ਮੋਗਾ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ’ਆਪ’ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇਵਾਲਾ ਵੱਲੋਂ ‘ਆਪ’ ਛੱਡਣ ਮਗਰੋਂ ਜ਼ਿਲ੍ਹੇ ਦੇ ਹੋਰ ਆਗੂ ਤੇ ਮੁਲਾਜ਼ਮ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਵੀ ‘ਆਪ’ ਦੇ ਸਾਰੇ…
10 ਮਾਰਚ, 2026 – ਮੋਗਾ : ਮੋਗਾ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ’ਆਪ’ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਜੀਤ ਸਿੰਘ ਦੀਦਾਰੇਵਾਲਾ ਵੱਲੋਂ ‘ਆਪ’ ਛੱਡਣ ਮਗਰੋਂ ਜ਼ਿਲ੍ਹੇ ਦੇ ਹੋਰ ਆਗੂ ਤੇ ਮੁਲਾਜ਼ਮ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਵੀ ‘ਆਪ’ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਬਜਟ ਸੈਸ਼ਨ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਖ਼ਿਲਾਫ਼ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਸਰਕਾਰ ਵੱਲੋਂ ਵਾਅਦਾ ਪੂਰਾ ਕਰਨ ਤੋਂ ਟਾਲ ਮਟੋਲ ਦੀ ਨੀਤੀ ਖ਼ਿਲਾਫ਼ ਉਨ੍ਹਾਂ ’ਆਪ’ ਦੇ ਸਾਰੇ ਅਹੁਦੇ ਛੱਡ ਦਿੱਤੇ ਹਨ। ਉਨ੍ਹਾਂ ਨੂੰ ਸਰਕਾਰ ਨੇ ਗਮਾਡਾ ਪੰਜਾਬ ਦੇ ਡਾਇਰੈਕਟਰ ਅਤੇ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਦਾ ਕੋਆਰਡੀਨੇਟਰ ਲਗਾਇਆ ਸੀ। ਉਹ ਐਲੀਮੈਂਟਰੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ‘ਆਪ’ ਤੋਂ ਅਸਤੀਫ਼ਾ ਦੇਣ ਬਾਰੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਸਾਂਝੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੁਲੀਸ ਵੱਲੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ’ਤੇ ਜਬਰ ਕੀਤਾ ਗਿਆ ਹੈ, ਜੋ ਬਹੁਤ ਹੀ ਨਿੰਦਣਯੋਗ ਹੈ। ਇਸ ਕਾਰਨ ਉਹ ਹੁਣ ਆਮ ਆਦਮੀ ਪਾਰਟੀ ਨਾਲ ਜੁੜੇ ਕਿਸੇ ਵੀ ਅਹੁਦੇ ’ਤੇ ਰਹਿਣਾ ਠੀਕ ਨਹੀਂ ਸਮਝਦੇ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਮੇਤ ਕਈ ਵਾਅਦੇ ਕੀਤੇ ਸਨ ਅਤੇ ਕੰਧਾਂ ’ਤੇ ਬੋਰਡ ਲਗਾ ਕੇ ਇਸ ਦੀ ਖੂਬ ਇਸ਼ਤਿਹਾਰਬਾਜ਼ੀ ਕੀਤੀ ਗਈ ਸੀ ਪਰ ਸਰਕਾਰ ਬਣਨ ਤੋਂ ਬਾਅਦ ਵੀ ਅਜੇ ਤੱਕ ਇਹ ਵਾਅਦੇ ਪੂਰੇ ਨਹੀਂ ਹੋਏ।
ਪੰਜਾਬੀ ਟ੍ਰਿਬਯੂਨ