30 ਸਤੰਬਰ ਨੂੰ ਜਲੰਧਰ ‘ਚ ਹੋਵੇਗੀ ਯਾਤਰਾ ਦੀ ਸਮਾਪਤੀ
ਪੰਜਾਬ ਭਾਜਪਾ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ 18 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ।
18 ਸਤੰਬਰ, 2026 – ਚੰਡੀਗੜ੍ਹ: ਪੰਜਾਬ ਭਾਜਪਾ ਦੀ ਨਸ਼ਿਆਂ ਖ਼ਿਲਾਫ਼ ਜਾਗਰੁਕਤਾ ਸਬੰਧੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅਗਾਜ਼ ਅੱਜ ਤੋਂ ਹੋਣ ਜਾ ਰਿਹਾ ਹੈ। ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ ਭਾਜਪਾ ਦੀ ਇਹ ਯਾਤਰਾ ਪਹੁੰਚੇਗੀ। 30 ਸਤੰਬਰ ਤੱਕ ਚੱਲਣ ਇਹ ਯਾਤਰੀ 12 ਦਿਨਾਂ ਵਿੱਚ ਲਗਭਗ 4 ਹਜ਼ਾਰ ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਜਲੰਧਰ ਵਿਖੇ ਸਮਾਪਤ ਹੋਵੇਗੀ।
‘ਪਠਾਨਕੋਟ ਤੋਂ ਅੱਜ ਅਗਾਜ਼‘
ਰਾਸ਼ਟਰੀ ਭਾਜਪਾ ਪ੍ਰਧਾਨ ਨਿਤਿਨ ਨਬੀਨ ਅੱਜ ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਸਥਿਤ ਏਕਤਾ ਸਥਲ, ਮਾਧੋਪੁਰ ਤੋਂ ਪਹਿਲੀ ਯਾਤਰਾ ਨੂੰ ਹਰੀ ਝੰਡੀ ਦਿਖਾਉਣਗੇ। ਦੂਜੀ ਯਾਤਰਾ 19 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਦੇ ਸਾਦਿਕੀ ਤੋਂ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵੱਲੋਂ ਸ਼ੁਰੂ ਕੀਤੀ ਜਾਵੇਗੀ। ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਤੋਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਸ਼ਮੂਲੀਅਤ ਨਾਲ ਸ਼ੁਰੂ ਹੋਵੇਗੀ।
‘2027 ਦੀਆਂ ਚੋਣਾਂ ਦੇ ਮੱਦੇਨਜ਼ਰ ਯਾਤਰਾ ਅਹਿਮ‘
ਭਾਜਪਾ ਮੁਤਾਬਕ ਇਹ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਦੀ ਹੋਈ 30 ਸਤੰਬਰ ਨੂੰ ਜਲੰਧਰ ਵਿੱਚ ਸਮਾਪਤ ਹੋਵੇਗੀ। ਪੰਜਾਬ ਭਾਜਪਾ ਨੇ ਯਾਤਰਾ ਦੇ ਰੂਟ ’ਤੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਲਈ ਪੰਜਾਬ ਪੁਲਿਸ ਨਾਲ ਵੀ ਸੰਪਰਕ ਕੀਤਾ ਹੈ। 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਪੰਜਾਬ ਵਿੱਚ ਇਸ ਯਾਤਰਾ ਨੂੰ ਕਈ ਅਹਿਮ ਮੰਨਿਆ ਜਾ ਰਿਹਾ ਹੈ।
