ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ; ਪ੍ਰਸ਼ਾਸਨ ਨੇ ਸਿਹਤ ਤੇ ਸਿੱਖਿਆ ਮੰਤਰੀ ਨਾਲ ਮੀਟਿੰਗ ਤੈਅ ਕਰਵਾਈ
08 ਦਸੰਬਰ, 2025 – ਸੰਗਰੂਰ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਦਰਮਿਆਨ ਅੱਜ ਕਾਫ਼ੀ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ। ਬੇਰੁਜ਼ਗਾਰ ਪੁਲੀਸ ਦਾ ਨਾਕਾ ਤੋੜ ਕੇ ਅੱਗੇ ਵਧਣਾ ਚਾਹੁੰਦੇ ਸਨ। ਅੱਗੇ ਵਧਣ ਤੋਂ ਰੋਕੇ ਜਾਣ ’ਤੇ ਉਨ੍ਹਾਂ ਨੇ ਸੜਕ ’ਤੇ ਹੀ ਧਰਨਾ ਲਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਬੇਰੁਜ਼ਗਾਰ ਨੌਕਰੀ ਦੀ ਉਮਰ ਹੱਦ ਵਿੱਚ ਛੋਟ ਦੇਣ ਅਤੇ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਭਰਤੀ ਕਰਨ ਦੀ ਮੰਗ ਕਰ ਰਹੇ ਸਨ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੇ ਬੇਰੁਜ਼ਗਾਰ ਸਾਂਝਾ ਮੋਰਚਾ ਦੀ 10 ਦਸੰਬਰ ਨੂੰ ਸਿੱਖਿਆ ਮੰਤਰੀ ਅਤੇ 15 ਦਸੰਬਰ ਨੂੰ ਸਿਹਤ ਮੰਤਰੀ ਪੰਜਾਬ ਨਾਲ ਮੀਟਿੰਗ ਤੈਅ ਕਰਵਾਈ, ਜਿਸ ਮਗਰੋਂ ਰੋਸ ਧਰਨਾ ਸਮਾਪਤ ਕੀਤਾ ਗਿਆ।
ਬੇਰੁਜ਼ਗਾਰ ਸਾਂਝਾ ਮੋਰਚਾ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਪੁੱਜੇ ਬੇਰੁਜ਼ਗਾਰ ਸਥਾਨਕ ਵੇਰਕਾ ਮਿਲਕ ਪਲਾਂਟ ਪਾਰਕ ਵਿੱਚ ਇਕੱਠੇ ਹੋਏ। ਇੱਥੋਂ ਬਾਅਦ ਦੁਪਹਿਰ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਮੁੱਖ ਗੇਟ ਨੇੜੇ ਪੁੱਜ ਗਏ। ਪ੍ਰਦਰਸ਼ਨਕਾਰੀਆਂ ਨੇ ਜਿਉਂ ਹੀ ਨਾਕੇ ਤੋਂ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਨਾਲ ਕਾਫ਼ੀ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਈ। ਇਸ ਮਗਰੋਂ ਉਨ੍ਹਾਂ ਨੇ ਉਥੇ ਸੜਕ ’ਤੇ ਹੀ ਧਰਨਾ ਲਗਾ ਦਿੱਤਾ।
ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾਈ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ, ਅਮਨ ਸੇਖਾ, ਸੰਦੀਪ ਮੋਫ਼ਰ, ਗੁਰਪ੍ਰੀਤ ਸਿੰਘ ਪੱਕਾ ਅਤੇ ਨਿਰਮਲ ਮੋਗਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਰਤੀ ਕੈਲੰਡਰ ਲਾਗੂ ਕਰਨ ਅਤੇ ਉਮਰ ਹੱਦ ਵਿੱਚ ਛੋਟ ਦੇਣ ਦੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਪਰ ਲਗਪਗ ਪੌਣੇ ਚਾਰ ਸਾਲਾਂ ਦੌਰਾਨ ਸਿੱਖਿਆ ਵਿਚ ਐੱਨ ਟੀ ਟੀ, ਈ ਟੀ ਟੀ, ਮਾਸਟਰ ਕੇਡਰ, ਲੈਕਚਰਾਰ ਅਤੇ ਸਹਾਇਕ ਪ੍ਰੋਫੈਸਰਾਂ ਦੀ ਇੱਕ ਵੀ ਅਸਾਮੀ ਨਹੀਂ ਕੱਢੀ ਗਈ। ਭਾਵੇਂ ਸਿਹਤ ਵਿਭਾਗ ਵਿੱਚ ਮਾਮੂਲੀ ਅਸਾਮੀਆਂ ਭਰੀਆਂ ਹਨ ਪਰ ਉਮਰ ਹੱਦ ਵਿਚ ਛੋਟ ਦੇਣ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦਿਆਂ ਤੋਂ ਭੱਜ ਚੁੱਕੀ ਹੈ, ਜਿਸ ਕਾਰਨ ਹਰ ਵਰਗ ਵਿੱਚ ਭਾਰੀ ਰੋਸ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਭਰਤੀ ਕੀਤੀ ਜਾਵੇ, ਲੈਕਚਰਾਰ ਅਤੇ ਮਾਸਟਰ ਕੇਡਰ ਦੀਆਂ ਸਾਰੀਆਂ ਖਾਲੀ ਅਸਾਮੀਆਂ ਦਾ ਇਸ਼ਤਿਹਾਰ ਉਮਰ ਹੱਦ ਵਿਚ ਛੋਟ ਦੇ ਕੇ ਜਾਰੀ ਕੀਤਾ ਜਾਵੇ। ਇਸ ਮੌਕੇ ਮੋਰਚੇ ਦੇ ਆਗੂ ਗੁਰਿੰਦਰ ਸਿੰਘ, ਹਰਵਿੰਦਰ ਸਿੰਘ ਬਠਿੰਡਾ, ਨਰਿੰਦਰ ਸਿੰਘ ਮੁਕਤਸਰ, ਅਮਨਦੀਪ ਕੌਰ, ਰਾਜਵੀਰ ਕੌਰ, ਸ਼ਿੰਦਰਪਾਲ ਕੌਰ, ਸੰਦੀਪ ਕੌਰ ਆਦਿ ਮੌਜੂਦ ਸਨ।
ਪੰਜਾਬੀ ਟ੍ਰਿਬਯੂਨ