ਮੁੱਖ ਮੰਤਰੀ ਨੂੰ ਵਾਇਰਲ ਵੀਡੀਓ ਬਾਰੇ ਵਿਧਾਨ ਸਭਾ ਦਾ ਸਦਨ ਬੁਲਾ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ
10 ਜਨਵਰੀ, 2026 – ਜਲੰਧਰ : ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੀ ਕਥਿਤ ਵਾਇਰਲ ਵੀਡੀਓ, ਜਿਸ ਵਿੱਚ ਗੁਰੂ ਸਾਹਿਬ ਦੀ ਤਸਵੀਰ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ‘ਆਪ’ ਆਗੂ ਆਤਿਸ਼ੀ ਦੀ ਗੁਰੂ ਸਾਹਿਬਾਨ ਬਾਰੇ ਕਥਿਤ ਇਤਰਾਜ਼ਯੋਗ ਟਿੱਪਣੀ ਬਾਰੇ ਵਿਧਾਨ ਸਭਾ ਵਿੱਚ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਜਾਖੜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੇ ਦੂਜੇ ਪੜਾਅ ਸਬੰਧੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਵਾਂ ਹੈਲਪਲਾਈਨ ਨੰਬਰ ਜਾਰੀ ਕਰਕੇ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ਼ਾਇਦ ਇਹ ਭੁੱਲ ਚੁੱਕੇ ਹਨ ਕਿ ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ ਇੱਕ ਮੋਬਾਈਲ ਨੰਬਰ ਜਾਰੀ ਕੀਤਾ ਸੀ। ਜਾਖੜ ਨੇ ਸਵਾਲ ਉਠਾਇਆ ਕਿ ਜੇਕਰ ਪੁਰਾਣੇ ਨੰਬਰ ਨਾਲ ਨਤੀਜੇ ਨਹੀਂ ਨਿਕਲੇ, ਤਾਂ ਨਵੇਂ ਨੰਬਰ ਨਾਲ ਕੀ ਬਦਲੇਗਾ? ਇਸ ਮੌਕੇ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਦੀ ਵਿਕਸਿਤ ਭਾਰਤ ਜੀ ਰਾਮ ਜੀ ਸਕੀਮ ਬਾਰੇ ਦੱਸਿਆ। ਉਨ੍ਹਾਂ ਸੂਬਾ ਸਰਕਾਰ ’ਤੇ ਇਸ ਸਕੀਮ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਇਲਜ਼ਾਮ ਲਾਏ।
ਪੰਜਾਬ ਭਾਜਪਾ ਨੇ ਭਗਵੰਤ ਮਾਨ ਤੇ ਆਤਿਸ਼ੀ ਤੋਂ ਅਸਤੀਫ਼ਾ ਮੰਗਿਆ
ਚੰਡੀਗੜ੍ਹ (ਆਤਿਸ਼ ਗੁਪਤਾ): ਭਾਜਪਾ ਦੇ ਕੌਮੀ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੀ ਗੁਰੂ ਸਾਹਿਬਾਨ ’ਤੇ ਕਥਿਤ ਇਤਰਾਜ਼ਯੋਗ ਟਿੱਪਣੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਬੇਅਦਬੀ ਨਾਲ ਸਬੰਧਤ ਵਾਇਰਲ ਵੀਡੀਓ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੈਤਿਕ ਅਧਿਕਾਰ ਗੁਆ ਚੁੱਕੇ ਹਨ ਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਆਤਿਸ਼ੀ ਦੇ ਅਸਤੀਫ਼ੇ ਦੀ ਵੀ ਮੰਗ ਕੀਤੀ। ਉਨ੍ਹਾਂ ਨੇ ਇਸ ਵੀਡੀਓ ਦੀ ਜਾਂਚ ਸੀ ਬੀ ਆਈ ਜਾਂ ਮੌਜੂਦਾ ਜੱਜਾਂ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ।
ਪੰਜਾਬੀ ਟ੍ਰਿਬਯੂਨ