‘ਬੀਤੇ ਦਿਨ ਨਸ਼ਾ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ‘
ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਭਾਜਪਾ ਵੱਲੋਂ ਕੱਢੀ ਜਾਣ ਵਾਲੀ ਯਾਤਰਾ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੁਨੀਲ ਜਾਖੜ ਨੇ ਨਸ਼ੇ ਕਾਰਨ ਆਪਣੇ ਪਰਿਵਾਰਕ ਮੈਂਬਰ ਗੁਆਉਣ ਵਾਲੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਭਾਜਪਾ ਵੱਲੋਂ ਦੱਸਿਆ ਗਿਆ ਕਿ ਪਾਰਟੀ ਦੀ ਇਹ ਯਾਤਰਾ ਪੰਜਾਬ ਵਿੱਚ ਚਾਰ ਥਾਵਾਂ ਤੋਂ ਸ਼ੁਰੂ ਹੋਵੇਗੀ ਅਤੇ ਨਿਤਿਨ ਨਬੀਨ ਇਸ ਦੀ ਸ਼ੁਰੂਆਤ ਕਰਨਗੇ।
‘ਪੰਜਾਬ ਨਸ਼ੇ ਦੇ ਕੋਹੜ ਨਾਲ ਜੂਝ ਰਿਹਾ‘
ਕੇਵਲ ਢਿੱਲੋਂ ਨੇ ਕਿਹਾ ਕਿ, ‘ਉਨ੍ਹਾਂ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਹੈ, ਜਿਨ੍ਹਾਂ ਦੇ ਆਪਣੇ ਨਸ਼ੇ ਕਾਰਨ ਜਾਨ ਗੁਆ ਚੁੱਕੇ ਹਨ। ਪੰਜਾਬ ਨਸ਼ੇ ਦੇ ਕੋਹੜ ਨਾਲ ਜੂਝ ਰਿਹਾ ਹੈ। ਫਾਜ਼ਿਲਕਾ ਦਾ ਮਾਮਲਾ ਹੈ, ਉੱਥੇ ਇੱਕ ਚਾਰ ਸਾਲ ਦੇ ਬੱਚੇ ਦੇ ਪਿਤਾ ਦੀ ਨਸ਼ੇ ਕਾਰਨ ਮੌਤ ਹੋਈ ਹੈ, ਜਦਕਿ ਤਰਨਤਾਰਨ ਵਿੱਚ ਇੱਕ ਨੌਜਵਾਨ ਵਿਆਹ ਤੋਂ ਸਿਰਫ਼ ਇੱਕ ਮਹੀਨੇ ਬਾਅਦ ਨਸ਼ੇ ਦੀ ਭੇਟ ਚੜ੍ਹ ਗਿਆ। ਇੱਕੋ ਪਰਿਵਾਰ ਦੇ ਛੇ ਮੈਂਬਰ ਨਸ਼ੇ ਕਾਰਨ ਜਾਨ ਗੁਆ ਚੁੱਕੇ ਹਨ।‘
4 ਥਾਵਾਂ ਤੋਂ ਸ਼ੁਰੂ ਹੋਵੇਗੀ ਯਾਤਰਾ
ਕੇਵਲ ਢਿੱਲੋਂ ਮੁਤਾਬਕ ਭਾਜਪਾ ਵੱਲੋਂ ਲਗਭਗ 4 ਹਜ਼ਾਰ ਕਿਲੋਮੀਟਰ ਦੀ ਯਾਤਰਾ ਕੱਢੀ ਜਾ ਰਹੀ ਹੈ। ਇਹ ਯਾਤਰਾ ਪੰਜਾਬ ਦੇ ਪਿੰਡਾਂ ਅਤੇ ਘਰਾਂ ਤੱਕ ਪਹੁੰਚਣ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ “ਭਾਜਪਾ ਨਸ਼ੇ ਦੇ ਮੁੱਦੇ ’ਤੇ ਲੋਕਾਂ ਦੇ ਨਾਲ ਖੜ੍ਹੀ ਹੈ। ਪ੍ਰਧਾਨ ਮੰਤਰੀ ਦਾ ਟੀਚਾ ਦੋ ਸਾਲਾਂ ਵਿੱਚ ਦੇਸ਼ ਵਿੱਚੋਂ ਨਸ਼ੇ ਨੂੰ ਖ਼ਤਮ ਕਰਨਾ ਹੈ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਦੋ ਸਾਲਾਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ।”
ਤੂਰ ਬੰਜਾਰਾ ਮਾਮਲੇ ਦਾ ਵੀ ਜ਼ਿਕਰ
ਕੇਵਲ ਢਿੱਲੋਂ ਨੇ ਤੂਰ ਬੰਜਾਰਾ ਮਾਮਲੇ ਦਾ ਹਵਾਲਾ ਦਿੰਦਿਆਂ ਇਲਜ਼ਾਮ ਲਗਾਇਆ ਕਿ “ਉੱਥੇ ਗੁਲਜ਼ਾਰ ਸਿੰਘ ਦਾ ਕਸੂਰ ਸਿਰਫ਼ ਇਹ ਸੀ ਕਿ ਉਸ ਨੇ ਨਸ਼ਾ ਕਦੋਂ ਖ਼ਤਮ ਹੋਵੇਗਾ, ਇਹ ਸਵਾਲ ਪੁੱਛਿਆ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਪੁੱਛਣ ਤੋਂ ਬਾਅਦ ਉਸ ਦੀ ਪੁਲਿਸ ਵੱਲੋਂ ਕੁੱਟਮਾਰ ਕਰਵਾਈ ਗਈ। ਭਾਜਪਾ ਦੀ ਯਾਤਰਾ ਪਿੰਡ–ਪਿੰਡ ਅਤੇ ਘਰ–ਘਰ ਜਾਵੇਗੀ ਅਤੇ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਅਵਾਜ਼ ਚੁੱਕੀ ਜਾਵੇਗੀ।”
ਸੁਨੀਲ ਜਾਖੜ ਨੇ ਕਿਹਾ—ਪੰਜਾਬ ਦਾ ਦਰਦ ਸਮਝਣ ਆਏ ਹਾਂ
ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਪੰਜਾਬ ਦਾ ਦਰਦ ਸਮਝਣ ਲਈ ਇਨ੍ਹਾਂ ਪਰਿਵਾਰਾਂ ਨਾਲ ਮਿਲ ਰਹੀ ਹੈ। ਇਨ੍ਹਾਂ ਪਰਿਵਾਰਾਂ ਦੀਆਂ ਤਸਵੀਰਾਂ ਅਤੇ ਕਹਾਣੀਆਂ ਪੰਜਾਬ ਵਿੱਚ ਨਸ਼ੇ ਦੀ ਸਥਿਤੀ ਬਾਰੇ ਖੁਦ ਬੋਲ ਰਹੀਆਂ ਹਨ।
ਜਾਖੜ ਨੇ ਆਪਣੇ ਅਬੋਹਰ-ਫਾਜ਼ਿਲਕਾ ਇਲਾਕੇ ਦਾ ਜ਼ਿਕਰ ਕਰਦਿਆਂ ਇੱਕ ਨੌਜਵਾਨ ਦੇ ਕਤਲ ਦਾ ਮਾਮਲਾ ਚੁੱਕਿਆ। ਉਨ੍ਹਾਂ ਦਾਅਵਾ ਕੀਤਾ ਕਿ “ਨੌਜਵਾਨ ਦੇ ਭਰਾ ਵੱਲੋਂ ਨਸ਼ੇ ਨਾਲ ਸਬੰਧਤ ਵੀਡੀਓ ਬਣਾਉਣ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ। 13 ਤਰੀਕ ਨੂੰ ਇੱਕ ਘਟਨਾ ਵਾਪਰੀ ਅਤੇ 14 ਤਰੀਕ ਨੂੰ ਅਬੋਹਰ ਵਿੱਚ ਵੀ ਇਸੇ ਤਰ੍ਹਾਂ ਦੀ ਇੱਕ ਹੋਰ ਘਟਨਾ ਸਾਹਮਣੇ ਆਈ।”
ਮ੍ਰਿਤਕ ਦੀ ਭੈਣ ਨੇ ਕਿਹਾ—ਨਸ਼ਾ ਕਿੱਥੇ ਵਿਕਦਾ ਹੈ, ਮੈਨੂੰ ਪਤਾ
