ਪੱਕਾ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖਾਹ ਅਤੇ ਆਊਟਸੋਰਸ ਭਰਤੀ ਦੇ ਵਿਰੋਧ ’ਚ ਮੁਲਾਜ਼ਮਾਂ ਨੇ ਸਰਕਾਰ ਨੂੰ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚਿਤਾਵਨੀ।
01 ਸਤੰਬਰ, 2026 – ਪਟਿਆਲਾ: ਸਿਹਤ ਵਿਭਾਗ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਉਨ੍ਹਾਂ ਨੂੰ ਪੱਕਾ ਕਰਨ, ਬਰਾਬਰ ਕੰਮ ਲਈ ਬਰਾਬਰ ਤਨਖਾਹ ਦੇਣ ਅਤੇ ਆਊਟਸੋਰਸ ਤੇ ਕਾਂਟਰੈਕਟ ਭਰਤੀ ਦੀ ਨੀਤੀ ’ਤੇ ਸਵਾਲ ਚੁੱਕੇ।
ਧਰਨੇ ਦੌਰਾਨ ਸਿਹਤ ਵਿਭਾਗ ਦੇ ਮੁਲਾਜ਼ਮ ਆਗੂ ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ “ਕੱਚੇ ਮੁਲਾਜ਼ਮ ਲੰਬੇ ਸਮੇਂ ਤੋਂ ਮਹਿਜ਼ ਕਰੀਬ 10 ਹਜ਼ਾਰ ਰੁਪਏ ਦੀ ਤਨਖਾਹ ’ਤੇ ਕੰਮ ਕਰਨ ਲਈ ਮਜ਼ਬੂਰ ਹਨ। ਇੱਕ ਪਾਸੇ ਸਰਕਾਰ ਸਰਕਾਰੀ ਰੁਜ਼ਗਾਰ ਨੂੰ ਖ਼ਤਮ ਕਰਕੇ ਆਊਟਸੋਰਸ ਅਤੇ ਕਾਂਟਰੈਕਟ ਭਰਤੀ ਨੂੰ ਉਤਸ਼ਾਹਿਤ ਕਰ ਰਹੀ ਹੈ। ਜਦਕਿ ਦੂਜੇ ਪਾਸੇ ਇਹੀ ਕੱਚੇ ਮੁਲਾਜ਼ਮ ਧੁੱਪ ਅਤੇ ਗਰਮੀ ਵਿੱਚ ਸੜਕਾਂ ’ਤੇ ਬੈਠ ਕੇ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜਬੂਰ ਹਨ।”
“ਸਿਹਤ ਵਿਭਾਗ ਵਿੱਚ 10 ਹਜ਼ਾਰ ਤੋਂ ਵੱਧ ਮੁਲਾਜ਼ਮ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਜਦਕਿ ਕੁਝ ਸ਼੍ਰੇਣੀਆਂ ਦੇ ਮੁਲਾਜ਼ਮਾਂ ਨੂੰ ਹੀ ਸਰਕਾਰ ਵੱਲੋਂ ਪੱਕਾ ਕਰਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤਾ ਗਿਆ ਹੈ। ਪਰ ਬਾਕੀ ਮੁਲਾਜ਼ਮਾਂ ਦਾ ਕੀ ਹੋਵੇਗਾ? ਬਰਾਬਰ ਕੰਮ ਲਈ ਬਰਾਬਰ ਤਨਖਾਹ ਦੀ ਮੰਗ ਵੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਕਈ ਮੁਲਾਜ਼ਮ ਘੱਟ ਤਨਖਾਹ ’ਤੇ ਉਹੀ ਕੰਮ ਕਰ ਰਹੇ ਹਨ, ਜਦਕਿ ਉਨ੍ਹਾਂ ਦੇ ਮੁਕਾਬਲੇ ਸਰਕਾਰੀ ਅਧਿਕਾਰੀਆਂ ਅਤੇ ਪੱਕੇ ਮੁਲਾਜ਼ਮਾਂ ਨੂੰ ਕਿਤੇ ਵੱਧ ਤਨਖਾਹ ਮਿਲ ਰਹੀ ਹੈ।“-ਗੁਰਜਿੰਦਰ ਸਿੰਘ ਔਲਖ, ਮੁਲਾਜ਼ਮ ਆਗੂ ਸਿਹਤ ਵਿਭਾਗ
“ਸਰਕਾਰ ਅਤੇ ਅਧਿਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੇ“
ਮੁਲਾਜ਼ਮ ਆਗੂ ਨੇ ਕਿਹਾ ਕਿ “ਸਰਕਾਰ ਵੱਲੋਂ ਬਣਾਈਆਂ ਗਈਆਂ ਨੀਤੀਆਂ ਅਤੇ ਬਿੱਲਾਂ ਵਿੱਚ ਸੋਧ ਕਰਕੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕਦਾ ਹੈ, ਪਰ ਸਰਕਾਰ ਅਤੇ ਅਧਿਕਾਰੀ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਗੰਭੀਰਤਾ ਨਾਲ ਧਿਆਨ ਨਹੀਂ ਦੇ ਰਹੇ। ਪਹਿਲਾਂ ਮੁਲਾਜ਼ਮਾਂ ਵੱਲੋਂ ਧਰਨਾ ਦੇਣ ਤੋਂ ਬਾਅਦ ਰੋਸ ਮਾਰਚ ਅਤੇ ਸਿਹਤ ਮੰਤਰੀ ਦਾ ਪੁਤਲਾ ਫੂਕਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਸੀ। ਹਾਲਾਂਕਿ ਪ੍ਰਸ਼ਾਸਨ ਵੱਲੋਂ ਗੱਲਬਾਤ ਦੀ ਅਪੀਲ ਕੀਤੇ ਜਾਣ ਤੋਂ ਬਾਅਦ ਮੁਲਾਜ਼ਮਾਂ ਨੇ ਕੁਝ ਸਮੇਂ ਲਈ ਇਹ ਪ੍ਰੋਗਰਾਮ ਰੋਕ ਦਿੱਤਾ।”
ਮੁਲਾਜ਼ਮਾਂ ਦੀ ਚਿਤਾਵਨੀ
ਗੁਰਜਿੰਦਰ ਸਿੰਘ ਔਲਖ ਨੇ ਕਿਹਾ ਕਿ “ਜੇਕਰ ਸਰਕਾਰ ਵੱਲੋਂ ਮੀਟਿੰਗ ਲਈ ਲਿਖਤੀ ਪੱਤਰ ਅਤੇ ਠੋਸ ਭਰੋਸਾ ਦਿੱਤਾ ਜਾਂਦਾ ਹੈ ਤਾਂ ਮੁਲਾਜ਼ਮ ਅੱਗੇ ਦੀ ਰਣਨੀਤੀ ’ਤੇ ਵਿਚਾਰ ਕਰਨਗੇ।” ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ETV BHARAT