05 ਜੁਲਾਈ, 2025 – ਬਰਨਾਲਾ : ਸ਼੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਲਈ ਬਣੀ ਪੰਜ ਮੈਂਬਰੀ ਕਮੇਟੀ ਨੇ ਸਾਬਕਾ ਮੈਂਬਰ ਪਾਰਲੀਮੈਂਟ ਰਾਜਦੇਵ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਕਮੇਟੀ ਵਿੱਚ ਸ਼ਾਮਲ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਖਾਲਸਾ ਦੀ ਕੋਠੀ ’ਤੇ ਜਾ ਕੇ ਉਨ੍ਹਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਸੰਘਰਸ਼ ਵਿੱਚ ਹਮਾਇਤ ਦੀ ਮੰਗ ਕੀਤੀ। ਇਸ ਦੌਰਾਨ ਰਾਜਦੇਵ ਸਿੰਘ ਖਾਲਸਾ ਨੇ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਚੱਲ ਰਹੀ ਮੁਹਿੰਮ ਨੂੰ ਸਵੀਕਾਰ ਕਰਦਿਆਂ ਪਾਰਟੀ ਦੀ ਮੁੜ ਸੁਰਜੀਤੀ ਵਿਚ ਭਰਤੀ ਹੋਣ ਦਾ ਐਲਾਨ ਕੀਤਾ। ਉਨ੍ਹਾਂ ਵਾਰਿਸ ਪੰਜਾਬ ਪਾਰਟੀ ਨਾਲ ਦੂਰੀ ਬਣਾਉਂਦਿਆਂ ਸਰਵਉੱਚ ਪੰਥਕ ਅਥਾਰਿਟੀ ਦੇ ਹੁਕਮਾਂ ਨੂੰ ਸਿਰ ਮੱਥੇ ਲਾਉਣ ਦਾ ਸੰਕਲਪ ਲਿਆ।
ਸ੍ਰੀ ਰੱਖੜਾ ਨੇ ਰਾਜਦੇਵ ਸਿੰਘ ਖਾਲਸਾ ਦੇ ਫੈਸਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਥਕ ਘਾਲਣਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਉਮੀਦ ਜਤਾਈ ਕਿ ਖਾਲਸਾ ਪਾਰਟੀ ਦੀ ਮੁੜ ਬਣਤਰ ਵਿਚ ਮਦਦਗਾਰ ਸਾਬਤ ਹੋਣਗੇ। ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬਾਦਲਾਂ ਨੂੰ ਆਲੋਚਨਾ ਦਾ ਨਿਸ਼ਾਨ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਦੀਆਂ ਗ਼ਲਤ ਨੀਤੀਆਂ ਕਾਰਨ ਅਕਾਲੀ ਦਲ ਅੱਜ ਇਹ ਦਿਨ ਦੇਖਣੇ ਪੈ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਚੱਲ ਰਹੀ ਮੁਹਿੰਮ ਹੇਠ ਹੁਣ ਤੱਕ 8.5 ਲੱਖ ਵਰਕਰਾਂ ਦੀ ਭਰਤੀ ਹੋ ਚੁੱਕੀ ਹੈ ਜੋ 30 ਜੁਲਾਈ ਤੱਕ ਜਾਰੀ ਰਹੇਗੀ।
ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਵੀ ਆਪਣੀ ਗੱਲ ਰੱਖਦਿਆਂ ਕਿਹਾ ਕਿ ਬਾਦਲ ਪਰਿਵਾਰ ਨੇ ਸਮੇਂ-ਸਮੇਂ ਤੇ ਕੀਤੀਆਂ ਗਲਤੀਆਂ ਦਾ ਹਮੇਸ਼ਾ ਵਿਰੋਧ ਕੀਤਾ ਗਿਆ ਪਰ ਕੋਈ ਸੁਣਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਹੁਣ ਪੰਜ ਮੈਂਬਰੀ ਕਮੇਟੀ ਵੱਲੋਂ ਵਿਅਕਤੀਆਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਭਵਿੱਖ ਵਿਚ ਡੈਲੀਗੇਟ ਚੁਣੇ ਜਾਣਗੇ ਜੋ ਪ੍ਰਧਾਨ ਚੁਣਨਗੇ। ਸਭ ਤੋਂ ਅੰਤ ਵਿਚ ਰਾਜਦੇਵ ਸਿੰਘ ਖਾਲਸਾ ਨੇ ਪੰਜ ਮੈਂਬਰੀ ਕਮੇਟੀ ਦਾ ਧੰਨਵਾਦ ਕਰਦਿਆਂ ਭਰੋਸਾ ਦਵਾਇਆ ਕਿ ਉਹ ਪੰਥ ਦੀ ਚੜ੍ਹਦੀਕਲਾ ਲਈ ਦਿਨ ਰਾਤ ਕੰਮ ਕਰਨਗੇ।
ਪੰਜਾਬੀ ਟ੍ਰਿਬਯੂਨ
test