ਮਾਰੇ ਗਏ ਨੌਜਵਾਨ ਦੀ ਭੈਣ ਨੇ ਕਿਹਾ ਕਿ ਉਸ ਦਾ ਭਰਾ ਨਸ਼ਾ ਕਰਦਾ ਸੀ, ਇਹ ਗੱਲ ਪਰਿਵਾਰ ਮੰਨਦਾ ਹੈ, ਪਰ ਜਦੋਂ ਪਰਿਵਾਰ ਨੇ ਨਸ਼ੇ ਖ਼ਿਲਾਫ਼ ਅਵਾਜ਼ ਚੁੱਕੀ ਤਾਂ ਉਸ ਦੇ ਭਰਾ ਦਾ ਕਤਲ ਕਰ ਦਿੱਤਾ ਗਿਆ। ਕੁੜੀ ਨੇ ਦਾਅਵਾ ਕੀਤਾ ਕਿ ਉਸ ਦੇ ਭਰਾ ਦੇ ਗਹਿਣੇ ਅਤੇ ਸਕੂਟੀ ਵੀ ਘਟਨਾ ਵਾਲੀ ਥਾਂ ’ਤੇ ਸੁੱਟੀ ਗਈ ਸੀ। ਨਸ਼ਾ ਵੇਚਣ ਵਾਲਿਆਂ ਨੇ ਉਸ ਦੇ ਭਰਾ ਨੂੰ ਮਾਰਿਆ ਹੈ। ਇੱਕ ਕੁੜੀ ਹੋਣ ਦੇ ਬਾਵਜੂਦ ਮੈਨੂੰ ਪਤਾ ਹੈ ਕਿ ਇਲਾਕੇ ਵਿੱਚ ਨਸ਼ਾ ਕਿੱਥੇ ਵਿਕਦਾ ਹੈ, ਪਰ ਪੁਲਿਸ ਨੂੰ ਇਸ ਬਾਰੇ ਜਾਣਕਾਰੀ ਨਹੀਂ ਹੈ।
ਜਾਖੜ ਦਾ ਸਵਾਲ—ਜੇ 79 ਹਜ਼ਾਰ ਗ੍ਰਿਫ਼ਤਾਰੀਆਂ ਹੋਈਆਂ ਤਾਂ ਨਸ਼ਾ ਖ਼ਤਮ ਕਿਉਂ ਨਹੀਂ ਹੋਇਆ?
ਸੁਨੀਲ ਜਾਖੜ ਨੇ ਨਸ਼ਾ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਿਹੜੀਆਂ ਗ੍ਰਿਫ਼ਤਾਰੀਆਂ ਹੋਈਆਂ ਹਨ, ਉਨ੍ਹਾਂ ਵਿੱਚ ਨਸ਼ਾ ਤਸਕਰਾਂ ਦੀ ਬਜਾਏ ਨਸ਼ਾ ਕਰਨ ਵਾਲੇ ਲੋਕ ਵੀ ਸ਼ਾਮਲ ਹਨ। ਉਨ੍ਹਾਂ ਡੀਜੀਪੀ ਦੇ ਇੱਕ ਪੁਰਾਣੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ 28 ਮਈ 2025 ਨੂੰ ਥਾਣਾ ਖੇਤਰ ਵਿੱਚ ਨਸ਼ਾ ਫੜੇ ਜਾਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕਰਨ ਦੀ ਗੱਲ ਕਹੀ ਗਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨਾਲ ਮੀਟਿੰਗ ਵਿੱਚ ਵੀ ਇਸ ਮੁੱਦੇ ’ਤੇ ਗੱਲ ਹੋਈ।
ਜਾਖੜ ਨੇ 14 ਸਤੰਬਰ ਨੂੰ ਦਿੱਤੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਕ ਸਾਲ ਵਿੱਚ ਗ੍ਰਿਫ਼ਤਾਰੀਆਂ ਦੀ ਗਿਣਤੀ 13 ਹਜ਼ਾਰ ਤੋਂ ਵੱਧ ਕੇ 79 ਹਜ਼ਾਰ ਹੋਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਇੰਨੀ ਵੱਡੀ ਗਿਣਤੀ ਵਿੱਚ ਗ੍ਰਿਫ਼ਤਾਰੀਆਂ ਹੋਈਆਂ ਹਨ ਤਾਂ ਫਿਰ ਪੰਜਾਬ ਵਿੱਚ ਨਸ਼ਾ ਖ਼ਤਮ ਕਿਉਂ ਨਹੀਂ ਹੋਇਆ। ਭਾਜਪਾ ਆਗੂਆਂ ਨੇ ਕਿਹਾ ਕਿ ਨਸ਼ੇ ਖ਼ਿਲਾਫ਼ ਸ਼ੁਰੂ ਕੀਤੀ ਜਾ ਰਹੀ ਯਾਤਰਾ ਦੌਰਾਨ ਨਸ਼ੇ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਸਮੱਸਿਆਵਾਂ ਅਤੇ ਨਸ਼ਾ ਤਸਕਰੀ ਨਾਲ ਜੁੜੇ ਮੁੱਦਿਆਂ ਨੂੰ ਲੋਕਾਂ ਸਾਹਮਣੇ ਰੱਖਿਆ ਜਾਵੇਗਾ।
ETV BHARAT