ ਦੌਰਾਨ ਮੁੱਖ ਚੋਣ ਅਫ਼ਸਰ, 19 ਰੋਲ ਆਬਜ਼ਰਵਰਾਂ ਅਤੇ ਜ਼ਿਲ੍ਹਾ ਚੋਣ ਅਫ਼ਸਰਾਂ ਨੇ ਵੀ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦੀ ਜਾਂਚ ਕੀਤੀ। ਦਾਅਵੇ ਅਤੇ ਇਤਰਾਜ਼ ਦਰਜ ਕਰਨ ਦੀ ਮਿਆਦ 13 ਅਗਸਤ ਤੋਂ 12 ਸਤੰਬਰ ਤੱਕ ਸੀ, ਜਦਕਿ ਨੋਟਿਸ ਜਾਰੀ ਕਰਨ ਅਤੇ ਮਾਮਲਿਆਂ ਦੇ ਨਿਪਟਾਰੇ ਦੀ ਪ੍ਰਕਿਰਿਆ 8 ਅਕਤੂਬਰ ਤੱਕ ਚੱਲੀ।
ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋਈ
ਵੋਟਰਾਂ ਦੀ ਸਹੂਲਤ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੋਲਿੰਗ ਸਟੇਸ਼ਨਾਂ ਦਾ ਮੁੜ ਨਿਰਧਾਰਨ ਵੀ ਕੀਤਾ ਗਿਆ ਹੈ। ਇਸ ਤੋਂ ਬਾਅਦ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24,453 ਤੋਂ ਵਧ ਕੇ 25,332 ਹੋ ਗਈ ਹੈ। ਇਸ ਤਰ੍ਹਾਂ ਪੋਲਿੰਗ ਸਟੇਸ਼ਨਾਂ ਦੀ ਗਿਣਤੀ ਵਿੱਚ 879 ਦਾ ਵਾਧਾ ਹੋਇਆ ਹੈ।
ਚੋਣ ਕਮਿਸ਼ਨ ਵੱਲੋਂ ਇਸ ਪ੍ਰਕਿਰਿਆ ਦਾ ਉਦੇਸ਼ ਵੋਟਰਾਂ ਲਈ ਪੋਲਿੰਗ ਸਟੇਸ਼ਨਾਂ ਤੱਕ ਪਹੁੰਚ ਨੂੰ ਸੁਖਾਲਾ ਬਣਾਉਣਾ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਅਤੇ ਵੋਟਰ ਸੂਚੀ ਵਿੱਚ ਵੇਰਵਿਆਂ ਦੀ ਜਾਂਚ ਲਈ ਸਕੂਲਾਂ, ਕਾਲਜਾਂ ਅਤੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਵੀ ਲਗਾਏ ਗਏ।
ਸਿਆਸੀ ਪਾਰਟੀਆਂ ਨੂੰ ਸੌਂਪੀਆਂ ਅੰਤਿਮ ਸੂਚੀਆਂ ਦੀਆਂ ਕਾਪੀਆਂ
ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਦੀਆਂ ਹਾਰਡ ਕਾਪੀਆਂ ਅਤੇ ਡਿਜੀਟਲ ਕਾਪੀਆਂ ਸੌਂਪੀਆਂ ਗਈਆਂ। ਸੂਬੇ ਵਿੱਚ ਵੋਟਰ ਸੂਚੀਆਂ ਦੀ ਸੁਧਾਈ ਦੌਰਾਨ ਸਿਆਸੀ ਪਾਰਟੀਆਂ ਦੇ 89,395 ਬੂਥ ਲੈਵਲ ਏਜੰਟਾਂ ਨੇ ਵੀ ਭਾਗ ਲਿਆ।
ਚੋਣ ਕਮਿਸ਼ਨ ਵੱਲੋਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਨਾਲ ਸੂਬਾ ਅਤੇ ਜ਼ਿਲ੍ਹਾ ਪੱਧਰ ‘ਤੇ ਮੀਟਿੰਗਾਂ ਕੀਤੀਆਂ ਗਈਆਂ ਸਨ। ਇਸ ਦੇ ਨਾਲ ਹੀ ਵੋਟਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ‘ਤੇ ਸ਼ਿਕਾਇਤ ਅਫ਼ਸਰ ਨਿਯੁਕਤ ਕੀਤੇ ਗਏ ਅਤੇ 1950 ਹੈਲਪਲਾਈਨ ਰਾਹੀਂ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਸਹਾਇਤਾ ਦਿੱਤੀ ਗਈ।
ਸੂਚੀ ਵਿੱਚ ਨਾਂ ਨਹੀਂ ਤਾਂ ਫਾਰਮ–6 ਰਾਹੀਂ ਕਰ ਸਕਦੇ ਹੋ ਅਪਲਾਈ
ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਜਿਹੜੇ ਯੋਗ ਨਾਗਰਿਕ ਕਿਸੇ ਕਾਰਨ ਕਰਕੇ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਨਹੀਂ ਕਰਵਾ ਸਕੇ, ਉਹ ਹੁਣ ਵੀ ਨਾਂ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਦੇ ਹਨ। ਇਸ ਲਈ ਚੋਣ ਕਮਿਸ਼ਨ ਦੀ ਈਸੀਆਈਨੈੱਟ ਮੋਬਾਈਲ ਐਪ ਜਾਂ ਸਬੰਧਤ ਬੂਥ ਲੈਵਲ ਅਫ਼ਸਰ ਰਾਹੀਂ ਫਾਰਮ-6 ਭਰਿਆ ਜਾ ਸਕਦਾ ਹੈ।
ਵੋਟਰਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਨਾਂ, ਪਤੇ ਅਤੇ ਹੋਰ ਵੇਰਵਿਆਂ ਦੀ ਅੰਤਿਮ ਵੋਟਰ ਸੂਚੀ ਵਿੱਚ ਜਾਂਚ ਕਰ ਲੈਣ। ਸੂਚੀ ਵਿੱਚ ਕੋਈ ਤਰੁੱਟੀ ਹੋਣ ਜਾਂ ਨਾਂ ਦਰਜ ਕਰਵਾਉਣ ਦੀ ਲੋੜ ਪੈਣ ‘ਤੇ ਸਬੰਧਤ ਚੋਣ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਵੋਟਰਾਂ, ਬੂਥ ਲੈਵਲ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਦੀ ਪ੍ਰਕਿਰਿਆ ਪੂਰੀ ਕਰਕੇ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕਰ ਦਿੱਤੀਆਂ ਗਈਆਂ ਹਨ।
ETV BHARAT