ਦੋ ਪਿੰਡਾਂ ਦੇ ਖੇਤਾਂ ’ਚ ਡੁੱਬਿਆ ਝੋਨਾ; ਸਰਕਾਰ ਤੋਂ ਤੁਰੰਤ ਮੁਆਵਜ਼ੇ ਦੀ ਕੀਤੀ ਮੰਗ
ਬਠਿੰਡਾ ਜ਼ਿਲ੍ਹੇ ’ਚ ਪਿਛਲੇ ਕਈ ਤਿੰਨ ਦਿਨ੍ਹਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨੇ ਹੁਣ ਕਿਸਾਨਾਂ ਦੀਆਂ ਫਸਲਾਂ ਡੋਬਣੀਆਂ ਸ਼ੁਰੂ ਕਰ ਦਿੱਤੀਆਂ ਹਨ। ਬਠਿੰਡਾ ਜ਼ਿਲ੍ਹੇ ’ਚ ਜਿਆਦਾ ਮੀਂਹ ਪੈਣ ਕਾਰਨ ਕਿਸਾਨਾਂ ਦੀ ਕਈ ਥਾਈਂ ਝੋਨੇ ਦੀ ਫਸਲ ਪਾਣੀ ’ਚ ਡੁੱਬ ਗਈ ਹੈ। ਪੀੜਤ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਖੇਤਾਂ ਦਾ ਦੌਰਾ ਕਰਕੇ ਉਨ੍ਹਾਂ ਦੀ ਸਾਰ ਲਈ ਜਾਵੇ ’ਤੇ ਫਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।
17 ਜੁਲਾਈ, 2025 – ਬਠਿੰਡਾ : ਬਠਿੰਡਾ ਜ਼ਿਲ੍ਹੇ ’ਚ ਪਿਛਲੇ ਕਈ ਤਿੰਨ ਦਿਨ੍ਹਾਂ ਤੋਂ ਰੁਕ ਰੁਕ ਕੇ ਪੈ ਰਹੇ ਮੀਂਹ ਨੇ ਹੁਣ ਕਿਸਾਨਾਂ ਦੀਆਂ ਫਸਲਾਂ ਡੋਬਣੀਆਂ ਸ਼ੁਰੂ ਕਰ ਦਿੱਤੀਆਂ ਹਨ। ਬਠਿੰਡਾ ਜ਼ਿਲ੍ਹੇ ’ਚ ਜਿਆਦਾ ਮੀਂਹ ਪੈਣ ਕਾਰਨ ਕਿਸਾਨਾਂ ਦੀ ਕਈ ਥਾਈਂ ਝੋਨੇ ਦੀ ਫਸਲ ਪਾਣੀ ’ਚ ਡੁੱਬ ਗਈ ਹੈ। ਪੀੜਤ ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਖੇਤਾਂ ਦਾ ਦੌਰਾ ਕਰਕੇ ਉਨ੍ਹਾਂ ਦੀ ਸਾਰ ਲਈ ਜਾਵੇ ’ਤੇ ਫਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।
ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ ਚੁੱਘੇ ਖੁਰਦ ਅਤੇ ਬਹਿਮਣ ਦੀਵਾਨਾ ’ਚ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਪਾਣੀ ’ਚ ਡੁੱਬ ਗਈਆਂ ਹਨ। ਕਿਸਾਨਾਂ ਨੇ ਦੱਸਿਆ ਕਿ ਜ਼ਮੀਨਾਂ ’ਚ 5–5 ਫੁੱਟ ਪਾਣੀ ਖੜ੍ਹ ਗਿਆ ਹੈ। ਮੀਂਹ ਕਾਰਨ ਚੁੱਘੇ ਖੁਰਦ ਦੇ ਰਕਬੇ ’ਚ 350 ਏਕੜ ਤੋਂ ਜਿਆਦਾ ਫ਼ਸਲ ਵਿਚ ਪਾਣੀ ਖੜ੍ਹਾ ਹੈ। ਕਿਸਾਨ ਪ੍ਰਕਾਸ਼ ਸਿੰਘ ਚੁੱਘੇ ਖੁਰਦ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ਉਨ੍ਹਾਂ ਦੇ ਖੇਤਾਂ ’ਚ ਇਹ ਸਮੱਸਿਆ ਆਉਂਦੀ ਹੈ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉਨ੍ਹਾਂ ਦਾ ਝੋਨਾ ਡੁੱਬ ਗਿਆ ਹੈ। ਹਾਲਾਤ ਇਹ ਬਣ ਗਏ ਹਨ ਕਿ ਹੁਣ ਦੁਬਾਰਾ ਝੋਨਾ ਲਗਾਉਣ ਲਈ ਉਨ੍ਹਾਂ ਨੂੰ ਝੋਨੇ ਦੀ ਕਿਤੇ ਵੀ ਪਨੀਰੀ ਨਹੀਂ ਮਿਲ ਰਹੀ। ਉਨ੍ਹਾਂ ਦੱਸਿਆ ਕਿ ਪਹਿਲਾਂ ਮੋਟਰਾਂ ਲੱਗੀਆਂ ਹੋਈਆਂ ਸਨ, ਜਿਨ੍ਹਾਂ ਨਾਲ ਪਾਣੀ ਸੂਏ ’ਚ ਪਾ ਦਿੱਤਾ ਜਾਂਦਾ ਸੀ ਪਰ ਮੋਟਰਾਂ ਤੋਂ ਟਰਾਂਸਫਾਰਮਰ ਚੋਰੀ ਹੋ ਗਿਆ। ਪ੍ਰਸ਼ਾਸ਼ਨ ਵੱਲੋਂ ਇਸ ਖੇਤਰ ’ਚ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਫਿਕਰ ਪ੍ਰਗਟਾਉਂਦਿਆਂ ਕਿਹਾ ਕਿ ਜੇਕਰ ਖੇਤਾਂ ’ਚੋਂ ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਈ ਤਾਂ ਸੇਮ ਵੀ ਆ ਸਕਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਹੋਰ ਜਿਆਦਾ ਮੁਸ਼ਕਿਲਾਂ ਨਾਲ ਜੂਝਣਾ ਪਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪਿੰਡ ਬਹਿਮਣ ਦੀਵਾਨਾ ਇਕਾਈ ਦੇ ਪ੍ਰਧਾਨ ਸੁਖਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਕਰੀਬ 150 ਏਕੜ ਖੇਤਾਂ ’ਚ ਮੀਂਹ ਦਾ ਪਾਣੀ 2 ਤੋਂ 5 ਫੁੱਟ ਤਕ ਭਰ ਗਿਆ, ਜਿਸ ਕਾਰਨ ਫਸਲਾਂ ਬਰਬਾਦ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੀੜਤ ਕਿਸਾਨਾਂ ਦੀ ਬਾਂਹ ਫੜ੍ਹੇ ਤੇ ਬਣਦਾ ਮੁਆਵਜ਼ਾ ਤੁਰੰਤ ਦੇਵੇ। ਇਸ ਤੋਂ ਇਲਾਵਾ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਹੋਰ ਫਸਲ ਦੀ ਬਿਜਾਈ ਦਾ ਹੱਲ ਹੋ ਸਕੇ।
ਤਿੰਨ ਦਿਨ ਹੋਰ ਮੀਂਹ ਪੈਣ ਦੀ ਸੰਭਾਵਨਾ
ਬਠਿੰਡਾ ਜ਼ਿਲ੍ਹੇ ’ਚ ਅੱਜ ਸਵੇਰੇ ਵੀ ਕਈ ਥਾਈਂ ਹਲਕੇ ਤੋਂ ਦਰਮਿਆਨਾ ਮੀਂਹ ਪਿਆ। ਪਹਿਲਾ ਪਏ ਭਾਰੀ ਮੀਂਹ ਤੋਂ ਬਾਅਦ ਹੁਣ ਹਲਕਾ–ਦਰਮਿਆਨਾ ਮੀਂਹ ਵੀ ਜਿਆਦਾ ਲੱਗਣ ਲਗ ਪਿਆ ਹੈ ਕਿਉਂਕਿ ਖੇਤਾਂ ਆਦਿ ’ਚ ਪਹਿਲਾ ਵਾਲਾ ਵੀ ਪਾਣੀ ਖੜ੍ਹਾ ਹੈ। ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਬਠਿੰਡਾ ਸਥਿਤ ਖੇਤਰੀ ਖੋਜ ਕੇਂਦਰ ਦੇ ਖੇਤੀ ਮੌਸਮ ਵਿਗਿਆਨੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ’ਚ 16 ਤੇ 17 ਜੁਲਾਈ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਮੌਸਮ ਦੀ ਭਵਿੱਖਬਾਣੀ ਨੂੰ ਧਿਆਨ ’ਚ ਰੱਖਦਿਆਂ ਹੀ ਫਸਲਾਂ ਦੀ ਸਿੰਚਾਈ ਅਤੇ ਛਿੜਕਾਅ ਆਦਿ ਕੀਤਾ ਜਾਵੇ।
ਪੰਜਾਬੀ ਜਾਗਰਣ