‘ਆਪ’ ਪੰਜਾਬ ਦੇ ਲੋਕਾਂ ਨੂੰ ਰੁਜ਼ਗਾਰ ਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਦੇਣ ਵਿੱਚ ਨਾਕਾਮ: ਕਾਲੀਆ
25 ਫਰਵਰੀ, 2026 – ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਵੱਲੋਂ ‘ਮੇਰੀ ਰਸੋਈ’ ਸਕੀਮ ਨੂੰ ਪ੍ਰਚਾਰਿਆ ਜਾ ਰਿਹਾ ਹੈ, ਜਦੋਂ ਕਿ ਭਾਜਪਾ ਨੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਪੰਜਾਬ ਦੇ ਸਾਬਕਾ ਮੰਤਰੀ ਤੇ ਸਾਬਕਾ ਸੂਬਾ ਪ੍ਰਧਾਨ ਮਨੋਰੰਜਨ ਕਾਲੀਆ ਨੇ ‘ਆਪ’ ਸਰਕਾਰ ’ਤੇ ਹਮਲਾ ਕਰਦਿਆਂ ਚੋਣ ਸਾਲ ਵਿੱਚ ਲੋਕਾਂ ਨੂੰ ‘ਮੇਰੀ ਰਸੋਈ’ ਵਰਗਾ ਚੋਗਾ ਪਾਉਣ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਚੋਣ ਸਾਲ ਵਿੱਚ ਲੋਕਾਂ ਨੂੰ ਵਰਗਲਾਉਣ ਦੀ ਕੋਇਸ਼ਸ਼ ਕੀਤੀ ਜਾ ਰਹੀ ਹੈ। ‘ਆਪ’ ਨੇ ਲੋਕਾਂ ਨੂੰ 10 ਲੱਖ ਰੁਪਏ ਸਾਲਾਨਾ ਦੇ ਨਗਦੀ ਰਹਿਤ ਇਲਾਜ ਦੇ ਨਾਮ ’ਤੇ ਗੁਮਰਾਹ ਕੀਤਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਜੋ-ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਸਾਬਤ ਹੋਈ ਹੈ।
‘ਆਪ’ ਨੇ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਪਰ ਹਾਲੇ ਤੱਕ ਨਹੀਂ ਦਿੱਤੇ ਜਾ ਸਕੇ। ਇਸ ਤੋਂ ਇਲਾਵਾ 25 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ, ਉਹ ਵੀ ਪੂਰਾ ਨਹੀਂ ਹੋ ਸਕਿਆ ਹੈ।
ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਪਰ ਅੱਜ ਪੰਜਾਬ ਵਿੱਚ ਭ੍ਰਿਸ਼ਟਾਚਾਰ ਵੱਧ ਗਿਆ ਹੈ। ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ।
ਪੰਜਾਬ ਦੇ ਲੋਕ 2027 ’ਚ ‘ਆਪ’ ਨੂੰ ਸਿਖਾਉਣਗੇ ਸਬਕ
ਸ੍ਰੀ ਮਨੋਰੰਜਨ ਕਾਲੀਆ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾਉਣਗੇ ਤੇ ਸੱਤਾ ਤੋਂ ਬਾਹਰ ਕਰਨਗੇ। ਲੋਕਾਂ ਨੇ ਮਨ ਬਣਾ ਲਿਆ ਹੈ ਕਿ ਉਹ ਸਾਲ 2027 ਦੀਆਂ ਚੋਣਾਂ ਵਿੱਚ ਭਾਜਪਾ ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣਗੇ, ਕਿਉਂਕਿ ਪੰਜਾਬ ਦਾ ਵਿਕਾਸ ਭਾਜਪਾ ਹੀ ਕਰ ਸਕਦੀ ਹੈ।
ਪੰਜਾਬੀ ਟ੍ਰਿਬਯੂਨ