ਪੰਜਾਬ ਭਰ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਦੇ ਫੈਕਲਟੀ ਮੈਂਬਰਾਂ ਨੇ ਵੀਰਵਾਰ ਨੂੰ ਕਾਲੇ ਬਿੱਲੇ ਲਗਾ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਰੁੱਧ ਸੰਕੇਤਕ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
15 ਮਈ, 2026 – ਅੰਮ੍ਰਿਤਸਰ : ਪੰਜਾਬ ਭਰ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਦੇ ਫੈਕਲਟੀ ਮੈਂਬਰਾਂ ਨੇ ਵੀਰਵਾਰ ਨੂੰ ਕਾਲੇ ਬਿੱਲੇ ਲਗਾ ਕੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਰੁੱਧ ਸੰਕੇਤਕ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੀ ਜਥੇਬੰਦੀ ‘ਪੰਜਾਬ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ’ ਨੇ ਪੰਜਾਬ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਕੰਮ ਕਰਦੇ ਫੈਕਲਟੀ ਮੈਂਬਰਾਂ ਦੀਆਂ ਤਰੱਕੀਆਂ ਅਤੇ ਸਮਾਂਬੱਧ ਰੀ-ਡੈਜ਼ੀਗਨੇਸ਼ਨ ਵਿੱਚ ਹੋ ਰਹੀ ਦੇਰੀ ‘ਤੇ ਡੂੰਘੀ ਚਿੰਤਾ ਜਤਾਈ ਹੈ।
ਇੱਥੇ ਜਾਰੀ ਇੱਕ ਪ੍ਰੈਸ ਨੋਟ ਵਿੱਚ ਐਸੋਸੀਏਸ਼ਨ ਨੇ ਕਿਹਾ ਕਿ ਸਰਕਾਰ ਨਾਲ ਵਾਰ-ਵਾਰ ਮੀਟਿੰਗਾਂ, ਮੰਗ ਪੱਤਰਾਂ ਅਤੇ ਭਰੋਸੇ ਦੇ ਬਾਵਜੂਦ ਉਨ੍ਹਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ‘ਤੇ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਦੇਰੀ ਕਾਰਨ ਫੈਕਲਟੀ ਮੈਂਬਰਾਂ ਵਿੱਚ ਭਾਰੀ ਨਿਰਾਸ਼ਾ ਪੈਦਾ ਹੋ ਗਈ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਡਾ. ਜਸਪ੍ਰੀਤ ਸਿੰਘ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮੁੱਦੇ ‘ਤੇ ਤੁਰੰਤ ਕਾਰਵਾਈ ਨਾ ਕੀਤੀ ਤਾਂ ਰੋਸ ਪ੍ਰਦਰਸ਼ਨ ਨੂੰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ, “ਫਿਲਹਾਲ ਫੈਕਲਟੀ ਸੂਬੇ ਭਰ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਆਪਣੀ ਨਿਯਮਤ ਡਿਊਟੀ ਨਿਭਾਉਂਦੇ ਹੋਏ ਕਾਲੇ ਬਿੱਲੇ ਲਗਾ ਰਹੀ ਹੈ।”
ਜਨਰਲ ਸਕੱਤਰ ਡਾ. ਦਰਸ਼ਨਜੀਤ ਸਿੰਘ ਵਾਲੀਆ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਨੂੰ ਹੋਰ ਵਧਣ ਤੋਂ ਰੋਕਣ ਲਈ ਜਲਦੀ ਤੋਂ ਜਲਦੀ ਸਾਰਥਕ ਗੱਲਬਾਤ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਮੈਡੀਕਲ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਸਮੇਂ ਸਿਰ ਕਾਰਵਾਈ ਕਰਨੀ ਜ਼ਰੂਰੀ ਹੈ।
ਪੰਜਾਬੀ ਟ੍ਰਿਬਯੂਨ