24 ਮਾਰਚ, 2025 – ਸੰਗਰੂਰ : ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਅੱਜ ਇੱਥੇ ਖਿੱਚ-ਧੂਹ ਹੋਈ। ਬੇਰੁਜ਼ਗਾਰਾਂ ਨੇ ਪੁਲੀਸ ਨਾਕੇਬੰਦੀ ਤੋਂ ਜਬਰੀ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਵੱਲੋਂ ਅੱਗੇ ਨਹੀਂ ਵਧਣ ਦਿੱਤਾ। ਰੋਹ ਵਿਚ ਆਏ ਬੇਰੁਜ਼ਗਾਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ ਅਤੇ ਰੋਸ ਧਰਨਾ ਦਿੰਦਿਆਂ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ।
ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ 23 ਮਾਰਚ ਦੇ ਸ਼ਹੀਦੀ ਦਿਹਾੜੇ ਮੌਕੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇਥੇ ਵੇਰਕਾ ਮਿਲਕ ਪਲਾਂਟ ਪਾਰਕ ਵਿਚ ਇਕੱਠੇ ਹੋਏ ਜਿਥੋਂ ਸ਼ਹੀਦਾਂ ਦੀਆਂ ਤਸਵੀਰਾਂ ਹੱਥਾਂ ਵਿਚ ਫੜ ਕੇ ਰੋਸ ਮਾਰਚ ਕਰਦੇ ਹੋਏ ਜਿਉਂ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਗੇਟ ’ਤੇ ਪੁੱਜੇ ਤਾਂ ਵੱਡੀ ਗਿਣਤੀ ’ਚ ਤਾਇਨਾਤ ਪੁਲੀਸ ਵੱਲੋਂ ਨਾਕੇਬੰਦੀ ਕਰਕੇ ਰੋਕ ਲਿਆ ਗਿਆ। ਇਸ ਦੌਰਾਨ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ। ਰੋਹ ਵਿਚ ਬੇਰੁਜ਼ਗਾਰਾਂ ਵੱਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕਦਿਆਂ ਰੋਸ ਧਰਨਾ ਦਿੱਤਾ ਗਿਆ।
ਇਸ ਮੌਕੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ,ਜਸਵੰਤ ਘੁਬਾਇਆ, ਰਮਨ ਕੁਮਾਰ ਮਲੋਟ, ਹਰਜਿੰਦਰ ਸਿੰਘ ਝੁਨੀਰ ਅਤੇ ਹਰਜਿੰਦਰ ਸਿੰਘ ਬੁਢਲਾਡਾ ਨੇ ਦੱਸਿਆ ਕਿ 2 ਮਾਰਚ ਦੇ ਰੋਸ ਪ੍ਰਦਰਸ਼ਨ ਮੌਕੇ ਸਥਾਨਕ ਪ੍ਰਸ਼ਾਸਨ ਨੇ 5 ਮਾਰਚ ਨੂੰ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਸੀ ਪਰ ਦੋ ਹਫ਼ਤੇ ਬੀਤਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਭਰਤੀ ਨਾ ਕੀਤੇ ਜਾਣ ਕਰਕੇ 5 ਹਜ਼ਾਰ ਦੇ ਲਗਪਗ ਟੈੱਟ ਪਾਸ ਅਧਿਆਪਕ ਉਮਰ ਦੀ ਨਿਰਧਾਰਤ ਹੱਦ ਪਾਰ ਕਰ ਚੁੱਕੇ ਹਨ ਅਤੇ ਦਸ ਹਜ਼ਾਰ ਦੇ ਲਗਪਗ ਹੋਰ ਅਧਿਆਪਕਾਂ ਵੱਲੋਂ ਪਾਸ ਕੀਤੇ ਟੈੱਟ ਦੀ ਮਿਆਦ ਖਤਮ ਹੋਣ ਵਾਲੀ ਹੈ।
ਉਨ੍ਹਾਂ ਮੰਗ ਕੀਤੀ ਕਿ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ’ਤੇ ਭਰਤੀ ਕੀਤੀ ਜਾਵੇ, ਮਾਸਟਰ ਕੇਡਰ, ਲੈਕਚਰਾਰ, ਮਲਟੀਪਰਪਜ਼ ਹੈਲਥ ਵਰਕਰ ਦੀ ਭਰਤੀ ਵਿਚ ਉਮਰ ਹੱਦ ਛੋਟ ਦਿੱਤੀ ਜਾਵੇ, ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫ਼ੀਸਦ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕੀਤੀ ਜਾਵੇ, ਆਰਟ ਐਂਡ ਕਰਾਫਟ ਦੀਆਂ 250 ਪੋਸਟਾਂ ਦੀ ਭਰਤੀ ਮੁਕੰਮਲ ਕੀਤੀ ਜਾਵੇ। ਲਿਖਤੀ ਪੇਪਰ ਤੁਰੰਤ ਲਿਆ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 8 ਅਪਰੈਲ ਨੂੰ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਕਰਾਉਣ ਦਾ ਲਿਖਤੀ ਭਰੋਸਾ ਦੇਣ ਤੋਂ ਬਾਅਦ ਬੇਰੁਜ਼ਗਾਰਾਂ ਵੱਲੋਂ ਰੋਸ ਪ੍ਰਦਰਸ਼ਨ ਸਮਾਪਤ ਕੀਤਾ ਗਿਆ।
ਪੰਜਾਬੀ ਟ੍ਰਿਬਯੂਨ
test