ਵਿਜੀਲੈਂਸ ਨੇ ਜਾਲ ਵਿਛਾ ਕੇ ਰੰਗੇ ਹੱਥੀਂ ਫੜ੍ਹਿਆ
ਵਿਜੀਲੈਂਸ ਬਿਊਰੋ ਨੇ ਦੋ SDO ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ।
18 ਮਈ, 2026 – ਲੁਧਿਆਣਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, PSPCL ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, SDO ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਪ੍ਰਿੰਸ ਨਿਝਾਵਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
‘ਦੋ ਫਾਈਲਾਂ ਬਦਲੇ ਮੰਗੀ 20 ਹਜ਼ਾਰ ਰਿਸ਼ਵਤ‘
ਬੁਲਾਰੇ ਨੇ ਦੱਸਿਆ ਕਿ, ‘ਸ਼ਿਕਾਇਤਕਰਤਾ ਸੋਲਰ ਸਿਸਟਮ ਲਗਾਉਣ ਦਾ ਕੰਮ ਕਰਦਾ ਹੈ। ਉਸ ਨੇ ਵੱਖ–ਵੱਖ ਥਾਵਾਂ ‘ਤੇ 02 ਸੋਲਰ ਸਿਸਟਮ ਲਗਾਏ ਸਨ। PSPCL ਵੱਲੋਂ ਇਨ੍ਹਾਂ ਸੋਲਰ ਸਿਸਟਮਾਂ ਦਾ ਨਿਰੀਖਣ ਕੀਤਾ ਜਾਣਾ ਸੀ ਅਤੇ ਫਿਰ ਉਨ੍ਹਾਂ ‘ਤੇ ਮੀਟਰ ਲਗਾਉਣੇ ਸਨ। ਇਸ ਸਬੰਧੀ ਮੁਲਜ਼ਮ SDO ਜਸਕਨਵਰਪ੍ਰੀਤ ਸਿੰਘ, SDO ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੇ ਨਿਰੀਖਣ ਅਤੇ ਅੰਦਾਜ਼ਾ ਰਿਪੋਰਟ ਤਿਆਰ ਕਰਨ ਬਦਲੇ ਹਰੇਕ ਫਾਈਲ ਲਈ 10,000 ਰੁਪਏ ਭਾਵ 02 ਫਾਈਲਾਂ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ।‘
‘ਜਾਲ ਵਿਛਾ ਕੇ ਕੀਤਾ ਕਾਬੂ‘
ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
‘ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ‘
ਇਸ ਸਬੰਧੀ ਉਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ETV BHARAT