ਬਠਿੰਡਾ ਵਿੱਚ 7 ਨੂੰ ਵੱਡਾ ਇਕੱਠ ਕਰਕੇ ਸੰਘਰਸ਼ ਦੀ ਰੂਪਰੇਖਾ ਉਲੀਕਣ ਦਾ ਐਲਾਨ
05 ਜਨਵਰੀ, 2026 – ਚੰਡੀਗੜ੍ਹ : ਪੰਜਾਬ ਪੁਲੀਸ ਵੱਲੋਂ ਪੱਤਰਕਾਰਾਂ ਤੇ ਆਰ ਟੀ ਆਈ ਕਾਰਕੁਨਾਂ ਵਿਰੁੱਧ ਦਰਜ ਕੇਸ ਖ਼ਿਲਾਫ਼ ਅੱਜ ਚੰਡੀਗੜ੍ਹ ਦੇ ਸੈਕਟਰ-17 ਸਥਿਤ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਪੱਤਰਕਾਰਾਂ, ਕਿਸਾਨ-ਮਜ਼ਦੂਰ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ ਅਤੇ ਜਮਹੂਰੀ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਸੂਬਾ ਸਰਕਾਰ ’ਤੇ ਮੀਡੀਆ ਦੀ ਆਵਾਜ਼ ਦਬਾਉਣ ਦਾ ਦੋਸ਼ ਲਾਉਂਦਿਆਂ ਪੱਤਰਕਾਰਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਪੱਤਰਕਾਰਾਂ ਵਿਰੁੱਧ ਦਰਜ ਕੇਸ ਰੱਦ ਕਰਨ ਦੀ ਮੰਗ ਕੀਤੀ। ਸਮੂਹ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਦੀ ਪੱਤਰਕਾਰਾਂ ਵਿਰੁੱਧ ਕੀਤੀ ਕਾਰਵਾਈ ਖ਼ਿਲਾਫ਼ 7 ਜਨਵਰੀ ਨੂੰ ਬਠਿੰਡਾ ਦੇ ਟੀਚਰਜ਼ ਹੋਮ ਵਿੱਚ ਵੱਡਾ ਇਕੱਠ ਕੀਤਾ ਜਾਵੇਗਾ, ਜਿਸ ਤੋਂ ਬਾਅਦ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ। ਇਸ ਦੇ ਨਾਲ ਹੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੱਤਰਕਾਰਾਂ ਤੇ ਆਰ ਟੀ ਆਈ ਕਾਰਕੁਨਾਂ ਵਿਰੁੱਧ ਕੇਸ ਰੱਦ ਨਾ ਕੀਤੇ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।
ਇਸ ਮੌਕੇ ਕੇਸ ਵਿੱਚ ਨਾਮਜ਼ਦ ਮਿੰਟੂ ਗੁਰਸਰੀਆ, ਮਨਿੰਦਰ ਸਿੰਘ, ਮਾਨਿਕ ਗੋਇਲ ਤੋਂ ਇਲਾਵਾ ਰਤਨਦੀਪ ਸਿੰਘ ਧਾਲੀਵਾਲ, ਮੋਹਨ ਸਿੰਘ ਔਲਖ, ਮਾਲਵਿੰਦਰ ਸਿੰਘ ਮਾਲੀ, ਹਮੀਰ ਸਿੰਘ, ਅਮਿਤੋਜ ਮਾਨ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ’ਤੇ ਕੇਸ ਦਰਜ ਕਰਕੇ ਪੱਤਰਕਾਰਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਗਵੰਤ ਸਿੰਘ ਮਾਨ ਖੁਦ ਲੋਕਾਂ ਨੂੰ ਰਾਜਸੀ ਆਗੂਆਂ ਤੋਂ ਸਵਾਲ ਪੁੱਛਣ ਲਈ ਜਾਗਰੂਕ ਕਰਦੇ ਸਨ, ਪਰ ਅੱਜ ਉਨ੍ਹਾਂ ਨੂੰ ਪੱਤਰਕਾਰਾਂ ਦੇ ਸਵਾਲ ਚੁਭਣ ਲੱਗ ਪਏ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਆਰ ਟੀ ਆਈ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਜਾਂਦਾ। ਕਾਂਗਰਸ ਦੇ ਸੰਸਦ ਮੈਂਬਰ ਡਾ. ਧਰਮਵੀਰ ਸਿੰਘ ਗਾਂਧੀ, ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਪੁੱਤ ਰਾਹੁਲ ਇੰਦਰ ਸਿੰਘ ਸਿੱਧੂ, ਦਲਵੀਰ ਗੋਲਡੀ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੀਡੀਆ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਆਜ਼ਾਦਾਨਾ ਢੰਗ ਨਾਲ ਬੋਲਣ ਦਾ ਅਧਿਕਾਰ ਸੰਵਿਧਾਨ ਵਿੱਚ ਦਿੱਤਾ ਗਿਆ ਹੈ, ਪਰ ‘ਆਪ’ ਵੱਲੋਂ ਪੱਤਰਕਾਰਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਚੰਡੀਗੜ੍ਹ ਪ੍ਰੈੱਸ ਕਲੱਬ ਦੇ ਪ੍ਰਧਾਨ ਸੌਰਭ ਦੁੱਗਲ ਨੇ ਪੱਤਰਕਾਰਾਂ ਵਿਰੁੱਧ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਸੰਘਰਸ਼ ਵਿੱਚ ਹਰ ਪੱਖ ਤੋਂ ਸਹਿਯੋਗ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਪਿਆਰੇ ਲਾਲ ਗਰਗ, ਪ੍ਰੋ. ਮਨਜੀਤ ਸਿੰਘ, ਬਖਤੌਰ ਸਿੰਘ ਢਿੱਲੋਂ, ਡੀ ਟੀ ਐੱਫ ਦੇ ਵਿਕਰਮਦੇਵ ਸਿੰਘ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸ਼ਿੰਗਾਰਾ ਸਿੰਘ ਮਾਨ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਧਨੇਰ ਦੇ ਅੰਗਰੇਜ਼ ਸਿੰਘ, ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਡਾ. ਜਰਨੈਲ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਡਾ. ਅਵਤਾਰ ਮਹਿਮਾ, ਪੀ ਐਸ ਯੂ ਲਲਕਾਰ ਦੇ ਸਾਰਾ, ਐੱਸ ਐੱਫ ਐੱਸ ਤੋਂ ਸੰਦੀਪ, ਅਕਾਲੀ ਦਲ ਵਾਰਸ ਪੰਜਾਬ ਦੇ ਲਖਵੀਰ ਸਿੰਘ ਕਟੌਲਾ, ਕੇਂਦਰੀ ਸਿੰਘ ਸਭਾ ਤੋਂ ਡਾ. ਖੁਸ਼ਹਾਲ ਸਿੰਘ, ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਅਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਇਕੁੱਟਤਾ ਪ੍ਰਗਟਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਵਿਰੁੱਧ ਕੇਸ ਦਰਜ ਕਰਨ ਖ਼ਿਲਾਫ਼ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਨੂੰ ਈਸਟ ਇੰਡੀਆ ਕੰਪਨੀ ਵਾਂਗ ਲੁੱਟਿਆ ਜਾ ਰਿਹਾ ਤੇ ਪੰਜਾਬ ਸਰਕਾਰ ਦੇ ਖਰਚੇ ’ਤੇ ਪ੍ਰਚਾਰ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 20 ਸੀਟਾਂ ਵਾਲੇ ਹਵਾਈ ਜਹਾਜ਼ ਕੇਜਰੀਵਾਲ ਨੂੰ ਹੋਰ ਸੂਬਿਆਂ ਵਿਚ ਲਿਜਾਣ ਵਾਸਤੇ ਵਰਤੇ ਜਾ ਰਹੇ ਹਨ, ਜਿਸ ਦਾ ਭੁਗਤਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਇਸੇ ਤਰੀਕੇ ਪੰਜਾਬ ਸਰਕਾਰ ਦੇ ਅਧਿਕਾਰੀ ਕੇਜਰੀਵਾਲ ਦੇ ਹੁਕਮਾਂ ’ਤੇ ਵਾਰ-ਵਾਰ ਦਿੱਲੀ ਸਫਰ ਕਰ ਰਹੇ ਹਨ ਜਦੋਂ ਕਿ ਸਰਕਾਰੀ ਖਰਚੇ ’ਤੇ ਮੰਤਰੀਆਂ ਨਾਲ ਜੁੜੇ ‘ਆਪ’ ਵਰਕਰ ਵੀ ਕੰਮ ਕਰ ਰਹੇ ਹਨ।
ਪੰਜਾਬੀ ਟ੍ਰਿਬਯੂਨ
ਸਮਾਜਿਕ ਕਾਰਕੁਨਾਂ ਤੇ ਪੱਤਰਕਾਰਾਂ ਖ਼ਿਲਾਫ਼ ਕੇਸ ਵਿਰੁੱਧ ਪ੍ਰਦਰਸ਼ਨ
ਆਮ ਆਦਮੀ ਪਾਰਟੀ ਦੇ ਬੁੱਧੀਜੀਵੀ ਵਿੰਗ ਦੇ ਸੂਬਾ ਪ੍ਰਧਾਨ ਮਲਹੋਤਰਾ ਵੀ ਸ਼ਾਮਲ ਹੋਏ
ਪਟਿਆਲਾ : ਪੱਤਰਕਾਰਾਂ, ਆਰ ਟੀ ਆਈ ਕਾਰਕੁਨਾਂ ਤੇ ਸਮਾਜ ਸੇਵੀਆਂ ’ਤੇ ਦਰਜ ਕੇਸ ਖ਼ਿਲਾਫ਼ ਅੱਜ ਪਟਿਆਲਾ ਦੇ ਫੁਹਾਰਾ ਚੌਕ ਵਿੱਚ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ‘ਆਪ’ ਦੇ ਬੁੱਧੀਜੀਵੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਸੈਨਿਕ ਵਿੰਗ ਦੇ ਸਾਬਕਾ ਪ੍ਰਧਾਨ ਸੇਵਾਮੁਕਤ ਮੇਜਰ ਆਰ ਪੀ ਐੱਸ ਮਲਹੋਤਰਾ ਵੀ ਸ਼ਾਮਲ ਹੋਏ।
ਉਨ੍ਹਾਂ ਕਿਹਾ ਕਿ ਜੇ ਪੱਤਰਕਾਰਾਂ ਨੂੰ ਬੋਲਣ ਦਾ ਹੱਕ ਨਹੀਂ ਹੋਵੇਗਾ ਤਾਂ ਲੋਕਾਂ ਦੀ ਆਵਾਜ਼ ਕੌਣ ਉਠਾਵੇਗਾ। ਸ੍ਰੀ ਮਲਹੋਤਰਾ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਪੰਜਾਬ ਸਰਕਾਰ ਪੱਤਰਕਾਰਾਂ ਖ਼ਿਲਾਫ਼ ਅਜਿਹਾ ਕਦਮ ਚੁੱਕਣ ਤੋਂ ਗੁਰੇਜ਼ ਕਰੇਗੀ। ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਮੁੱਖ ਮੰਤਰੀ ਭਗਵੰਤ ਮਾਨ ਜਾਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਸ ਕੇਸ ਬਾਰੇ ਪਤਾ ਹੀ ਨਾ ਹੋਵੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਪੁਲੀਸ ਨੂੰ ਅਪੀਲ ਕਰਦੇ ਹਨ ਕਿ ਉਹ ਪੱਤਰਕਾਰਾਂ, ਬੁੱਧੀਜੀਵੀਆਂ ਤੇ ਸਮਾਜ ਸੇਵੀਆਂ ’ਤੇ ਅਜਿਹੇ ਹਮਲੇ ਨਾ ਕਰੇ।