09 ਅਪਰੈਲ, 2025 – ਚੰਡੀਗੜ੍ਹ : ਜਲੰਧਰ ਵਿੱਚ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਦੇਰ ਰਾਤ ਹੋਏ ਹਮਲੇ ਤੋਂ ਨਾਰਾਜ਼ ਭਾਜਪਾ ਆਗੂਆਂ ਨੇ ਅੱਜ ਸੂਬੇ ਭਰ ਵਿੱਚ ਮੁਜ਼ਾਹਰੇ ਕੀਤੇ ਹਨ। ਇਸ ਦੌਰਾਨ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਨੇ ਸੜਕਾਂ ’ਤੇ ਉੱਤਰ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਵਿਗੜਦੇ ਜਾ ਰਹੇ ਹਨ, ਪਰ ਸੂਬਾ ਸਰਕਾਰ ਵੱਖ-ਵੱਖ ਮੁਹਿੰਮਾਂ ਦੇ ਨਾਮ ’ਤੇ ਲੋਕਾਂ ਨੂੰ ਗੁਮਰਾਹ ਕਰਨ ਲੱਗੀ ਹੋਈ ਹੈ।
ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਹਾਲਾਤ ਬਿਲਕੁੱਲ ਉਲਟ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਪੁਲੀਸ ਥਾਣਿਆਂ ’ਤੇ ਹਮਲੇ ਹੁੰਦੇ ਰਹੇ। ਇਸ ਤੋਂ ਬਾਅਦ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਕੀਤੀ ਗਈ ਅਤੇ ਹੁਣ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਦੇ ਬਾਹਰ ਹਮਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਸੂਬੇ ਦੇ ਲੋਕਾਂ ਵਿੱਚ ਡਰ ਪੈਦਾ ਕਰ ਰਹੇ ਹਨ ਜਦੋਂਕਿ ਸਮਾਜ ਵਿਰੋਧ ਅਨਸਰਾਂ ਦੇ ਹੌਸਲੇ ਵਧ ਰਹੇ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਕਾਲੀਆ ਦੇ ਘਰ ਅੱਗੇ ਨੌਜਵਾਨਾਂ ਵੱਲੋਂ ਬਿਨਾਂ ਕਿਸੇ ਡਰ ਤੋਂ ਬੰਬ ਨੁਮਾ ਵਸਤੂ ਸੁੱਟੀ ਗਈ ਹੈ। ਇਸ ਤੋਂ ਸਪਸ਼ਟ ਹੁੰਦਾ ਹੈ ਕਿ ਪੰਜਾਬ ਵਿੱਚ ਗੈਂਗਸਟਰ ਤੇ ਗ਼ੈਰ-ਸਮਾਜਿਕ ਅਨਸਰ ਬਿਨਾਂ ਕਿਸੇ ਡਰ ਤੋਂ ਘੁੰਮ ਰਹੇ ਹਨ। ਸ੍ਰੀ ਜੋਸ਼ੀ ਨੇ ਮੰਗ ਕੀਤੀ ਕਿ ਸਰਕਾਰ ਅਜਿਹੇ ਵਿਅਕਤੀਆਂ ਨੂੰ ਕਾਬੂ ਕਰਨ ਲਈ ਕੋਈ ਠੋਸ ਕਦਮ ਚੁੱਕੇ।
ਕਾਲੀਆ ਦੇ ਘਰ ’ਤੇ ਹਮਲਾ ਸਾਜ਼ਿਸ਼ ਦਾ ਹਿੱਸਾ: ਕੈਂਥ
ਭਾਜਪਾ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾਈ ਉਪ-ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਇਹ ਹਮਲਾ ਇੱਕ ਗੰਭੀਰ ਸਾਜ਼ਿਸ਼ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਾਰੇ ਚਿੰਤਾ ਪੈਦਾ ਕਰ ਦਿੱਤੀ ਹੈ।
ਹਮਲੇ ਦੇ ਮਾਮਲੇ ’ਚ ਸਿਆਸਤ ਕਰ ਰਹੀ ਹੈ ਭਾਜਪਾ: ਅਰੋੜਾ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਵੱਲੋਂ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ’ਤੇ ਹੋਏ ਹਮਲੇ ’ਤੇ ਸਿਆਸਤ ਕਰਨ ਦੀ ਆਲੋਚਨਾ ਕੀਤੀ ਹੈ। ਸ੍ਰੀ ਅਰੋੜਾ ਨੇ ਚੰਡੀਗੜ੍ਹ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਸਰਕਾਰ ਤੇ ਪੁਲੀਸ ’ਤੇ ਲਗਾਏ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਇਸ ਮਾਮਲੇ ’ਚ 12 ਘੰਟਿਆਂ ਦੇ ਅੰਦਰ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਹਮਲੇ ਦਾ ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਹੈ। ਸ੍ਰੀ ਅਰੋੜਾ ਨੇ ਲਾਰੈਂਸ ਬਿਸ਼ਨੋਈ ਨਾਲ ਭਾਜਪਾ ਦੇ ਕਥਿਤ ਸਬੰਧਾਂ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੇ ਪਿਛਲੀਆਂ ਸਰਕਾਰਾਂ ਦੇ ਉਲਟ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਵਿੱਚ ਕੋਈ ਢਿੱਲ ਨਹੀਂ ਛੱਡੀ ਹੈ। ‘ਆਪ’ ਸਰਕਾਰ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਅਸਤੀਫ਼ਾ ਦੇਣ: ਲਾਲਪੁਰਾ
ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਨੇ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੁਰੱਖਿਆ ਨਹੀਂ ਦੇ ਸਕਦੇ ਤਾਂ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ’ਚ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਨੋਟਿਸ ਲਵੇ।
ਪੰਜਾਬੀ ਟ੍ਰਿਬਯੂਨ
https://www.punjabitribuneonline.com/news/punjab/bjp-protests-against-state-government/
Grenade Attack ਮਨੋਰੰਜਨ ਕਾਲੀਆ ਦੇ ਘਰ ’ਤੇ ਹਮਲੇ ਖਿਲਾਫ਼ ਭਾਜਪਾ ਵੱਲੋਂ ਰੋਸ ਪ੍ਰਦਰਸ਼ਨ
ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਭਾਜਪਾ ਨੇ ਅੱਜ ਸ਼ਾਮੀਂ ਇਥੇ ਪੰਜਾਬ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਸਾੜਿਆ ਹੈ। ਸਥਾਨਕ ਹਾਲ ਗੇਟ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਆਗੂਆਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਖਤਮ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰੰਗਲਾ ਪੰਜਾਬ ਬਣਨ ਦੀ ਥਾਂ ਅਫ਼ਗ਼ਾਨਿਸਤਾਨ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੁਲੀਸ ਚੌਕੀਆਂ ਤੇ ਥਾਣਿਆਂ ’ਤੇ ਹਮਲੇ ਹੋ ਰਹੇ ਸਨ, ਫਿਰ ਧਾਰਮਿਕ ਅਸਥਾਨਾਂ ਅਤੇ ਹੁਣ ਸਿਆਸੀ ਆਗੂਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਮਾਮਲੇ ਨੂੰ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੋਲੋਂ ਨੈਤਿਕ ਆਧਾਰ ’ਤੇ ਅਸਤੀਫੇ ਦੀ ਮੰਗ ਕੀਤੀ। ਇਸ ਮੌਕੇ ਰੋਸ ਵਿਖਾਵੇ ਨੂੰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋਈ: ਸ਼ਰਮਾ
ਭਾਰਤੀ ਜਨਤਾ ਪਾਰਟੀ ਦੇ ਨੈਸ਼ਨਲ ਆਗੂ ਮਨੋਰੰਜਨ ਕਾਲੀਆ ਦੇ ਘਰ ’ਤੇ ਹੋਏ ਹਮਲੇ ਦੇ ਰੋਸ ਵਜੋਂ ਹਲਕਾ ਗਿੱਦੜਬਾਹਾ ਦੇ ਬੀਜੇਪੀ ਆਗੂ ਪ੍ਰਿਤਪਾਲ ਸ਼ਰਮਾ ਦੀ ਅਗਵਾਈ ਹੇਠ ਦੋਦਾ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਅਤੀ ਚਿੰਤਾਜਨਕ ਹੈ। ਇਥੇ ਕੋਈ ਆਪਣੇ ਆਪ ਨੂੰ ਸਰੁੱਖਿਅਤ ਨਹੀਂ ਸਮਝ ਰਿਹਾ। ਪੰਜਾਬ ਸਰਕਾਰ ਹਰ ਫਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਯੁੱਧ ਨਸ਼ਿਆਂ ਵਿਰੁੱਧ ਕਿਹਾ ਕਿ ਕਿਸੇ ਗਰੀਬ ਦਾ ਮਕਾਨ ਢਾਹ ਕੇ ਵਿਖਾਉਣਾ ਕੋਈ ਸਹੀ ਗੱਲ ਨਹੀਂ, ਜੇ ਪਰਿਵਾਰ ਦਾ ਇਕ ਵਿਅਕਤੀ ਦੋਸ਼ੀ ਹੈ ਤਾਂ ਦੂਜੇ ਪਰਿਵਾਰ ਦਾ ਕੀ ਕਸੂਰ ਹੈ? ਸਰਕਾਰ ਨੂੰ ਪਹਿਲਾਂ ਆਪਣੀ ਪੀੜੀ ਥੱਲੇ ਸੋਟੀ ਫੇਰਨ ਦੀ ਲੋੜ ਹੈ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਪੁਲੀਸ ’ਚੋਂ ਨਸ਼ੇ ਸਮੇਤ ਫੜੇ ਜਾ ਰਹੇ ਮੁਲਾਜ਼ਮਾਂ ਦੇ ਘਰਾਂ ’ਤੇ ਕਦੋਂ ਬਲਡੋਜ਼ਰ ਚੱਲਣਗੇ? ਹੱਕੀ ਮੰਗਾਂ ਮੰਗਦਿਆਂ ਮੁਲਾਜ਼ਮਾਂ, ਕਿਸਾਨਾਂ ਆਦਿ ’ਤੇ ਡਾਂਗ ਵਰ੍ਹਾਈ ਜਾ ਰਹੀ ਹੈ। ਸਿਰਫ ਦਹਿਸ਼ਤ ਪਾਉੁਣ ਲਈ ਲੋਕਾਂ ਤੋਂ ਸ਼ੰਘਰਸ਼ ਕਰਨ ਦੇ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ। ਸੂਬੇ ਲੋਕ ਅਜਿਹੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
https://www.punjabitribuneonline.com/news/malwa/punjab-government-has-failed-on-every-front-sharma/
test