ਚੰਡੀਗਡ਼੍ਹ ਪੁਲੀਸ ਨੇ ਆਗੂ ਹਿਰਾਸਤ ’ਚ ਲਏ; ‘ਆਪ’ ਦੀ ਹਾਈਕਮਾਂਡ ’ਤੇ ਨਿਸ਼ਾਨੇ ਸੇਧੇ
17 ਜਨਵਰੀ, 2026 – ਚੰਡੀਗੜ੍ਹ : ਪੰਜਾਬ ਭਾਜਪਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਪ੍ਰਦਰਸ਼ਨ ਕੀਤਾ। ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਭਾਜਪਾ ਆਗੂ ਅਤੇ ਵਰਕਰ ਜਦੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵਧੇ ਤਾਂ ਪੁਲੀਸ ਨੇ ਬੈਰੀਕੇਡਿੰਗ ਕਰ ਕੇ ਰੋਕ ਲਿਆ। ਇਸ ਮੌਕੇ ਚੰਡੀਗੜ੍ਹ ਪੁਲੀਸ ਨੇ ਭਾਜਪਾ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਅਤੇ ਕਰੀਬ ਅੱਧੇ ਘੰਟੇ ਮਗਰੋਂ ਰਿਹਾਅ ਕੀਤਾ। ਭਾਜਪਾ ਆਗੂ ਅੱਜ ਭਾਜਪਾ ਦਫ਼ਤਰ ਤੋਂ ਰਵਾਨਾ ਹੋਏ, ਉਨ੍ਹਾਂ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਪੁੱਜਣ ਤੋਂ ਪਹਿਲਾਂ ਹੀ ਰੋਕ ਲਿਆ ਗਿਆ। ਭਾਜਪਾ ਆਗੂ ਸੂਬੇ ’ਚ ਅਮਨ ਕਾਨੂੰਨ ਦੀ ਵਿਗੜ ਰਹੀ ਵਿਵਸਥਾ, ਗੈਂਗਸਟਰਾਂ ਦੀਆਂ ਕਾਰਵਾਈਆਂ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਪਸਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਾ ਚਾਹੁੰਦੇ ਸਨ।
ਮੁੱਖ ਮੰਤਰੀ ਦੀ ਰਿਹਾਇਸ਼ ਕੋਲ ਧਰਨਾ ਦੇ ਕੇ ਭਾਜਪਾ ਆਗੂਆਂ ਨੇ ਖ਼ਾਸ ਤੌਰ ’ਤੇ ‘ਆਪ’ ਦੀ ਹਾਈਕਮਾਂਡ ਨੂੰ ਨਿਸ਼ਾਨੇ ’ਤੇ ਲਿਆ। ਇਸ ਦੌਰਾਨ ਸ੍ਰੀ ਜਾਖੜ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਸੁਪਰ ਮੁੱਖ ਮੰਤਰੀ ਵਜੋਂ ਸਵੀਕਾਰ ਨਹੀਂ ਕਰਨਗੇ। ਅੱਜ ਭਾਜਪਾ ਕੇਜਰੀਵਾਲ ਤੋਂ ਮੁੱਖ ਮੰਤਰੀ ਕੋਟੇ ਦੀ 50 ਨੰਬਰ ਕੋਠੀ ਖਾਲੀ ਕਰਵਾਉਣ ਲਈ ਆਈ ਹੈ, ਕਿਉਂਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਪੰਜਾਬ ਦਾ ਮੁੱਖ ਮੰਤਰੀ ਪੰਜਾਬੀ ਹੋਵੇ। ਅੱਜ ਉਹ ਭਗਵੰਤ ਮਾਨ ਨੂੰ ਉਨ੍ਹਾਂ ਦਾ ਅਹੁਦਾ ਮੁੜ ਦਿਵਾਉਣ ਲਈ ਆਏ ਸਨ ਪਰ ਉਨ੍ਹਾਂ ਨੇ ਪੁਲੀਸ ਤੋਂ ਪਾਰਟੀ ਆਗੂਆਂ ਨੂੰ ਗ੍ਰਿਫ਼ਤਾਰ ਕਰਵਾ ਕੇ ਆਪਣੇ ਪੈਰੀਂ ਖ਼ੁਦ ਹੀ ਕੁਹਾੜਾ ਮਾਰਿਆ ਹੈ।
ਅੱਜ ਪੰਜਾਬ ਗੈਂਗਸਟਰ ਸੂਬਾ ਬਣ ਗਿਆ ਹੈ ਅਤੇ ਆਮ ਵਿਅਕਤੀ ਸੂਬੇ ਵਿੱਚ ਸੁਰੱਖਿਅਤ ਨਹੀਂ ਅਤੇ ਵਿਕਾਸ ਕੰਮ ਠੱਪ ਪਏ ਹਨ। ਲੋਕਾਂ ਨੇ ਮਾਨ ਨੂੰ ਮੁੱਖ ਮੰਤਰੀ ਚੁਣਿਆ ਸੀ ਨਾ ਕਿ ਅਰਵਿੰਦ ਕੇਜਰੀਵਾਲ ਨੂੰ। ਭਾਜਪਾ ਤਾਂ ਕੇਜਰੀਵਾਲ ਨੂੰ ਪੰਜਾਬ ਵਿੱਚੋਂ ਕੱਢਣ ਲਈ ਭਗਵੰਤ ਮਾਨ ਦੀ ਮਦਦ ਕਰ ਰਹੀ ਹੈ। ਦਿੱਲੀ ਤੋਂ ਵਿਹਲੇ ਹੋ ਕੇ ਜਦੋਂ ਤੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਪੰਜਾਬ ਆਏ ਹਨ, ਉਦੋਂ ਤੋਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਬੇਅਦਬੀ ਤੇ ਮੁੱਦੇ ’ਤੇ ਪੰਜਾਬ ਦੇ ਲੋਕਾਂ ਨੇ ਦੋ ਸਰਕਾਰਾਂ ਹਟਾ ਦਿੱਤੀਆਂ ਹਨ। ਇਸ ਮੌਕੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਵੀ ਸੰਬੋਧਨ ਕੀਤਾ।
ਪੰਜਾਬੀ ਟ੍ਰਿਬਯੂਨ