ਪੱਟੀ ਵਿੱਚ ਨਸ਼ਿਆਂ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ (28) ਪੁੱਤਰ ਜਗੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕਾਂ ਦੀ ਮਾਤਾ ਸੁਰਿੰਦਰ ਕੌਰ ਅਤੇ ਭੈਣ ਸਤਵਿੰਦਰ ਕੌਰ ਨੇ ਦੱਸਿਆ ਕਿ ਗੁਰਦੀਪ…
02 ਨਵੰਬਰ, 2026 – ਪੱਟੀ : ਪੱਟੀ ਵਿੱਚ ਨਸ਼ਿਆਂ ਕਾਰਨ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਦੀਪ ਸਿੰਘ (36) ਅਤੇ ਸੋਨਾ ਸਿੰਘ (28) ਪੁੱਤਰ ਜਗੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕਾਂ ਦੀ ਮਾਤਾ ਸੁਰਿੰਦਰ ਕੌਰ ਅਤੇ ਭੈਣ ਸਤਵਿੰਦਰ ਕੌਰ ਨੇ ਦੱਸਿਆ ਕਿ ਗੁਰਦੀਪ ਸਿੰਘ ਅਤੇ ਸੋਨਾ ਸਿੰਘ ਚਿੱਟਾ ਅਤੇ ਨਸ਼ੀਲੀਆਂ ਗੋਲੀਆਂ ਖਾਂਦੇ ਸਨ। ਉਹ ਦੋਵੇਂ ਰਾਤ ਨੂੰ ਆਪਣੇ ਕਮਰੇ ਵਿੱਚ ਸੁੱਤੇ ਸਨ ਪਰ ਜਦੋਂ ਅੱਜ ਤੜਕਸਾਰ ਉਨ੍ਹਾਂ ਨੂੰ ਦੇਖਿਆ ਤਾਂ ਦੋਵਾਂ ਜਣਿਆਂ ਦੀ ਮੌਤ ਹੋ ਚੁੱਕੀ ਸੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਆਪਣਾ ਨਿੱਜੀ ਮਕਾਨ ਨਹੀਂ ਹੈ ਅਤੇ ਪਰਿਵਾਰ ਪਿਛਲੇ ਚਾਰ ਸਾਲਾਂ ਤੋਂ ਪੱਟੀ ਸਥਿਤ ਤਾਰਾਂ ਵਾਲਾ ਐਲੀਮੈਂਟਰੀ ਸਕੂਲ ਦੇ ਬਲਾਕ ਦਫ਼ਤਰ ਅੰਦਰ ਬਣੇ ਕਮਰੇ ਵਿੱਚ ਰਹਿੰਦਾ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਦੋਵੇਂ ਭਰਾ ਮਿਹਨਤ-ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਸਨ। ਮ੍ਰਿਤਕਾਂ ਦੀ ਮਾਤਾ ਸੁਰਿੰਦਰ ਕੌਰ ਨੇ ਦੱਸਿਆ ਕਿ ਸੋਨਾ ਸਿੰਘ ਕੁਵਾਰਾ ਸੀ ਅਤੇ ਗੁਰਦੀਪ ਸਿੰਘ ਵਿਆਹਿਆ ਹੋਇਆ ਸੀ, ਜਿਸ ਦੇ ਤਿੰਨ ਬੱਚੇ ਹਨ। ਗੁਰਦੀਪ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ। ਸੁਰਿੰਦਰ ਕੌਰ ਨੇ ਦੱਸਿਆ ਕਿ ਗੁਰਦੀਪ ਦਾ 12 ਸਾਲਾ ਪੁੱਤਰ ਉਸ ਕੋਲ ਰਹਿੰਦਾ ਹੈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਆਰਥਿਕ ਮਦਦ ਕਰਨ ਦੇ ਨਾਲ ਬੱਚੇ ਦੀ ਪੜ੍ਹਾਈ ਅਤੇ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਵਿੱਚ ਸਹਿਯੋਗ ਦਿੱਤਾ ਜਾਵੇ।
ਪੰਜਾਬੀ ਟ੍ਰਿਬਯੂਨ