ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਬਾਹਰ ਆਮ ਆਦਮੀ ਕਲੀਨਿਕ ਕਰਮਚਾਰੀਆਂ ਦਾ ਹੱਲਾ–ਬੋਲ, ਪੁਲਿਸ ਨਾਲ ਜ਼ਬਰਦਸਤ ਧੱਕਾ–ਮੁੱਕੀ
26 ਨਵੰਬਰ, 2026 – ਸੰਗਰੂਰ: ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਬੈਨਰ ਹੇਠ ਪੰਜਾਬ ਭਰ ਤੋਂ ਪਹੁੰਚੇ ਕਰਮਚਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਉਠਾਈ।
“ਸਾਡੀ ਨੌਕਰੀ ਦੀ ਕੋਈ ਸੁਰੱਖਿਆ ਨਹੀਂ। ਇੱਕ ਦਿਹਾੜੀਦਾਰ ਦੀ ਤਰ੍ਹਾਂ ਸਾਨੂੰ ਨੌਕਰੀ ’ਤੇ ਰੱਖਿਆ ਗਿਆ ਹੈ। ਦਿੱਲੀ ਵਿੱਚ ਆਮ ਆਦਮੀ ਦੀ ਸਰਕਾਰ ਵੱਲੋਂ ਕਲੀਨਿਕਾਂ ਵਿੱਚ ਮੁਲਾਜ਼ਮ ਰੱਖ ਗਏ ਸਨ ਅਤੇ ਸਰਕਾਰ ਬਦਲਣ ’ਤੇ ਉਨ੍ਹਾਂ ਨੂੰ ਕੱਢ ਦਿੱਤਾ ਗਿਆ ਸੀ। ਇੱਥੇ 5-6 ਹਜ਼ਾਰ ਮੁਲਾਜ਼ਮ ਕੰਮ ਕਰ ਰਿਹਾ ਹੈ।ਸਾਰਿਆਂ ਦੀ ਨੌਕਰੀ ਦੀ ਕੋਈ ਗਾਰੰਟੀ ਨਹੀਂ। ਸਾਡੀ ਨੌਕਰੀ ਸੁਰੱਖਿਅਤ ਕੀਤੀ ਜਾਵੇ।ਜੇ ਮੰਗਾਂ ਦਾ ਹੱਲ ਨਾ ਹੋਇਆ ਤਾਂ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ।”–ਪ੍ਰਦਰਸ਼ਨਕਾਰੀ
ਪੁਲਿਸ ਅਤੇ ਕਰਮਚਾਰੀਆਂ ਵਿਚਾਲੇ ਜ਼ਬਰਦਸਤ ਧੱਕਾ–ਮੁੱਕੀ
ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਕਰਮਚਾਰੀਆਂ ਵਿਚਾਲੇ ਜ਼ਬਰਦਸਤ ਧੱਕਾ-ਮੁੱਕੀ ਦੇਖਣ ਨੂੰ ਮਿਲੀ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਸੜਕ ‘ਤੇ ਡਿੱਗ ਪਏ ਜਦਕਿ ਕਈ ਮਹਿਲਾ ਕਰਮਚਾਰੀਆਂ ਨੂੰ ਸੱਟਾਂ ਲੱਗਣ ਦੀ ਗੱਲ ਸਾਹਮਣੇ ਆਈ ਹੈ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਸਾਹਮਣੇ ਆਵਾਜ਼ ਉਠਾ ਰਹੇ ਹਨ ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ।
ਮਾਣਭੱਤਾ ਵਧਾਉਣ ਦੀ ਮੰਗ
ਕਰਮਚਾਰੀਆਂ ਦੀ ਮੁੱਖ ਮੰਗ ਹੈ ਕਿ ਕੰਪ੍ਰੀਹੈਂਸਿਵ ਪ੍ਰਾਇਮਰੀ ਹੈਲਥ ਸਕੀਮ ਤਹਿਤ ਕੰਮ ਕਰ ਰਹੇ ਆਮ ਆਦਮੀ ਕਲੀਨਿਕ ਕਰਮਚਾਰੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਯਮਤ ਕੀਤਾ ਜਾਵੇ। ਇਸ ਤੋਂ ਇਲਾਵਾ ਪਿਛਲੇ ਚਾਰ ਸਾਲਾਂ ਤੋਂ ਮਾਣ-ਭੱਤੇ ਵਿੱਚ ਵਾਧਾ ਨਾ ਹੋਣ ਦਾ ਹਵਾਲਾ ਦਿੰਦਿਆਂ ਮੈਡੀਕਲ ਅਫ਼ਸਰ ਦੇ ਮਾਣ-ਭੱਤੇ ਵਿੱਚ 60 ਰੁਪਏ, ਫਾਰਮਾਸਿਸਟ ਦੇ ਮਾਣ-ਭੱਤੇ ਵਿੱਚ 30 ਰੁਪਏ ਅਤੇ ਕਲੀਨਿਕ ਅਸਿਸਟੈਂਟ ਦੇ ਮਾਣ-ਭੱਤੇ ਵਿੱਚ 25 ਰੁਪਏ ਦੇ ਵਾਧੇ ਦੀ ਮੰਗ ਕੀਤੀ ਗਈ ਹੈ।
ਪ੍ਰਦਰਸ਼ਨਕਾਰੀਆਂ ਦੀ ਕੀ ਨੇ ਮੰਗਾਂ ?
ਪ੍ਰਦਰਸ਼ਨਕਾਰੀਆਂ ਨੇ ਐਤਵਾਰ ਅਤੇ ਸਰਕਾਰੀ ਛੁੱਟੀਆਂ ਲਈ ਪੂਰੀ ਅਦਾਇਗੀ, ਹਰੇਕ ਕਲੀਨਿਕ ਵਿੱਚ ਰੋਜ਼ਾਨਾ ਘੱਟੋ-ਘੱਟ 75 ਬਾਹਰੀ ਮਰੀਜ਼ਾਂ (OPD) ਦੇ ਆਉਣ ਦੀ ਗਾਰੰਟੀ, ਅਤੇ ਸਟਾਫ਼ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਿਹਤ ਤੇ ਦੁਰਘਟਨਾ ਬੀਮਾ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਅਧੀਨ ਕੰਮ ਕਰ ਰਹੇ ਕਰਮਚਾਰੀਆਂ ਲਈ ਵਾਧੂ ਪ੍ਰੋਤਸਾਹਨਾਂ ਦੀ ਮੰਗ ਵੀ ਕੀਤੀ ਹੈ। ਸਟਾਫ਼ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ‘ਤੇ ਤੁਰੰਤ ਧਿਆਨ ਨਾ ਦਿੱਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ETV BHARAT